ਮੁੱਖ ਮੰਤਰੀ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਭਲਕੇ ਤੋਂ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼
ਦੁਕਾਨਾਂ ਸ਼ਾਮ ਛੇ ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ, ਪ੍ਰਾਈਵੇਟ ਦਫਤਰ 50 ਫੀਸਦੀ ਸਟਾਫ ਨਾਲ ਕੰਮ ਕਰ ਸਕਦੇ, ਵਿਆਹ/ਸਸਕਾਰ ਸਮੇਤ ਇਕੱਠਾਂ ‘ਤੇ 20 ਜਣਿਆਂ ਦੀ ਇਜਾਜ਼ਤ
ਭਰਤੀ ਪ੍ਰੀਖਿਆ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਪ੍ਰਵਾਨਗੀ ਦਿੱਤੀ
ਜਿੰਮ/ਰੈਸਟੋਰੈਂਟ ਇਕ ਹਫਤੇ ਬਾਅਦ 50 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ, ਮਾਲਕਾਂ/ਕਾਮਿਆਂ ਨੂੰ ਟੀਕੇ ਲਗਾਉਣ ਨੂੰ ਆਖਿਆ
ਚੰਡੀਗੜ੍ਹ, 7 ਜੂਨ
ਸੂਬੇ ਵਿੱਚ ਅਨਲੌਕ ਪ੍ਰਕਿਰਿਆ ਸਬੰਧੀ ਦਰਜਾਵਾਰ ਪਹੁੰਚ ਅਪਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਉਣ ਦੇ ਆਦੇਸ਼ ਦਿੱਤੇ। ਇਨ੍ਹਾਂ ਛੋਟਾਂ ਵਿੱਚ ਸ਼ਾਮ ਛੇ ਵਜੇ ਤੱਕ ਦੁਕਾਨਾਂ ਖੋਲ੍ਹਣ ਅਤੇ ਪ੍ਰਾਈਵੇਟ ਦਫਤਰ 50 ਫੀਸਦੀ ਸਮਰੱਥਾ ਨਾਲ ਖੋਲ੍ਹਣੇ ਸ਼ਾਮਲ ਹਨ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਤ ਦਾ ਕਰਫਿਊ ਸ਼ਨਿਚਰਵਾਰ ਸਮੇਤ ਹਫਤੇ ਦੇ ਦਿਨਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ ਪਰ ਐਤਵਾਰ ਨੂੰ ਰੈਗੂਲਰ ਵੀਕੈਂਡ ਕਰਫਿਊ ਜਾਰੀ ਰਹੇਗਾ।
ਪਾਜ਼ੇਟਿਵ ਦਰ 3.2 ਫੀਸਦੀ ਤੱਕ ਡਿੱਗਣ ਅਤੇ ਐਕਟਿਵ ਕੇਸਾਂ ਦੇ ਘਟਣ ਦੇ ਚੱਲਦਿਆਂ ਮੁੱਖ ਮੰਤਰੀ ਨੇ ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿੱਚ 20 ਵਿਅਕਤੀਆਂ ਦੀ ਆਗਿਆ ਦੇ ਦਿੱਤੀ। ਸੂਬੇ ਵਿੱਚ ਆਉਣ ਵਾਲਿਆਂ ਲਈ ਦਾਖਲੇ ਦੀਆਂ ਰੋਕਾਂ (ਨੈਗੇਟਿਵ ਕੋਵਿਡ ਟੈਸਟ/ਟੀਕਾਕਰਨ) ਨੂੰ ਖਤਮ ਕਰ ਦਿੱਤਾ ਗਿਆ ਹੈ।
ਸਮਾਜਿਕ ਵਿੱਥ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਨਾਲ ਭਰਤੀ ਪ੍ਰੀਖਿਆਵਾਂ ਦੀ ਪ੍ਰਵਾਨਗੀ ਦੇ ਦਿੱਤੀ ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਆਨਲਾਈਨ ਤਰੀਕੇ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਵੀ ਆਗਿਆ ਦੇ ਦਿੱਤੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਆਖਿਆ ਗਿਆ ਕਿ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਜਿਨ੍ਹਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਮੰਤਰੀਆਂ, ਸੀਨੀਅਰ ਪੁਲਿਸ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਅਤੇ ਸਿਹਤ ਮਾਹਿਰਾਂ ਨਾਲ ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਕਿਹਾ ਕਿ ਸਥਾਨਕ ਸਥਿਤੀ ਦੇ ਆਧਾਰ ਉਤੇ ਵੀਕੈਂਡ ਸਮੇਤ ਹੋਰਨਾਂ ਦਿਨਾਂ ਲਈ ਗੈਰ ਜ਼ਰੂਰੀ ਦੁਕਾਨਾਂ ਖੋਲ੍ਹਣੀਆਂ ਨਿਰਧਾਰਤ ਕੀਤੀਆਂ ਜਾ ਸਕਦੀਆਂ ਪਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ ਤੋਂ ਬਚਣ ਲਈ ਭੀੜ ਨੂੰ ਟਾਲਿਆ ਜਾਵੇ। ਸਰਕਾਰੀ ਦਫਤਰਾਂ ਬਾਰੇ ਉਨ੍ਹਾਂ ਕਿਹਾ ਕਿ ਸਬੰਧਤ ਦਫਤਰ ਦਾ ਮੁਖੀ ਹਾਜ਼ਰੀ ਬਾਰੇ ਫੈਸਲਾ ਲੈ ਸਕਦਾ ਹੈ ਪਰ ਜੋਖਮ ਕਾਰਨ ਸਹਿ ਬਿਮਾਰੀ/ਦਿਵਿਆਂਗ ਕਰਮਚਾਰੀਆਂ ਨੂੰ ਛੋਟ ਦਿੱਤੀ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਜੀਤਿਆਂ ਦੇ ਆਧਾਰ ਉਤੇ ਜੇ ਕੋਸਾਂ ਵਿੱਚ ਗਿਰਾਵਟ ਜਾਰੀ ਰਹੀ ਤਾਂ ਹੋਰ ਛੋਟਾਂ ਆਉਣ ਵਾਲੇ ਹਫਤਿਆਂ ਵਿੱਚ ਦਿੱਤੀਆਂ ਜਾਣਗੀਆਂ। ਮਾਹਿਰਾਂ ਦੀ ਸਲਾਹ ਅਨੁਸਾਰ ਹੋਰ ਸਥਿਤੀਆਂ ਨੂੰ ਦੇਖਦਿਆਂ ਜੇ ਹੋਰ ਸੁਧਾਰ ਹੋਇਆ ਤਾਂ ਇਕ ਹਫਤੇ ਬਾਅਦ ਜਿੰਮ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਜਿੰਮ ਅਤੇ ਰੈਸਟੋਰੈਂਟ ਦੇ ਮਾਲਕਾਂ ਤੇ ਕਾਮਿਆਂ ਨੂੰ ਖੋਲ੍ਹਣ ਤੋਂ ਪਹਿਲਾਂ ਟੀਕਾਕਰਨ ਲਗਾ ਲੈਣ।
ਮੁੱਖ ਮੰਤਰੀ ਨੇ ਕਿਹਾ ਕਿ ਕੇਸਾਂ ਵਿੱਚ ਗਿਰਾਵਟ ਅਤੇ ਟੈਸਟਾਂ ਵਿੱਚ ਵਾਧੇ ਦੇ ਬਾਵਜੂਦ ਪੰਜਾਬ ਅਵੇਸਲੇ ਹੋਣ ਦਾ ਖਤਰਾ ਮੁੱਲ ਨਹੀਂ ਲੈ ਸਕਦਾ। ਉਨ੍ਹਾਂ ਕਿਹਾ ਕਿ ਵਾਇਰਸ ਦਾ ਬਦਲਦਾ ਸਰੂਪ ਚਿੰਤਾ ਦਾ ਵਿਸ਼ਾ ਹੈ ਹਾਲਾਂਕਿ ਕੋਵਿਡ ਮੌਤ ਦਰ (ਸੀ.ਐਫ.ਆਰ.) ਪਹਿਲੀ ਲਹਿਰ ਨਾਲੋਂ ਘੱਟ ਹੈ।
ਮੁੱਖ ਮੰਤਰੀ ਨੇ ਪਿੰਡਾਂ ਵਿੱਚ ਕਰੋਨਾ ਮੁਕਤ ਪੇਂਡੂ ਅਭਿਆਨ ਦੀ ਰਫ਼ਤਾਰ ‘ਤੇ ਤਸੱਲੀ ਪ੍ਰਗਟ ਕੀਤੀ ਜਿੱਥੇ ਕਿ 1.5 ਕਰੋੜ ਵਿਅਕਤੀਆਂ (37 ਲੱਖ ਘਰਾਂ) ਨੂੰ ਪਹਿਲਾਂ ਹੀ ਸਕਰੀਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ 5889 ਪਾਜ਼ੇਟਿਵ ਮਰੀਜ਼ਾਂ ਦੀ ਪਛਾਣ ਹੋਈ ਹੈ ਜਿਨ੍ਹਾਂ ਨੂੰ ਪ੍ਰੋਟੋਕਾਲ ਅਨੁਸਾਰ ਮਦਦ ਮੁਹੱਈਆ ਕਰਵਾਈ ਗਈ ਹੈ। ਹਫ਼ਤੇ ਦਰ ਹਫ਼ਤੇ ਦੀ ਪਾਜ਼ੇਟਿਵਿਟੀ ਦਰ 9 ਫੀਸਦੀ ਤੋਂ ਘੱਟ ਕੇ ਮਹਿਜ 3 ਫੀਸਦੀ ਰਹਿ ਗਈ ਹੈ। ਉਨ੍ਹਾਂ ਹਾਲਾਂਕਿ ਇਹ ਵੀ ਕਿਹਾ ਕਿ ਸਕਰੀਨਿੰਗ ਅਤੇ ਟੈਸਟਿੰਗ ਪ੍ਰਕਿਰਿਆਵਾਂ ਨੂੰ ਮਜ਼ਬੂਤ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਨੂੰ ਮਹਾਂਮਾਰੀ ਤੋਂ ਨਿਜਾਤ ਮਿਲ ਸਕੇ।
ਬਲੈਕ ਫੰਗਸ (ਮਿਊਕੋਰਮਾਈਕੌਸਿਸ) ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਵਿੱਚ ਮਿਊਕੋਰਮਾਈਕੌਸਿਸ ਦੇ 381 ਮਾਮਲੇ ਹਨ ਜਿਨ੍ਹਾਂ ਵਿਚੋਂ 38 ਠੀਕ ਹੋ ਚੁੱਕੇ ਹਨ ਜਦੋਂ ਕਿ 265 ਇਲਾਜ ਅਧੀਨ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਲਾਜ ਲਈ ਦਵਾਈਆਂ ਭਰਪੂਰ ਮਾਤਰਾ ਵਿੱਚ ਮੌਜੂਦ ਹਨ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਦੀ ਸਪਲਾਈ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋੜੀਂਦੀਆਂ ਦਵਾਈਆਂ ਦੀ ਸੂਬੇ ਵਿੱਚ ਕੋਈ ਘਾਟ ਨਹੀਂ ਹੈ। ਮਾਮਲਿਆਂ ਨੂੰ ਚੰਗੀ ਤਰ੍ਹਾਂ ਸਾਂਭਣ ਲਈ ਮੁੱਖ ਮੰਤਰੀ ਨੇ ਵਿਭਾਗਾਂ ਨੂੰ ਟੈਸਟਿੰਗ ਦਾ ਸਮਾਂ ਘਟਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕੋਵਿਡ ਤੋਂ ਬਾਅਦ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਡੂੰਘਾਈ ਨਾਲ ਅਧਿਐਨ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਦੇ ਬਿਹਤਰ ਢੰਗ ਨਾਲ ਇਲਾਜ ਨੂੰ ਲੱਭਿਆ ਜਾ ਸਕੇ। ਇਸ ਸਬੰਧ ਵਿੱਚ ਉਨ੍ਹਾਂ ਉਡਣਾ ਸਿੱਖ ਮਿਲਖਾ ਸਿੰਘ ਦੀ ਮਿਸਾਲ ਦਿੱਤੀ ਜਿਨ੍ਹਾਂ ਨੂੰ ਕੋਵਿਡ ਤੋਂ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਫਿਰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਿਆ ਗਿਆ ਹੈ ਕਿ ਪਟਿਆਲਾ ਦੇ ਹਸਪਤਾਲਾਂ ਦੇ 20 ਫੀਸਦੀ ਮਰੀਜ਼ ਉਹ ਹਨ ਜਿਨ੍ਹਾਂ ਨੂੰ ਠੀਕ ਹੋਣ ਮਗਰੋਂ ਦੁਬਾਰਾ ਭਰਤੀ ਕਰਵਾਉਣਾ ਪਿਆ।
ਪੰਜਾਬ ਦੇ ਕੋਵਿਡ ਮਾਹਿਰ ਸਮੂਹ ਦੇ ਮੁਖੀ ਡਾ. ਕੇ.ਕੇ.ਤਲਵਾੜ ਨੇ ਮੀਟਿੰਗ ਮੌਕੇ ਦੱਸਿਆ ਕਿ 30 ਫੀਸਦੀ ਕੋਵਿਡ ਮਰੀਜ਼ ਕੋਵਿਡ ਤੋਂ ਠੀਕ ਹੋਣ ਤੋਂ ਬਾਅਦ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਵਿੱਚ ਲੱਛਣ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਠੀਕ ਹੋਣ ਲਈ ਤਕਰੀਬਨ ਤਿੰਨ ਮਹੀਨੇ ਦਾ ਸਮਾਂ ਲੱਗ ਰਿਹਾ ਹੈ ਇਸ ਲਈ ਉਨ੍ਹਾਂ ਦੀ ਸਖਤ ਨਿਗਰਾਨੀ ਕਰਨ ਦੀ ਲੋੜ ਹੈ।