ਠੇਕਾ ਮੁਲਾਜ਼ਮਾਂ ਨੂੰ ਜਲਦ ਪੱਕਾ ਕਰੇਗੀ ਸੂਬਾ ਸਰਕਾਰ: ਮਨਪ੍ਰੀਤ ਸਿੰਘ ਬਾਦਲ
75ਵੇਂ ਸੁਤੰਤਰਤਾ ਦਿਵਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲਹਿਰਾਇਆ ਕੌਮੀ ਝੰਡਾ
ਕਿਹਾ, ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ
ਤਿਰੰਗੇ ਚ ਸ਼ਹੀਦਾਂ ਦਾ ਖੂਨ ਸ਼ਾਮਲ
ਠੇਕਾ ਮੁਲਾਜ਼ਮਾਂ ਨੂੰ ਜਲਦ ਪੱਕਾ ਕਰੇਗੀ ਸੂਬਾ ਸਰਕਾਰ
ਬਠਿੰਡਾ, 15 ਅਗਸਤ : ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਵਿੱਤ ਮੰਤਰੀ ਪੰਜਾਬ, ਸ. ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਸਰਕਾਰੀ ਰਾਜਿੰਦਰਾ ਕਾਲਜ ਚ ਸਥਿਤ ਹਾਕੀ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਇਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਉਨ੍ਹਾਂ ਨੇ ਪੰਜਾਬ ਪੁਲਿਸ, ਅਨੁਸ਼ਾਸਤ ਫੋਰਸ ਦੇ ਜਵਾਨਾਂ, ਪੰਜਾਬ ਹੋਮਗਾਰਡ, ਐਨਸੀਸੀ, ਸਕਾਊਟ ਐਡ ਗਾਈਡਜ਼ ਦੀਆਂ ਵੱਖ-ਵੱਖ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਉਨਾਂ ਨਾਲ ਇੰਸਪੈਕਟਰ ਜਨਰਲ ਸ. ਜਸਕਰਨ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਤੇ ਜ਼ਿਲਾ ਪੁਲਿਸ ਮੁਖੀ ਸ. ਭੁਪਿੰਦਰ ਜੀਤ ਸਿੰਘ ਵਿਰਕ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਬਾਦਲ ਨੇ ਆਜ਼ਾਦੀ ਦੇ ਸੰਗਰਾਮ ਵਿਚ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਮਹਾਨ ਸੂਰਬੀਰ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਦਾ ਦੀਵਾ ਐਵੇਂ ਨੀ ਰੌਸ਼ਨ ਹੋਇਆ ਸਗੋਂ ਲੰਮੇ ਪੈਂਡ੍ਹੇ ਤੈਹ ਕਰਕੇ ਅਤੇ ਲੱਖਾਂ ਸ਼ਹੀਦਾਂ ਨੇ ਸ਼ਹਾਦਤ ਦਾ ਜਾਮ ਪੀ ਕੇ ਫ਼ੇਰ ਆਜਾਦੀ ਪ੍ਰਾਪਤ ਕੀਤੀ ਹੈ, ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਸਾਰੇ ਆਜ਼ਾਦੀ ਦਾ ਆਨੰਦ ਮਾਣ ਕੇ ਦੇਸ਼ ਦੀਆਂ ਆਜ਼ਾਦ ਫਿਜ਼ਾਵਾਂ ਵਿਚ ਸੁੱਖ ਦਾ ਸਾਹ ਲੈ ਰਹੇ ਹਾਂ।
ਸ. ਬਾਦਲ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਦੀ ਕੋਈ ਕੀਮਤ ਨਹੀਂ ਅਤੇ ਗੁਲਾਮੀ ਤੋਂ ਵੱਡੀ ਇਸ ਦੁਨੀਆਂ ਤੇ ਕੋਈ ਲਾਹਨਤ ਨਹੀਂ। ਇਸ ਮੌਕੇ ਕੌਮੀ ਤਿੰਰਗੇ ਨੂੰ ਸਲਾਮੀ ਦੇਣ ਲਈ ਭਾਰੀ ਗਿਣਤੀ ਵਿਚ ਪਹੁੰਚੇ ਬਠਿੰਡਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਵੀ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਇੰਨੀਂ ਤਾਦਾਦ ਵਿਚ ਸ਼ਹਿਰ ਵਾਸੀ ਪਹੁੰਚੇ ਹਨ।
ਇਸ ਮੌਕੇ ਸ. ਬਾਦਲ ਨੇ ਬਠਿੰਡਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜ਼ਲੀ ਇਹੋ ਹੋਵੇਗੀ ਕਿ ਰਿਸ਼ਵਤ, ਅਨਪੜ੍ਹਤਾ, ਬੇਰੁਜ਼ਗਾਰੀ ਅਤੇ ਨਸ਼ਾਖੋਰੀ ਨੂੰ ਖ਼ਤਮ ਕਰਨ ਲਈ ਹਰ ਸੰਭਵ ਯਤਨ ਕਰੀਏ ਅਤੇ ਸਖ਼ਤ ਮਿਹਨਤ ਕਰਕੇ ਪੰਜਾਬ ਨੂੰ ਖੁਸ਼ਹਾਲ ਤੇ ਵਿਦਵਾਨ ਬਣਾਈਏ।
ਸਿਖਿਆ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਬਠਿੰਡਾ ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ਦੀ ਕਰੋੜਾਂ ਰੁਪਏ ਖ਼ਰਚ ਕੇ ਨੁਹਾਰ ਬਦਲੀ ਗਈ ਹੈ ਬਠਿੰਡਾ ਦੇ ਸਰਕਾਰੀ ਸਕੂਲ ਹੁਣ ਕਿਸੇ ਵੀ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਰਹੇ। ਉਨ੍ਹਾਂ ਨੌਜਵਾਨਾਂ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਅਣਖ ਤੇ ਗੈਰਤ ਨੂੰ ਜਗਾਉਣ ਕਿਉਂਕਿ ਨੌਜਵਾਨ ਤੋਂ ਹੀ ਭਵਿੱਖ ਵਿਚ ਦੇਸ਼ ਦੀ ਤਰੱਕੀ ਲਈ ਬਹੁਤ ਵੱਡੀਆਂ ਉਮੀਦਾਂ ਹੁੰਦੀਆਂ ਹਨ।
ਇਸ ਮੌਕੇ ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਜਲਦ ਹੀ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਫੜੀ ਮਾਰਕਿਟ ਦੀ ਫ਼ੀਸ ਵੀ ਘਟਾ ਕੇ ਅੱਧੀ ਕਰ ਦਿੱਤੀ ਗਈ ਹੈ।
ਇਸ ਮੌਕੇ ਕੋਵਿਡ-19 ਦੌਰਾਨ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ ਗਈ।
ਇਸ ਉਪਰੰਤ ਜ਼ਿਲਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਸ. ਮਨਪ੍ਰੀਤ ਸਿੰਘ ਬਾਦਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਜੈਜੀਤ ਸਿੰਘ ਜੌਹਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਸਮਾਗਮ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਲਾਂਬਾ, ਸਿਵਲ ਜੱਜ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਸ਼ੋਕ ਕੁਮਾਰ ਚੌਹਾਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਕੇਕੇ ਅਗਰਵਾਲ, ਮੇਅਰ ਨਗਰ ਨਿਗਮ ਬਠਿੰਡਾ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਸ਼੍ਰੀ ਹਰਮੰਦਰ ਸਿੰਘ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ਼੍ਰੀ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਬਬਨਦੀਪ ਸਿੰਘ ਵਾਲੀਆ, ਐਸਡੀਐਮ ਬਠਿੰਡਾ ਮੈਡਮ ਹਰਜੋਤ ਕੌਰ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਮਰਚਾਰੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਪਤਵੰਤੇ ਆਦਿ ਹਾਜ਼ਰ ਸਨ।