ਪੰਜਾਬ

ਭਾਈ ਜੈਤਾ ਜੀ ਦੇ ‘ਜਨਮ ਦਿਵਸ’ ‘ਤੇ ਹਰ ਸਾਲ ਗਜ਼ਟਿਡ ਛੁੱਟੀ ਦਾ ਐਲਾਨ, 13 ਦਸੰਬਰ ਨੂੰ ਹੋਵਗੀ ਗਜ਼ਟਿਡ ਛੁੱਟੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 346ਵੇਂ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਦਾ ਪਾਲਣ ਕਰਨ ਲਈ ਸਦਭਾਵਨਾਪੂਰਨ ਸਮਾਜ ਦੀ ਸਿਰਜਣਾ ਦਾ ਸੱਦਾ
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।
ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਤਮਸਤਕ ਹੋਣ ਉਪਰੰਤ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਜੀ ਦੀ ਧਾਰਮਿਕ ਸਹਿਣਸ਼ੀਲਤਾ, ਧਰਮ ਨਿਰਪੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਮਹਾਨ ਵਿਰਾਸਤ ਹੈ ਜੋ ਬਰਾਬਰੀ ਵਾਲੇ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿਣ ਲਈ ਸਦਾ ਲਈ ਮਨੁੱਖਤਾ ਦਾ ਮਾਰਗਦਰਸ਼ਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮਾਰਗ ਤੇ ਚੱਲਣ ਦਾ ਆਤਮ ਪੜਚੋਲ ਕਰਨ ਦਾ ਹੈ ਤਾਂ ਕਿ ਵਿਸ਼ਵ-ਵਿਆਪੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ਼ ਦਾ ਪਾਸਾਰ ਦੁਨੀਆ ਦੇ ਕੋਨੇ-ਕੋਨੇ ‘ਚ ਪਹੁੰਚਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਦਕਰ, ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਇਲਾਵਾ ਸੰਵਿਧਾਨ ਸਭਾ ਦੇ ਮੈਂਬਰਾਂ ਨੇ ਗੁਰੂ ਸਾਹਿਬ ਜੀ ਦੀ ਲਾਮਿਸਾਲ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਧਰਮ ਨਿਰਪੱਖਤਾ ਦੇ ਸਿਧਾਂਤਾਂ ‘ਤੇ ਸੰਵਿਧਾਨ ਦੀ ਨੀਂਹ ਰੱਖੀ ਜਿਨ੍ਹਾਂ ਨੇ ਦੂਜੇ ਧਰਮਾਂ ਦੇ ਲੋਕਾਂ ਖਾਸ ਕਰਕੇ ਹਿੰਦੂਆਂ ਨੂੰ ਬਿਨਾਂ ਕਿਸੇ ਅਧੀਨਗੀ ਅਤੇ ਜ਼ਬਰ ਦੇ ਸਾਰੇ ਧਰਮਾਂ ਖਾਸ ਤੌਰ ‘ਤੇ ਹਿੰਦੂਆਂ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੇ ਯੋਗ ਬਣਾਉਣ ਲਈ ਆਪਣਾ ਜੀਵਨ ਨਿਛਾਵਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਦੇ ਮੁਗਲ ਸ਼ਾਸਨ ਵੱਲੋਂ ਇਸਲਾਮ ਵਿਚ ਪਰਿਵਰਤਨ ਕਰਵਾਉਣ ਲਈ ਹਿੰਦੂਆਂ ਨੂੰ ਦਮਨ ਦਾ ਸ਼ਿਕਾਰ ਬਣਾਇਆ ਗਿਆ ਸੀ। ਹਿੰਦੂ ਧਰਮ ਦੀ ਰਾਖੀ ਲਈ ਗੁਰੂ ਜੀ ਦੀ ਅਦੁੱਤੀ ਕੁਰਬਾਨੀ ਨੂੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸ਼ਰਧਾਲੂ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਈ ਜੈਤਾ ਜੀ ਦੇ ਸ਼ਰਧਾਲੂ ਸਿੱਖ ਵਜੋਂ ਪਾਏ ਗਏ ਮਹਾਨ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਭਾਈ ਜੈਤਾ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਅਨਿੰਨ ਸੇਵਕ ਸਨ, ਜਿਨ੍ਹਾਂ ਨੇ ਤਤਕਾਲੀ ਮੁਗਲ ਸਾਮਰਾਜ ਦੇ ਜ਼ੁਲਮਾਂ ਦੇ ਬਾਵਜੂਦ ਸਾਰੀਆਂ ਔਖਿਆਈਆਂ ਦਾ ਸਾਹਮਣਾ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਕ, ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਸੀ। ਬਾਅਦ ਵਿੱਚ ਭਾਈ ਜੀਵਨ ਸਿੰਘ ਜੀ ਨੇ ਵੀ ਮੁਗਲਾਂ ਨਾਲ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਭਾਈ ਜੈਤਾ ਜੀ ਦੇ ਆਤਮ-ਬਲੀਦਾਨ ਅਤੇ ਸਮਰਪਣ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਮਹਾਨ ਸਿੱਖ ਸ਼ਹੀਦ ਭਾਈ ਜੈਤਾ ਜੀ ਦੇ ਜਨਮ ਦਿਵਸ ‘ਤੇ ਹਰੇਕ ਸਾਲ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਚਾਰ ਪ੍ਰੋਜੈਕਟਾਂ ਦਾ ਡਿਜੀਟਲ ਤੌਰ ‘ਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਵਿੱਚ 1.5 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ ਬਹਾਦਰ ਅਜਾਇਬ ਘਰ ਦੇ ਆਧੁਨਿਕੀਕਰਨ ਅਤੇ ਅਪਗ੍ਰੇਡ ਕਰਨ, 10 ਕਰੋੜ ਰੁਪਏ ਦੀ ਲਾਗਤ ਨਾਲ 62 ਏਕੜ ਦੇ ਰਕਬੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਨੇਚਰ ਪਾਰਕ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਇਸ ਪਾਰਕ ਵਿੱਚ ਓਹ ਰੁੱਖ ਲਾਏ ਜਾਣਗੇ ਜਿਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਵਿੱਚ ਜ਼ਿਕਰ ਮਿਲਦਾ ਹੈ, 4.16 ਕਰੋੜ ਰੁਪਏ ਦੀ ਲਾਗਤ ਨਾਲ ਇਕ ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪ੍ਰੋਜੈਕਟ ਅਤੇ 2.63 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੇ ਦੂਜੇ ਪੜਾਅ ਦਾ ਪ੍ਰੋਜੈਕਟ ਸ਼ਾਮਲ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਜੋ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਵੀ ਕਰਦੇ ਹਨ, ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਥਾਨਕ ਪੱਧਰ ਉੱਤੇ ਸਮਾਜਿਕ ਸਮਾਗਮ ਕਰਨ ਲਈ ਸਥਾਨਕ ਨਿਵਾਸੀਆਂ ਦੀ ਸਹੂਲਤ ਵਾਸਤੇ ਕਮਿਊਨਿਟੀ ਸੈਂਟਰ ਲਈ 5 ਕਰੋੜ ਰੁਪਏ ਅਤੇ ਨਗਰ ਕੌਂਸਲ ਦੇ ਅੰਦਰ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਿਤ ਕਰਨ ਦਾ ਐਲਾਨ ਕੀਤਾ। ਕਮਿਊਨਿਟੀ ਸੈਂਟਰਾਂ ਦੀ ਮਹੱਤਤਾ ਨੂੰ ਸਮਝਦੇ ਹੋਏ ਮੁੱਖ ਮੰਤਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਭਰ ਦੇ ਹਰੇਕ ਬਲਾਕ ਵਿੱਚ ਅਜਿਹੇ ਕੇਂਦਰ ਵੀ ਖੋਲ੍ਹੇ ਜਾਣਗੇ ਤਾਂ ਜੋ ਲੋਕ ਸਮਾਜਿਕ ਇਕੱਠ ਕਰਨ ਦੇ ਯੋਗ ਹੋ ਸਕਣ।
ਇਸ ਇਲਾਕੇ ਵਿੱਚ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਸਵਾਂ ਨਦੀ ਉੱਤੇ ਪੁਲ ਦੇ ਨਿਰਮਾਣ ਲਈ ਤੁਰੰਤ ਵਿੱਤੀ ਅਤੇ ਪ੍ਰਸ਼ਾਸਨਿਕ ਪ੍ਰਵਾਨਗੀ ਦੇਣ ਲਈਉਹ ਪਹਿਲਾਂ ਹੀ ਵਿੱਤ ਮੰਤਰੀ ਨੂੰ ਕਹਿ ਚੁੱਕੇ ਹਨ। ਇਸ ਨਾਲ ਨੰਗਲ-ਸ੍ਰੀ ਆਨੰਦਪੁਰ ਸਾਹਿਬ ਖੇਤਰ ਨੂੰ ਦੁਆਬੇ ਨਾਲ ਜੋੜਿਆ ਜਾਵੇਗਾ ਜਿਸ ਨਾਲ ਦੋਵਾਂ ਖੇਤਰਾਂ ਵਿਚਲੀ ਦੂਰੀ ਘਟੇਗੀ, ਇਸ ਤਰ੍ਹਾਂ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬਚਤ ਹੋਵੇਗੀ। ਉਨ੍ਹਾਂ ਨੇ ਸਪੀਕਰ ਨੂੰ ਅਗਲੇ ਹਫ਼ਤੇ ਇਸ ਦਾ ਨੀਂਹ ਪੱਥਰ ਰੱਖਣ ਦੀ ਤਰੀਕ ਤੈਅ ਕਰਨ ਲਈ ਵੀ ਕਿਹਾ।
ਇਸ ਤੋਂ ਪਹਿਲਾਂ ਆਪਣੇ ਵਿਚਾਰ ਪੇਸ਼ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚੰਨੀ ਇਕੱਲੇ ਅਜਿਹੇ ਮੁੱਖ ਮੰਤਰੀ ਹਨ ਜੋ ਅੱਜ ਦੇ ਇਸ ਪਵਿੱਤਰ ਦਿਹਾੜੇ ‘ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ
ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਇਲਾਵਾ ਕੋਈ ਵੀ ਅਜਿਹੀ ਹਸਤੀ ਨਹੀਂ ਮਿਲਦੀ ਜਿਸ ਨੇ ਕਿਸੇ ਹੋਰ ਧਰਮ ਦੀ ਰਾਖੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤੀ ਹੋਵੇ।
ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਵੀ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਚਾਰਧਾਰਾ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ, ਜਿਸ ਲਈ ਉਨ੍ਹਾਂ ਨੇ ਮਨੁੱਖਤਾ ਨੂੰ ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਸੀ।
ਇਸ ਤੋਂ ਪਹਿਲਾਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੱਥਾ ਟੇਕਿਆ। ਇਸ ਮੌਕੇ ਮੁੱਖ ਮੰਤਰੀ ਨੇ ਸੰਤ ਸਮਾਜ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਭਾਈ ਜੈਤਾ ਜੀ ਦੇ ਤਪ ਅਸਥਾਨ ਵਿਖੇ ਜਾ ਕੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!