ਪੰਜਾਬ

ਕੇਜਰੀਵਾਲ, ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੋ: ਕੈਪਟਨ ਅਮਰਿੰਦਰ ਸਿੰਘ

ਧੋਖੇਬਾਜ਼ੀ ਤੇ ਸਿਆਸੀਕਰਨ ਰਾਹੀਂ ਕਿਸਾਨਾਂ ਦੀ ਹਮਦਰਦੀ ਜਿੱਤਣ ਦੀਆਂ ਨੌਟੰਕੀਆਂ ਕੇਜਰੀਵਾਲ ਦੇ ਕਿਸੇ ਕੰਮ ਨਹੀਂ ਆਉਣਗੀਆਂ
ਕੋਈ ਈ.ਡੀ.ਕੇਸ ਪੈਂਡਿੰਗ ਨਹੀਂ

ਚੰਡੀਗੜ੍ਹ, 22 ਦਸੰਬਰ

ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਨੀਵੇਂ ਦਰਜੇ ਦੀ ਰਾਜਨੀਤੀ ਅਤੇ ਦੂਸ਼ਣਬਾਜ਼ੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਸ਼ਾ ਵਿਖਾਉਂਦਿਆਂ ਸਪੱਸ਼ਟ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਵਿੱਚ ਸਿਰਫ ਇਕੋ ਏਜੰਡਾ ਕੌਮੀ ਸੁਰੱਖਿਆ ਬਾਰੇ ਵਿਚਾਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਉਹ ਦੁਸ਼ਮਣ ਗੁਆਂਢੀ ਦਾ ਸਾਹਮਣਾ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸੂਬੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਭਾਰਤ ਸਰਕਾਰ ਨੂੰ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਵੀ ਸੰਕੋਚ ਨਹੀਂ ਕਰਨਗੇ ਜਦੋਂ ਵੀ ਗੁਆਂਢੀ ਦੁਸ਼ਮਣ ਦੇਸ਼ਾਂ ਵੱਲੋਂ ਅੰਦਰੂਨੀ ਸੁਰੱਖਿਆ ਮਾਮਲਿਆਂ ਵਿੱਚ ਸ਼ੈਅ ਦਿੱਤੀ ਜਾਂਦੀ ਰਹੇਗੀ।

ਆਪ ਨੇਤਾ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਇਨ੍ਹਾਂ ਦੀ ਘੋਰ ਨਿੰਦਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਵਿੱਚ ਕਤਈ ਸੱਚ ਨਹੀਂ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੇ ਪਰਿਵਾਰ ‘ਤੇ ਚੱਲ ਰਹੇ ਈ.ਡੀ.ਕੇਸਾਂ ਦੇ ਸਬੰਧ ਵਿੱਚ ਮਿਲੇ ਸਨ। ਉਨ੍ਹਾਂ ਆਪ ‘ਤੇ ਵਰ੍ਹਦਿਆਂ ਕਿਹਾ ਕਿ ਉਹ ਆਪਣੀ ਸਿਆਸਤ ਚਮਕਾਉਣ ਲਈ ਝੂਠ ਅਤੇ ਛਲ-ਫਰੇਬ ‘ਤੇ ਆਧਾਰਿਤ ਉਨ੍ਹਾਂ ਖਿਲਾਫ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਈ.ਡੀ. ਵੱਲੋਂ ਉਨ੍ਹਾਂ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਗਿਆ। ਹਾਲਾਂਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ ਈ.ਡੀ. ਵੱਲੋਂ ਦਰਜ ਇਕ ਕੇਸ ਪਿਛਲੇ ਇਕ ਦਹਾਕੇ ਤੋਂ ਚੱਲ ਰਿਹਾ ਹੈ ਤੇ ਉਹ ਵੀ ਫੇਮਾ ਐਕਟ ਦੇ ਅਧੀਨ ਹੈ ਜੋ ਕਿ ਸਿਵਲ/ਵਿੱਤੀ ਮਾਮਲੇ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਉਨ੍ਹਾਂ ਦੇ ਪੁੱਤਰ ਨੂੰ ਇਸ ਤੋਂ ਪਹਿਲਾਂ ਭੇਜੇ ਆਮਦਨ ਕਰ ਦੇ ਗਲਤ ਅਨੁਮਾਨਾਂ ਦੇ ਹੁਕਮਾਂ ‘ਤੇ ਵੀ ਰੋਕ ਲਗਾ ਦਿੱਤੀ ਸੀ। ਬੁਖਲਾਹਟ ਵਿੱਚ ਆ ਕੇ ਆਮਦਨ ਕਰ ਵਿਭਾਗ ਨੇ ਹੁਣ ਉਨ੍ਹਾਂ ਨੂੰ ਸਮੁੱਚੇ ਪਰਿਵਾਰ ਸਮੇਤ ਬਦਲਾਖੋਰੀ ਦਾ ਨਿਸ਼ਾਨਾ ਬਣਾਇਆ ਅਤੇ ਇਥੋਂ ਤੱਕ ਕਿ ਉਨ੍ਹਾਂ ਦੇ ਛੋਟੇ ਪੋਤੇ-ਪੋਤੀ ਨੂੰ ਵੀ ਨਹੀਂ ਬਖਸ਼ਿਆ ਅਤੇ ਉਨ੍ਹਾਂ ਨੂੰ ਕਾਲਾ ਧਨ ਰੋਕੂ ਐਕਟ ਤਹਿਤ ਨੋਟਿਸ ਜਾਰੀ ਕੀਤੇ ਗਏ ਜਿਨ੍ਹਾਂ ਨਾਲ ਕਾਨੂੰਨੀ ਢੰਗ ਨਾਲ ਨਿਪਟਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਵਰਗਾ ਸਿਖਾਂਦਰੂ ਤੇ ਨਿਕੰਮਾ ਸਿਆਸਤਦਾਨ ਹੀ ਅਜਿਹੇ ਨਤੀਜੇ ‘ਤੇ ਪਹੁੰਚ ਸਕਦਾ ਹੈ ਜਦੋਂ ਕਿ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੇਸ਼ ਕੀਤੀ ਜਾ ਰਹੀ ਤਸਵੀਰ ਤੋਂ ਅਸਲ ਤਸਵੀਰ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਹੀਂ ਕਰਨੀਆਂ ਚਾਹੀਦੀਆਂ। ਅੰਮ੍ਰਿਤਸਰ (ਦਿਹਾਤੀ) ਜ਼ਿਲੇ ਵਿੱਚ ਕੌਮਾਂਤਰੀ ਸਬੰਧਾਂ ਨਾਲ ਜੁੜੇ ਡਰੋਨ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਪੰਜ ਦਿਨ ਬਾਅਦ ਇਕ ਡਰੋਨ ਰਾਹੀਂ 19 ਤੇ 20 ਦਸੰਬਰ ਦੀ ਰਾਤ ਨੂੰ ਪਾਕਿਸਤਾਨ ਵੱਲੋਂ ਸੁੱਟੇ ਗਏ 11 ਹੈਂਡ ਗ੍ਰਨੇਡ ਜ਼ਬਤ ਕਰਨ ਦੀ ਘਟਨਾ ਜਿਸ ਨੂੰ ਅੱਜ ਮੀਡੀਆ ਵਿੱਚ ਵੀ ਪ੍ਰਮੁੱਖਤਾ ਨਾਲ ਉਭਾਰਿਆ ਗਿਆ ਹੈ। ਇਸ ਕਰਕੇ ਉਨ੍ਹਾਂ ਦਾ ਇਹ ਫਰਜ਼ ਬਣਦਾ ਹੈ ਕਿ ਕੇਂਦਰ ਸਰਕਾਰ ਨੂੰ ਇਸ ਬਾਰੇ ਜਾਣੂੰ ਕਰਵਾਇਆ ਜਾਵੇ ਤਾਂ ਕਿ ਸੂਬਾਈ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਲਈ ਠੋਸ ਰਣਨੀਤੀ ਘੜਨ ਵਾਸਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਕਿਉਂ ਜੋ ਗੁਆਂਢੀ ਮੁਲਕ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਦੇ ਨਾਲ-ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਹਮੇਸ਼ਾ ਹੀ ਵੱਡਾ ਖਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਈ ਘਟਨਾਵਾਂ ਮੀਡੀਆ ਵਿੱਚ ਰਿਪੋਰਟ ਨਹੀਂ ਹੁੰਦੀਆਂ ਕਿਉਂਕਿ ਲੋਕਾਂ ਵਿੱਚ ਘਬਰਾਹਟ ਪੈਦਾ ਹੋਣ ਤੋਂ ਬਚਣ ਲਈ ਇਨ੍ਹਾਂ ਨੂੰ ਜਨਤਕ ਨਹੀਂ ਕੀਤਾ ਜਾਂਦਾ। ਹਾਲਾਂਕਿ ਸੂਬੇ ਦੇ ਮੁੱਖ ਮੰਤਰੀ ਦੇ ਤੌਰ ‘ਤੇ ਉਨ੍ਹਾਂ ਦੀ ਇਹ ਡਿਊਟੀ ਬਣਦੀ ਹੈ ਕਿ ਅਜਿਹੀ ਹਰੇਕ ਤਰ੍ਹਾਂ ਦੀ ਗਤੀਵਿਧੀ ਬਾਰੇ ਕੇਂਦਰ ਸਰਕਾਰ ਨੂੰ ਜਾਣੂੰ ਕਰਵਾਇਆ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਕਾਲੇ ਖੇਤੀ ਕਾਨੂੰਨਾਂ ਬਾਰੇ ਆਪਣੇ ਦੋਗਲੇ ਸਟੈਂਡ ਤੋਂ ਦੁੱਧ ਧੋਤਾ ਸਾਬਤ ਹੋਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਤਾਂ ਇਸ ਖੇਤੀ ਕਾਨੂੰਨ ਨੂੰ ਨੋਟੀਫਾਈ ਕਰ ਦਿੱਤਾ ਅਤੇ ਹੁਣ ਕਿਸਾਨਾਂ ਪ੍ਰਤੀ ਝੂਠੀ ਹਮਦਰਦੀ ਦਿਖਾ ਕੇ ਇਸ ਨਾਜ਼ੁਕ ਮੁੱਦੇ ‘ਤੇ ਮੱਗਰਮੱਛ ਦੇ ਹੰਝੂ ਵਹਾਏ ਜਾ ਰਹੇ ਹਨ ਜੋ ਸਿਰਫ ਤੇ ਸਿਰਫ ਕੇਜਰੀਵਾਲ ਦੀਆਂ ਨੌਟੰਕੀਆਂ ਤੋਂ ਵੱਧ ਕੁੱਝ ਨਹੀਂ।

ਆਪ ਦੇ ਆਗੂਆਂ ‘ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਿਰੇ ਦਾ ਪਾਖੰਡੀ ਦੱਸਦਿਆਂ ਕਿਹਾ ਕਿ ਉਸ ਦੇ ਹੱਥਠੋਕਿਆਂ ਦੀ ਅੱਖ ਪੰਜਾਬ ਦੀਆਂ 2022 ਵਿਧਾਨ ਸਭਾ ਚੋਣਾਂ ਉਤੇ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਤੁਸੀਂ ਤਾਂ ਸਿਰਫ ਸਸਤੀ ਸਿਆਸੀ ਸ਼ੋਹਰਤ ਖੱਟਣ ਲਈ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਏ ਜਦੋਂ ਕਿ ਤੁਸੀ ਅਤੇ ਤੁਹਾਡੀ ਪਾਰਟੀ ਦਾ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਜੇਕਰ ਤੁਹਾਨੂੰ ਕਿਸਾਨਾਂ ਦੀ ਥੋੜ੍ਹੀਂ ਬਹੁਤ ਵੀ ਚਿੰਤਾ ਹੁੰਦੀ ਤਾਂ ਤੁਹਾਡੀ ਪਾਰਟੀ ਨੂੰ ਆਪਣੇ ਪੱਧਰ ‘ਤੇ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰਨਾ ਚਾਹੀਦਾ ਸੀ।”

ਦਿੱਲੀ ਦੇ ਮੁੱਖ ਮੰਤਰੀ ਨੂੰ ਗਿਰਗਿਟ ਵਾਂਗ ਰੰਗ ਨਾ ਬਦਲਣ ਦੀ ਸਲਾਹ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਕਿਸਾਨਾਂ ਨਾਲ ਦਿਲੋਂ ਖੜ੍ਹੇ ਹਨ ਅਤੇ ਕੇਜਰੀਵਾਲ ਦੀ ਚਾਲਬਾਜ਼ ਖੇਡ ਨੂੰ ਬਹੁਤ ਗਹੁ ਨਾਲ ਦੇਖ ਰਹੇ ਹਨ ਜੋ ਕਿਸਾਨਾਂ ਦੇ ਸੰਘਰਸ਼ ਤੋਂ ਸਿਆਸੀ ਲਾਹਾ ਖੱਟਣ ਲਈ ਤਤਪਰ ਹੈ। ਮੁੱਖ ਮੰਤਰੀ ਨੇ ਕਿਹਾ, ”ਥੋੜੀਂ ਉਡੀਕ ਕਰੋ ਅਤੇ ਦੇਖੋ ਕਿ ਇਹ ਕੰਧ ‘ਤੇ ਲਿਖਿਆ ਹੋਇਆ ਹੈ ਕਿ ਤੁਸੀਂ ਤੇ ਤੁਹਾਡੇ ਚਾਪਲੂਸਾਂ ਦੀ ਪਾਰਟੀ ਪੰਜਾਬ ਦੇ ਸਿਆਸੀ ਦ੍ਰਿਸ਼ ਤੋਂ ਮਿਟ ਜਾਵੇਗੀ ਅਤੇ ਇਸ ਦੀ ਸ਼ੁਰੂਆਤ ਵੀ ਹੋ ਗਈ ਹੈ।”

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!