ਪੰਜਾਬ
ਬੀਕੇਯੂ-ਡਕੌਂਦਾ ਨੇ ਸੂਬਾ ਪੱਧਰੀ ਜੂਝਾਰ-ਰੈਲੀ ਲਈ ਜ਼ੋਰਦਾਰ ਤਿਆਰੀਆਂ ਵਿੱਢੀਆਂ
ਵੱਖ-ਵੱਖ ਜਿਲ੍ਹਿਆਂ ‘ਚ ਤਿਆਰੀ ਲਈ ਮੀਟਿੰਗਾਂ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ 21 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾਣ ਵਾਲ਼ੀ ਸੂਬਾ-ਪੱਧਰੀ ‘ਜੂਝਾਰ ਰੈਲੀ’ ਲਈ ਜ਼ੋਰਦਾਰ ਤਿਆਰੀਆਂ ਵਿੱਢ ਦਿੱਤੀਆਂ ਹਨ। ਜਥੇਬੰਦੀ ਵੱਲੋਂ ਵੱਖ-ਵੱਖ ਜਿਲ੍ਹਿਆਂ ‘ਚ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ।
ਬੀਕੇਯੂ(ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਰੈਲੀ ਦੌਰਾਨ ਬਠਿੰਡਾ, ਸੰਗਰੂਰ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਪਟਿਆਲਾ, ਮੁਹਾਲੀ, ਲੁਧਿਆਣਾ, ਗੁਰਦਾਸਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਸ਼੍ਰੀ ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਜਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਪਹੁੰਚਣਗੇ। ਜ਼ਿਕਰਯੋਗ ਹੈ ਕਿ ਇਹ ਰੈਲੀ ਪਹਿਲਾਂ 10 ਜਨਵਰੀ ਨੂੰ ਹੋਣੀ ਸੀ, ਪ੍ਰੰਤੂ ਬਾਰਿਸ਼ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ। ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਨੇ ਸਾਮਰਾਜੀ ਲੁਟੇਰੀਆਂ ਸੰਸਥਾਵਾਂ ਦੀਆਂ ਨੀਤੀ ਲਾਗੂ ਕਰਦਿਆਂ ਪਹਿਲਾਂ ਕਿਰਤ ਕਾਨੂੰਨਾਂ ਨੂੰ ਚਾਰ ਲੇਬਰ ਕੋਡਾਂ ਵਿੱਚ ਤਬਦੀਲ ਕਰਕੇ ਕਿਰਤੀਆਂ ਲਈ ਹਾਇਰ ਐਂਡ ਫ਼ਾਇਰ ਦੀ ਨੀਤੀ ਲਾਗੂ ਕਰਕੇ ਕਿਰਤੀਆਂ ਦੀ ਤਿੱਖੀ ਰੱਤ ਨਿਚੋੜਨ ਲਈ ਰਾਹ ਪੱਧਰਾ ਕੀਤਾ,ਅਗਲੇ ਪੜਾਅ ਵਜੋਂ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਰਾਹੀਂ ਸਾਡੀਆਂ ਜਮੀਨਾਂ ਹੀ ਅਡਾਨੀਆਂ-ਅੰਬਾਨੀਆਂ ਦੇ ਹਵਾਲੇ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਸੀ। ਮੋਦੀ ਹਕੂਮਤ ਦਾ ਇਹ ਹੱਲਾ ਸਮੁੱਚੇ ਪੇਂਡੂ ਸੱਭਿਆਚਾਰ ਨੂੰ ਉਜਾੜਨ ਲਈ ਸੀ। ਇਸ ਨਾਲ ਕਿਸਾਨਾਂ ਦੇ ਨਾਲ-ਨਾਲ ਹਰ ਤਬਕੇ ਨੇ ਬੁਰੀ ਤਰ੍ਹਾਂ ਪਰਭਾਵਿਤ ਹੋਣਾ ਸੀ। ਇਸੇ ਲਈ ਪੰਜਾਬ ਦੇ ਕਿਸਾਨਾਂ ਨੇ ਸੂਝਵਾਨ ਲੀਡਰਸ਼ਿਪ ਦੀ ਅਗਵਾਈ ਹੇਠ ਅੰਦੋਲਨ ਦਾ ਮੁੱਢ ਬੰਨਦਿਆਂ ਇਸ ਦਾ ਘੇਰਾ ਮੁਲਕ ਪੱਧਰ ਤੇ ਫੈਲਾਇਆ। ਇਸ ਅੰਦੋਲਨ ਵਿੱਚ ਤਿੰਨ ਪੀੜੀਆਂ ਬੁੱਢੇ, ਨੌਜਵਾਨ, ਬੱਚੇ ਪੂਰੀ ਸਿੱਦਤ ਨਾਲ ਕੁੱਦੇ। ਮੋਦੀ ਹਕੂਮਤ ਦੀ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ,ਪਾੜਨ ਖਿੰਡਾਉਣ ਦੀ ਹਰ ਸਾਜਿਸ਼ ਦਾ ਮੂੰਹ ਤੋੜ ਜਵਾਬ ਦਿੱਤਾ। ਇਸ ਇਤਿਹਾਸਕ ਕਿਸਾਨ ਅੰਦੋਲਨ ਵਿੱਚ ਔਰਤਾਂ ਖਾਸ ਕਰ ਕਿਸਾਨ ਔਰਤਾਂ ਦੇ ਪੂਰਾਂ ਦੇ ਪੂਰਾਂ ਦੀ ਅਹਿਮ ਭੂਮਿਕਾ ਰਹੀ ਹੈ। ਗੁਰਦੀਪ ਰਾਮਪੁਰਾ, ਗੁਰਮੀਤ ਭੱਟੀਵਾਲ, ਬਲਵੰਤ ਉੱਪਲੀ, ਰਾਮ ਸਿੰਘ ਮਟੋਰੜਾ,ਕੁਲਵੰਤ ਸਿੰਘ ਕਿਸ਼ਨਗੜੵ ਨੇ ਕਿਹਾ ਕਿ ਇਸ ਸਮੁੱਚੇ ਸੰਗਮ ਨੇ ਮੋਦੀ ਹਕੂਮਤ ਨੂੰ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕੀਤਾ ਹੈ। ਆਗੂਆਂ ਨੇ ਕਿਸਾਨਾਂ ਨੂੰ ਪਰਿਵਾਰਾਂ ਸਮੇਤ ਕਾਫ਼ਲੇ ਬੰਨ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕੇਂਦਰੀ ਅਤੇ ਸੂਬਾਈ ਹਕਮਤਾਂ ਖਿਲਾਫ਼ ਵਿਧਾਨ ਸਭਾ ਚੋਣਾਂ ਸਮੇਂ ਆਪਣੇ ਕਾਡਰ ਨੂੰ ਕਿਸੇ ਸਿਆਸੀ ਪਾਰਟੀ ਦੇ ਛਕੜੇ ਵਿੱਚ ਸਵਾਰ ਹੋਣ ਦੀ ਥਾਂ ਸੰਘਰਸ਼ ਦਾ ਸੂਹਾ ਪਰਚਮ ਬੁਲੰਦ ਰੱਖਣ, ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ 21 ਜਨਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾਈ ‘ਜੁਝਾਰ ਰੈਲੀ ‘ ਵਿੱਚ ਪੑੀਵਾਰਾਂ ਸਮੇਤ ਕਾਫ਼ਲੇ ਬੰਨ੍ਹ ਸ਼ਾਮਿਲ ਹੋਣ ਦੀ ਜੋਰਦਾਰ ਅਪੀਲ ਕੀਤੀ।ਆਗੂਆਂ ਕਿਹਾ ਕਿ ਇਸ ਜੁਝਾਰ ਰੈਲੀ ਦੀਆਂ ਤਿਆਰੀਆਂ ਸਮੁੱਚੇ ਪੰਜਾਬ ਅੰਦਰ ਆਗੂ ਟੀਮਾਂ ਪੂਰੇ ਯੋਜਨਾਬੱਧ ਢੰਗ ਨਾਲ ਚਲਾ ਰਹੀਆਂ ਹਨ