ਪੰਜਾਬ

*ਲਾਰੈਂਸ-ਰਿੰਦਾ ਗੈਂਗ ਦਾ ਪਰਦਾਫਾਸ਼ ਕਰਨ ਉਪਰੰਤ ਪੰਜਾਬ ਪੁਲਿਸ ਨੇ ਗਿਰੋਹ ਦੇ 13 ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ*

*ਜਲੰਧਰ ਦਿਹਾਤੀ ਪੁਲਿਸ ਨੇ ਦੋ ਹਫ਼ਤਿਆਂ ਦੇ ਅਪਰੇਸ਼ਨ ਉਪਰੰਤ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਕੀਤਾ ਕਾਬੂ*

– ਪਨਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਕਰ ਰਹੀ ਹੈ ਛਾਪੇਮਾਰੀ
– ਇਹਨਾਂ ਗ੍ਰਿਫਤਾਰੀਆਂ ਨਾਲ ਪੰਜ ਸੰਭਾਵਿਤ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਕੀਤਾ ਨਾਕਾਮ
ਚੰਡੀਗੜ੍ਹ/ਜਲੰਧਰ, 14 ਜੁਲਾਈ:
ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਨਾਲ ਸਬੰਧਤ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਥੋੜੇ ਦਿਨਾਂ ਬਾਅਦ, ਪੰਜਾਬ ਪੁਲਿਸ ਵੱਲੋਂ ਇਸ ਗਿਰੋਹ ਦੇ 9 ਸ਼ਾਰਪਸ਼ੂਟਰਾਂ ਸਮੇਤ 13 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ੇਸ਼ ਟੀਮਾਂ ਦੀ ਅਗਵਾਈ ਵਿੱਚ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਉਪਰੰਤ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ।
ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਤੋਂ ਅਵਤਾਰ ਉਰਫ ਮੰਗਲ, ਜੋਬਨਪ੍ਰੀਤ, ਅਕਾਸ਼ਦੀਪ, ਹਰਪ੍ਰੀਤ ਉਰਫ ਕਾਕਾ, ਅਰਸ਼ਦੀਪ, ਲਵਜੀਤ ਅਤੇ ਰੇਸ਼ਮ ਉਰਫ ਬਾਓ;  ਫਿਰੋਜ਼ਪੁਰ ਤੋਂ ਗੁਰਪ੍ਰੀਤ ਉਰਫ ਘੁਮਾ ਸ਼ੂਟਰ, ਬੌਬੀ ਉਰਫ ਬਾਬਾ ਅਤੇ ਸੋਨੂੰ ਉਰਫ ਪੁਲਾ; ਜਲੰਧਰ ਤੋਂ ਗੁਰਪ੍ਰੀਤ ਉਰਫ ਗੋਪੀ ਅਤੇ ਹਰਮਨ ਕਲਸੀ; ਕਪੂਰਥਲਾ ਤੋਂ ਬਲਵਿੰਦਰ ਉਰਫ ਬਿੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 13 ਆਧੁਨਿਕ ਹਥਿਆਰ ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਹਨ।
ਆਈਜੀਪੀ ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਰੋਹ ਦੇ 11 ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਇਸ ਗਿਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਕੁਝ ਸੁਰਾਗਾਂ ‘ਤੇ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਖਿਲਾਫ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।
ਉਨ੍ਹਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫੀ ਜ਼ਿਲ੍ਹਿਆਂ ਵਿੱਚ ਸਰਗਰਮ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਕਤਲ, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡਕੈਤੀ ਸਮੇਤ ਹੋਰ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ।
ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਘੁੰਮਾ ਅਤੇ ਗੋਪੀ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਦੋਵੇਂ ਮਾਰਕਸ ਉਰਫ ਮੱਸਾ ਦੇ ਸਾਥੀ ਸਨ ਜੋ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਫਿਰੋਜ਼ਪੁਰ ਦਾ ਵਾਸੀ ਮੱਸਾ 18 ਅਪਰਾਧਿਕ ਕੇਸਾਂ ਕਾਰਨ ਜੇਲ੍ਹ ਵਿੱਚ ਬੰਦ ਹੈ।
ਫੜੇ ਗਏ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਗੁਰਪ੍ਰੀਤ ਗੋਪੀ ਅਤੇ ਜੋਬਨਪ੍ਰੀਤ, ਜਿਨ੍ਹਾਂ ਵਿਰੁੱਧ ਸੱਤ ਅਪਰਾਧਿਕ ਮਾਮਲੇ ਦਰਜ ਹਨ, ਬੰਬੀਹਾ-ਪਿੰਦਾ ਗਰੋਹ ਦੇ ਤਿੰਨ ਮੈਂਬਰਾਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਰੇਕੀ ਵੀ ਕੀਤੀ ਜਾ ਚੁੱਕੀ ਸੀ ਅਤੇ ਮੱਧ ਪ੍ਰਦੇਸ਼ ਤੋਂ ਇੱਕ ਹਥਿਆਰ ਸਪਲਾਇਰ ਤੋਂ ਹਥਿਆਰ ਵੀ ਮੰਗਵਾਏ ਗਏ ਸਨ।
ਉਨ੍ਹਾਂ ਦੱਸਿਆ ਕਿ ਰੇਸ਼ਮ ਉਰਫ਼ ਬਾਓ ਅਤੇ ਗੁਰਪ੍ਰੀਤ ਉਰਫ਼ ਘੁੰਮਾ ਸ਼ੂਟਰ, ਜਿਨ੍ਹਾਂ ਖ਼ਿਲਾਫ਼ ਵੀ ਸੱਤ ਅਪਰਾਧਿਕ ਮਾਮਲੇ ਦਰਜ ਹਨ, ਆਪਣੇ ਕੱਟੜ ਵਿਰੋਧੀ ਬੰਬੀਹਾ-ਗੌਂਡਰ ਗੈਂਗ ਦੇ ਦੋ ਵਿਅਕਤੀਆਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ।
ਜ਼ਿਕਰਯੋਗ ਹੈ ਕਿ ਪੁਲਿਸ ਹੁਣ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਪਨਾਹ, ਵਿੱਤੀ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੇ ਸਪਲਾਇਰਾਂ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!