ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ,ਪਾਰਟੀ ਦੀ ਅਗਵਾਈ ਕਰਨ ਲਈ ਉਹ ਹੀ ਸਭ ਤੋਂ ਬੇਹਤਰੀਨ ਬੰਦੇ : ਵਰਕਿੰਗ ਕਮੇਟੀ*
*ਪਾਰਟੀ ਨੂੰ ਮਜ਼ਬੂਤ ਕਰਨ ਤੇ ਪਾਰਟੀ ਦਾ ਅੰਦਰੂਨੀ ਅਨੁਸ਼ਾਸਨ ਕਾਇਮ ਰੱਖਣ ਲਈ ਕਦਮ ਚੁੱਕਣ ਦੇ ਅਧਿਕਾਰ ਅਕਾਲੀ ਦਲ ਪ੍ਰਧਾਨ ਨੂੰ ਸੌਂਪੇ*
ਚੰਡੀਗੜ੍ਹ, 11 ਅਗਸਤ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਅੱਜ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਨਾਲੋ ਨਾਲ ਪਾਰਟੀ ਦਾ ਅੰਦਰੂਨੀ ਅਨੁੁਸ਼ਾਸਨ ਕਾਇਮ ਰੱਖਣ ਵਾਸਤੇ ਕਦਮ ਚੁੱਕਣ ਦੇ ਅਧਿਕਾਰ ਅਕਾਲੀ ਦਲ ਦੇ ਪ੍ਰਧਾਨ ਨੂੰ ਸੌਂਪੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਇੰਚਾਰਜਾਂ ਤੇ ਵਰਕਿੰਗ ਕਮੇਟੀ ਦੀਆਂ ਦੋ ਲੰਬੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ ਜਿਸ ਦੌਰਾਨ ਪਾਰਟੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਜੋ ਕੋਈ ਵੀ ਅਨੁਸ਼ਾਸਨ ਭੰਗ ਕਰਨਾ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ। ਸੀਨੀਅਰ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਤੇ ਪੂਰਨ ਭਰੋਸਾ ਪ੍ਰਗਟਾਇਆ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਮੌਕੇ ਪਾਰਟੀ ਦੀ ਅਗਵਾਈ ਕਰਨ ਲਈ ਉਹ ਹੀ ਸਭ ਤੋਂ ਬੇਹਤਰੀਨ ਬੰਦੇ ਹਨ।
ਦੋਵਾਂ ਮੀਟਿੰਗਾਂ ਵਿਚ ਪਾਰਟੀ ਦੇ ਆਗੂਆਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਠੋਸ ਸੁਝਾਅ ਦਿੱਤੇ। ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਨੂੰ ਭਰੋਸਾ ਦੁਆਇਆ ਕਿ ਉਹਨਾਂ ਦੇ ਸਾਰੇ ਸੁਝਾਅ ਵਿਚਾਰੇ ਜਾਣਗੇ ਅਤੇ ਪਾਰਟੀ ਕਦੇ ਵੀ ਆਪਣੇ ਸਿਧਾਂਤਾਂ ’ਤੇ ਸਮਝੌਤਾ ਨਹੀਂ ਕਰੇਗੀ। ਉਹਨਾਂ ਕਿਹਾ ਕਿ ਜਿਹੜੇ ਵਿਚਾਰਾਂ ਨਾਲ ਪਾਰਟੀ ਮਜ਼ਬੂਤ ਹੋਵੇਗੀ, ਉਹ ਸਾਰੇ ਲਾਗੂ ਕੀਤੇ ਜਾਣਗੇ। ਉਹਨਾਂ ਨਾਲ ਹੀ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੀ ਮਜ਼ਬੂਤੀ ਵਾਸਤੇ ਕੰਮ ਕਰੇਗਾ। ਉਹਨਾਂ ਕਿਹਾ ਕਿ ਅਸੀਂ ਪੰਜਾਬੀਆਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕਰਾਂਗੇ ਭਾਵੇਂ ਜੋ ਮਰਜ਼ੀ ਹੋ ਜਾਵੇ।
ਪਾਰਟੀ ਆਗੂਆਂ ਨੂੰ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਸਪਸ਼ਟ ਕਿਹਾ ਕਿ ਝੂੰਦਾ ਕਮੇਟੀ ਦੀ ਰਿਪੋਰਟ ਵਿਚ ਲੀਡਰਸ਼ਿਪ ਤਬਦੀਲੀ ਦੀ ਕੋਈ ਗੱਲ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਕਮੇਟੀ ਨੇ 42 ਸੁਝਾਅ ਦਿੱਤੇ ਹਨ ਤੇ ਉਹ ਸਾਰੇ ਵਿਚਾਰੇ ਜਾ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲੇ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਕਿਉਂਕਿ ਪਾਰਟੀ ਹਮੇਸ਼ਾ ਖੇਤਰੀ ਇੱਛਾਵਾਂ ਦੀ ਪੂਰਤੀ ਵਾਸਤੇ ਡਟਦੀ ਰਹੀ ਹੈ।
ਬਾਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬੀਆਂ ਨੂੰ ਆਪ ਸਰਕਾਰ ਦੀਆਂ ਦਿਸ਼ਾਹੀਣ ਨੀਤੀਆਂ ਦਾ ਸੰਤਾਪ ਝੱਲਣਾ ਪੈ ਰਿਹਾ ਹੈ ਤੇ ਸਰਕਾਰ ਨੇ ਲੋਕਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨ ਨੂੰ ਹੋਈ ਪੀੜਾ ਨੂੰ ਵੇਖਦਿਆਂ ਅਸੀਂ ਚੁੱਪ ਨਹੀਂ ਬੈਠਾਂਗੇ ਕਿਉਂਕਿ ਕਿਸਾਨਾਂ ਨੂੰ ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਜਾਂ ਐਮ ਐਸ ਪੀ ਨਾਲੋਂ ਘੱਟ ਰੇਟ ’ਤੇ ਮੂੰਗੀ ਦੀ ਫਸਲ ਵੇਚਣ ਦਾ ਕੋਈ ਮੁਆਵਜ਼ਾ ਨਹੀਂ ਮਿਲਿਆ। ਉਹਨਾਂ ਕਿਹਾ ਕਿ ਪਾਰਟੀ ਇਸ ਮਕਸਦ ਵਾਸਤੇ ਛੇਤੀ ਹੀ ਪ੍ਰੋਗਰਾਮ ਲਿਆਵੇਗੀ।
ਇਹਨਾਂ ਆਗੂਆਂ ਨੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਜੋ ਆਜ਼ਾਦੀ ਕਾ ਮਹਾਉਤਸਵ ਵਜੋਂ ਮਨਾਈ ਜਾ ਰਹੀ ਹੈ, ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨ ਦੇ ਯਤਨਾਂ ਦੀ ਡਟਵੀਂ ਹਮਾਇਤ ਕਰਨ।
ਦੋਵਾਂ ਮੀਟਿੰਗਾਂ ਵਿਚ ਮਤੇ ਪਾਸ ਕਰ ਕੇ ਸੀਨੀਅਰ ਆਗੂਆਂ ਜਥੇਦਾਰ ਤੋਤਾ ਸਿੰਘ ਅਤੇ ਨਿਰਮਲ ਸਿੰਘ ਕਾਹਲੋਂ ਦੇ ਨਾਲ ਨਾਲ ਸੀਨੀਅਰ ਆਗੂ ਬਲਬੀਰ ਸਿੰਘ ਬਾਠ ਦੀ ਧਰਮ ਪਤਨੀ ਸਰਬਜੀਤ ਕੌਰ ਅਤੇ ਨਾਮੀ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ।