ਪੰਜਾਬ

– ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ 1980 ਅਤੇ 1990 ਦੇ ਦਹਾਕੇ ਤੋਂ ਫਰਾਰ ਭਗੌੜਿਆਂ ਨੂੰ ਕੀਤਾ ਕਾਬੂ

  - ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਵਿੱਚ ਮਿਸਾਲੀ ਵਾਧਾ ਹੋਇਆ, ਪਿਛਲੇ 6 ਹਫ਼ਤਿਆਂ ਦੌਰਾਨ 186 ਭਗੌੜੇ ਕੀਤੇ ਕਾਬੂ

 

– ਪਿਛਲੇ ਹਫਤੇ ਦੌਰਾਨ 335 ਨਸ਼ਾ ਤਸਕਰ/ਸਪਲਾਇਲਰਜ਼ ਨੂੰ  ਗ੍ਰਿਫਤਾਰ ਕਰਕੇ 9.76 ਕਿਲੋ ਹੈਰੋਇਨ, 8.68 ਕਿਲੋ ਅਫੀਮ, 11.56 ਕਿਲੋ ਗਾਂਜਾ, 49 ਹਜ਼ਾਰ ਫਾਰਮਾ ਓਪੀਓਡਜ਼, 40.50 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ 
– ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਾਖੋਰੀ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ

 

ਚੰਡੀਗੜ੍ਹ, 16 ਅਗਸਤ:

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ 7ਵੇਂ ਹਫ਼ਤੇ ਵਿੱਚ ਦਾਖਲ ਹੋਣ ਨਾਲ ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਦੌਰਾਨ ਅਜਿਹੇ 45 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨਾਲ ਭਗੌੜਿਆਂ ਦੀਆਂ ਹਫ਼ਤਾਵਾਰੀ ਗ੍ਰਿਫ਼ਤਾਰੀਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਦੱਸਣਯੋਗ ਹੈ ਕਿ 5 ਜੁਲਾਈ, 2022 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਕੁੱਲ 186 ਭਗੌੜੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 46 ਅਪਰਾਧੀ ਸੂਬੇ ਤੋਂ ਬਾਹਰੋਂ ਕਾਬੂ ਕੀਤੇ ਗਏ ਹਨ।
ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਐਨਡੀਪੀਐਸ ਐਕਟ ਤਹਿਤ ਉਨ੍ਹਾਂ ਭਗੌੜਿਆਂ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ 1980 ਅਤੇ 1990 ਦੇ ਦਹਾਕੇ ਤੋਂ ਗ੍ਰਿਫਤਾਰੀ ਤੋਂ ਬਚ ਰਹੇ ਸਨ।
ਉਨ੍ਹਾਂ ਉਦਾਹਰਣਾਂ ਦਿੰਦਿਆਂ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਕਾਕੂ ਵਾਸੀ ਕੋਟਲਾ ਹੁਸ਼ਿਆਰਪੁਰ, ਜਿਸ ਨੂੰ ਨਵੰਬਰ 1985 ਵਿੱਚ ਭਗੌੜਾ ਐਲਾਨਿਆ ਗਿਆ ਸੀ, ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ, 1988 ਤੋਂ ਭਗੌੜੇ ਅਮਰਜੀਤ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅਤੇ 1989 ਵਿੱਚ ਭਗੌੜਾ ਐਲਾਨੇ ਗਏ ਮਹਿੰਦਰ ਸਿੰਘ ਵਾਸੀ ਡਬਲਖੇੜੀ, ਹਰਿਆਣਾ ਨੂੰ ਸੰਗਰੂਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ, 1990 ਦੇ ਦਹਾਕੇ ਤੋਂ ਫਰਾਰ ਘੱਟੋ-ਘੱਟ ਤਿੰਨ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਨਸ਼ਿਆਂ ਬਾਰੇ ਹਫਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 251 ਐਫਆਈਆਰਜ਼, ਜਿਨ੍ਹਾਂ ਵਿੱਚ 22 ਵਪਾਰਕ ਮਾਮਲੇ ਵੀ ਸ਼ਾਮਲ ਹਨ ਦਰਜ ਕਰਕੇ 335 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਘੇਰਾਬੰਦੀ ਕਰਕੇ 9.76 ਕਿਲੋ ਹੈਰੋਇਨ, 8.68 ਕਿਲੋ ਅਫੀਮ, 11.56 ਕਿਲੋ ਗਾਂਜਾ, 9 ਕੁਇੰਟਲ ਭੁੱਕੀ, 49 ਹਜਾਰ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 40.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ/ਸਪਲਾਇਅਰਾਂ ‘ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਪਹਿਲਾਂ ਹੀ ਨਸ਼ਿਆਂ ਦੇ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀ.ਪੀਜ਼./ਐਸ.ਐਸ.ਪੀਜ਼ ਵੱਲੋਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਵਿਰੁੱਧ ਜਨਤਕ ਮੀਟਿੰਗਾਂ, ਨਸ਼ਾ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸੈਮੀਨਾਰ, ਵਿਧਾਇਕਾਂ, ਸਰਪੰਚਾਂ ਅਤੇ ਕੌਂਸਲਰਾਂ ਨਾਲ ਸਾਂਝੀ ਮੀਟਿੰਗਾਂ ਕਰਨ ਤੋਂ ਇਲਾਵਾ ਗੈਰ-ਸਰਕਾਰੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਸ਼ਾਮਲ ਕਰਨ ਸਮੇਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!