ਪੰਜਾਬ

*ਮੁੱਖ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਰੂਪ ਵਿੱਚ ਪੰਜਾਬ ਨੂੰ ਵੱਡੀ ਸੌਗਾਤ ਦੇਣ ਲਈ ਮੋਦੀ ਦਾ ਧੰਨਵਾਦ* 

*ਲੋਕਾਂ ਲਈ ਕੈਂਸਰ ਦੇ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ ਕੇਂਦਰ*

 

 

*ਪੰਜਾਬ ਨੂੰ ਖ਼ੁਸ਼ਹਾਲ, ਪ੍ਰਗਤੀਸ਼ੀਲ ਅਤੇ ਸ਼ਾਂਤਮਈ ਸੂਬਾ ਬਣਾਉਣ ਲਈ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ*

*ਮੁੱਲਾਂਪੁਰ (ਨਿਊ ਚੰਡੀਗੜ੍ਹ), 24 ਅਗਸਤ-*

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਰੂਪ ਵਿੱਚ ਸੂਬੇ ਲਈ ਸਭ ਤੋਂ ਵੱਡਾ ਤੋਹਫ਼ਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਕੈਂਸਰ ਪ੍ਰਭਾਵਿਤ ਸੂਬੇ ਖਾਸ ਕਰਕੇ ਮਾਲਵਾ ਖੇਤਰ ਨੂੰ ਇਸ ਨਾਮੁਰਾਦ ਬਿਮਾਰੀ ਵਿਰੁੱਧ ਕਾਰਗਰ ਢੰਗ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ, “ਆਮ ਬੋਲ ਚਾਲ ਵਿੱਚ ਪੰਜਾਬੀਆਂ ਨੂੰ ਤਾਂ ਕੈਂਸਰ ਦਾ ਨਾਂ ਲੈਣ ਤੋਂ ਵੀ ਡਰ ਲੱਗਦਾ ਹੈ ਕਿਉਂਕਿ ਇਸ ਦਾ ਇਲਾਜ ਬਹੁਤ ਮਹਿੰਗਾ ਹੈ ਪਰ ਇਹ ਕੈਂਸਰ ਇਲਾਜ ਕੇਂਦਰ, ਖਿੱਤੇ ਲਈ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।”

ਪ੍ਰਧਾਨ ਮੰਤਰੀ ਵੱਲੋਂ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਹੈ, ਜੋ ਸੂਬੇ ਨੂੰ ਕੈਂਸਰ ਵਿਰੁੱਧ ਲੜਾਈ ਹੋਰ ਤੇਜ਼ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਸੂਬੇ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਪਰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਵੱਧ ਵਰਤੋਂ ਕਾਰਨ ਪੰਜਾਬ ਦੇ ਲੋਕ ਕੈਂਸਰ ਦੀ ਬਿਮਾਰੀ ਦੀ ਲਪੇਟ ਵਿਚ ਆ ਗਏ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ ਕੈਂਸਰ ਪੀੜਤ ਮਰੀਜ਼ਾਂ ਦਾ ਇਲਾਜ ਕਰੇਗਾ, ਸਗੋਂ ਖੋਜ ਕਾਰਜਾਂ ਰਾਹੀਂ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ।

 

ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਸੰਗਰੂਰ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਲੋਕਾਂ ਨੂੰ ਕੈਂਸਰ ਦਾ ਮਿਆਰੀ ਇਲਾਜ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਹਸਪਤਾਲ ਵਿੱਚ ਹੁਣ ਤੱਕ ਲਗਭਗ 37,000 ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਿਊ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਕੇਂਦਰ ਨਾ ਸਿਰਫ਼ ਪੰਜਾਬ ਦੇ ਮਰੀਜ਼ਾਂ ਨੂੰ ਸਗੋਂ ਗੁਆਂਢੀ ਸੂਬਿਆਂ ਜਿਵੇਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ ਅਤੇ ਰਾਜਸਥਾਨ ਨੂੰ ਵੀ ਮਿਆਰੀ ਕੈਂਸਰ ਇਲਾਜ ਮੁਹੱਈਆ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।

 

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਪ੍ਰਧਾਨ ਮੰਤਰੀ ਰਾਹਤ ਫੰਡ ਤਹਿਤ ਹਰ ਮਹੀਨੇ ਤਿੰਨ ਗੰਭੀਰ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਰੈਫ਼ਰ ਕਰਨ ਦੇ ਹੱਕਦਾਰ ਸਨ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਅੱਠ ਸਾਲਾਂ ਦੌਰਾਨ ਕੈਂਸਰ ਦੇ ਕਈ ਮਰੀਜ਼ਾਂ ਦੇ ਦੁੱਖਾਂ ਨੂੰ ਦੂਰ ਕਰਨ ਲਈ ਇਸ ਸਹੂਲਤ ਦੀ ਸੂਝ-ਬੂਝ ਨਾਲ ਵਰਤੋਂ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਮੁੱਖ ਮੰਤਰੀ ਰਾਹਤ ਫੰਡ ਤਹਿਤ ਕੈਂਸਰ ਦੇ 69000 ਮਰੀਜ਼ਾਂ ਲਈ 888 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਜਾ ਚੁੱਕੀ ਹੈ।

 

ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਆਜ਼ਾਦੀ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 90 ਫੀਸਦੀ ਤੋਂ ਵੱਧ ਲੋਕ ਪੰਜਾਬੀ ਸਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਰਾਖੀ ਲਈ ਪੰਜਾਬੀਆਂ ਦਾ ਵੀ ਅਹਿਮ ਰੋਲ ਹੈ। ਭਗਵੰਤ ਮਾਨ ਨੇ ਕਿਹਾ ਕਿ ਮਿਲਖਾ ਸਿੰਘ, ਦਾਰਾ ਸਿੰਘ, ਬਲਬੀਰ ਸਿੰਘ ਵਰਗੇ ਪੰਜਾਬ ਦੇ ਉੱਘੇ ਖਿਡਾਰੀਆਂ ਨੇ ਵੀ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਪੰਜਾਬ ਨੂੰ ਦੇਸ਼ ਦੀ ਮੁੰਦਰੀ ਦਾ ਨਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸ਼ੁਰੂ ਵਿੱਚ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਫਰੰਟ ਉਤੇ ਕੁਝ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਆ ਗਏ ਹਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਪੁਲਿਸ ਕੇਂਦਰੀ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਠੇਸ ਪਹੁੰਚਾਉਣ ਵਾਲੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਕਰੜੀ ਚੌਕਸੀ ਰੱਖ ਰਹੀ ਹੈ।

 

ਮੁੱਖ ਮੰਤਰੀ ਨੇ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਕੇਂਦਰ ਸਰਕਾਰ ਨਾਲ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਅਹਿਮ ਕਾਰਜ ਲਈ ਪੰਜਾਬ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਅਜਿਹੇ ਹੋਰ ਤੋਹਫ਼ਿਆਂ ਨਾਲ ਸੂਬੇ ਦੀ ਮਦਦ ਲਈ ਫਰਾਖਦਿਲੀ ਦਿਖਾਉਣਗੇ।

 

ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ‘ਤੇ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਪ੍ਰਗਤੀਸ਼ੀਲ ਅਤੇ ਸਿਹਤਮੰਦ ਸੂਬੇ ਵਜੋਂ ਮੁੜ ਉਭਰੇਗਾ।

 

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸ਼ਾਲ ਅਤੇ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਦਾ ਮਾਡਲ ਭੇਟ ਕਰਕੇ ਸਨਮਾਨਿਤ ਵੀ ਕੀਤਾ।

 

ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ, ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!