ਪੰਜਾਬ
*ਕੈਬਨਿਟ ਮੰਤਰੀ ਪੰਜਾਬ ਵੱਲੋਂ ਸਿਹਤ ਕੇਂਦਰਾਂ ਦਾ ਕੀਤਾ ਉਦਘਾਟਨ*
*ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ: ਡਾ. ਬਲਜੀਤ ਕੌਰ*
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 30 ਅਗਸਤ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਹਤ ਕੇਂਦਰ ਲੱਖੇਵਾਲੀ ਅਤੇ ਨੰਦਗੜ੍ਹ ਦਾ ਉਦਘਾਟਨ ਕਰਕੇ ਲੋਕਾਂ ਨੂੰ ਅਰਪਣ ਕੀਤੇ। ਇਸ ਮੋਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਨ੍ਹਾ ਦੇ ਘਰ੍ਹਾਂ ਦੇ ਨਜ਼ਦੀਕ ਮੁਹੱਇਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ 100 ਤੋਂ ਵੱਧ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਵਧੀਆ ਸਿਹਤ ਸਹੂਲਤਾਂ ਦੇਣ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਲੋਕਾਂ ਦੀ ਸਿਹਤ ਵਿਚ ਸੁਧਾਰ ਲਿਆਉਣ ਲਈ ਅਤੇ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾ ਦਾ ਇਲਾਜ ਕਰਨ ਲਈ ਲਾਹੇਵੰਦ ਸਾਬਿਤ ਹੋਣਗੇ।
ਉਨ੍ਹਾ ਕਿਹਾ ਕਿ ਅੱਜ ਪਿੰਡ ਲੱਖੇਵਾਲੀ ਅਤੇ ਨੰਦਗੜ੍ਹ ਵਿਖੇ ਜੋ ਸਿਹਤ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਪੰਜਾਬ ਸਰਕਾਰ ਵੱਲੋਂ ਬਣਾਈਆਂ ਗਈਆਂ ਹਨ, ਇੰਨ੍ਹਾ ਵਿਚ ਆਮ ਬੀਮਾਰੀਆਂ ਦੇ ਇਲਾਜ ਦੇ ਨਾਲ-ਨਾਲ ਗਰਭਵਤੀ ਔਰਤਾਂ, ਬੱਚਿਆਂ ਦੇ ਟੀਕਾਕਰਨ, ਉਨ੍ਹਾ ਦਾ ਚੈੱਕਅੱਪ, ਪਰਿਵਾਰ ਨਿਯੋਜਨ ਸੇਵਾਵਾਂ, ਜਨਮ ਮੌਤ ਦੀ ਰਜਿਸਟਰੇਸ਼ਨ ਆਦਿ ਸੇਵਾਵਾਂ ਸਬੰਧਤ ਸਟਾਫ ਵੱਲੋਂ ਦਿੱਤੀਆਂ ਜਾਣਗੀਆਂ।