ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ
*ਪੰਜਾਬ ਵਿੱਚ ਪੂਸਾ ਬਾਇਓ ਡੀ-ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰੋਜੈਕਟ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ
*ਦਿੱਲੀ ਸਰਕਾਰ ਵੱਲੋਂ ਕੀਤਾ ਜਾਵੇਗਾ ਸਹਿਯੋਗ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਖੇਤੀਬਾੜੀ ਮੰਤਰੀ ਗੋਪਾਲ ਰਾਏ
ਨਾਲ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਮੀਟਿੰਗ*
*ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦੀ ਕੀਤੀ ਨਿੰਦਾ*
ਨਵੀਂ ਦਿੱਲੀ/ਚੰਡੀਗੜ, 15 ਸਤੰਬਰ:
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਿਸਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਮਿਲਿਆ ਜਦੋਂ ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰਾਜੈਕਟ ਕਰਨ ਦਾ ਫੈਸਲਾ ਕੀਤਾ ਗਿਆ।
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਸਬੰਧੀ ਕੱਲ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ।
ਪਹਿਲਾਂ ਉਹ ਨਵੀਂ ਦਿੱਲੀ ਵਿਖੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਲਈ ਰੋਕਣ ਲਈ ਇਸ ਦੇ ਪ੍ਰਬੰਧਨ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲੇ ਅਤੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੂਰਨ ਮੱਦਦ ਦਾ ਭਰੋਸਾ ਦਿੱਤਾ ਗਿਆ ਹੈ। ਇਸ ਉਪਰੰਤ ਇਸ ਸੰਬੰਧੀ ਦਿੱਲੀ ਦੇ ਖੇਤੀਬਾੜੀ ਮੰਤਰੀ ਗੋਪਾਲ ਰਾਏ ਨਾਲ ਵੀ ਮੁਲਾਕਾਤ ਕੀਤੀ। ਇਹ ਪ੍ਰਾਜੈਕਟ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਮਿਲ ਕੇ ਪੰਜਾਬ ਵਿੱਚ ਕੀਤਾ ਜਾਵੇਗਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਡੀ ਕੰਪੋਜ਼ਰ ਉਹ ਵਿਧੀ ਹੈ, ਜਿਸ ਰਾਹੀਂ ਪਰਾਲੀ ਛਿੜਕਾਅ ਤੋਂ ਬਾਅਦ ਬਿਨਾਂ ਜਲਾਏ ਖੇਤ ਵਿੱਚ ਮਿੱਟੀ ਵਿੱਚ ਰਲਾ ਦਿੱਤੀ ਜਾਂਦੀ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਦੇ ਤਹਿਤ ਜਾਗਰੂਕ ਟੀਮਾਂ, ਚੌਕਸੀ ਟੀਮਾਂ ਦੀ ਪ੍ਰਚਾਰ ਮੁਹਿੰਮ ਅਤੇ ਖੇਤੀਬਾੜੀ ਸੰਦਾਂ ਉਤੇ ਸਬਸਿਡੀ ਮੁਹੱਈਆ ਕਰਵਾਉਣਾ ਸ਼ਾਮਲ ਹੈ।
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਅਪਣਾਏ ਗਏ ਰੁਖ ਦੀ ਵੀ ਨਿੰਦਾ ਕੀਤੀ ਜਿਨਾਂ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਦੇ ਕਿਸਾਨਾਂ ਨੂੰ ਮੁਆਵਜ਼ਾਂ ਜਾ ਵਿੱਤੀ ਸਹਾਇਤਾ ਕਰਨ ਦੀ ਮੰਗ ਨੂੰ ਠੁਕਰਾ ਦਿੱਤੀ ਹੈ। ਭਾਵੇਂ ਕੇਂਦਰ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ ਤੋਂ ਨਾਂਹ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਪਰਾਲੀ ਨੂੰ ਜਲਾਉਣ ਤੋਂ ਹੋਣ ਵਾਲੇ ਪ੍ਰਦੂਸਨ ਰੋਕਣ ਲਈ ਆਪਣੇ ਪੱਧਰ ‘ਤੇ ਹਰ ਹੀਲਾ ਵਸੀਲਾ ਵਰਤੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਖੇਤੀ ਸੰਦ ਵੀ ਸਸਤੇ ਭਾਅ ‘ਤੇ ਮੁਹੱਈਆ ਕਰਵਾਏ ਜਾਣਗੇ।ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਪ੍ਰਦੂਸ਼ਨ ਕੰਟਰੋਲ ਬੋਰਡ ਤੋਂ ਇਲਾਵਾ ਕਈ ਹੋਰ ਵਿਭਾਗਾਂ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਖ ਵੱਖ ਉਪਰਾਲੇ ਕੀਤੇ ਜਾਣਗੇ ਅਤੇ ਮੁਹਿੰਮਾਂ ਚਲਾਈਆਂ ਜਾਣਗੀਆਂ।
ਸ. ਧਾਲੀਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਾਡੀ ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਨ ਤੋਂ ਬਚਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਰੋਗ ਮੁਕਤ ਸਾਫ ਸੁਥਰੇ ਵਾਤਾਵਰਣ ਦਾ ਅਨੰਦ ਮਾਣ ਸਕਣ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਡਾ. ਲਵਲੀਨ ਸ਼ੁਕਲਾ, ਡਾ.ਸੁਨੀਲ ਪਾਬੀ, ਡਾ.ਕੇ.ਅੰਨਾਪੂਰਨਾ ਤੇ ਵਿਵੇਕ ਕੁਮਾਰ ਤਿ੍ਪਾਠੀ ਵੀ ਹਾਜ਼ਰ ਸਨ।
——-