ਵਿਜੀਲੈਂਸ ਬਿਊਰੋ ਨੇ ਰਜਿਸਟਰੀ ਕਲਰਕ ਅਤੇ ਚੌਕੀਦਾਰ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 15 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਝੁਨੀਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਪ੍ਰਕਾਸ਼ ਸਿੰਘ ਅਤੇ ਚੌਕੀਦਾਰ ਮੰਗਤ ਸਿੰਘ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਅਤੇ ਚੌਕੀਦਾਰ ਨੂੰ ਬਹਾਦਰ ਸਿੰਘ ਵਾਸੀ ਪਿੰਡ ਬੁਰਜ ਭਲਾਈ ਕੇ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਕਲਰਕ ਉਸਦੀ ਜਾਇਦਾਦ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਲਈ 5,000 ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 2000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਹ ਇਸੇ ਕੰਮ ਲਈ ਨਾਇਬ ਤਹਿਸੀਲਦਾਰ, ਝੁਨੀਰ ਨੂੰ ਪਹਿਲਾਂ ਹੀ 15,000 ਰੁਪਏ ਦੇ ਚੁੱਕਾ ਹੈ।
ਉਸ ਦੀ ਸੂਚਨਾ ਦੀ ਪੜਤਾਲ ਉਪਰੰਤ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਚੌਕੀਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਜਿਸਟਰੀ ਕਲਰਕ ਦੀ ਤਰਫੋਂ ਸ਼ਿਕਾਇਤਕਰਤਾ ਤੋਂ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ।
ਬੁਲਾਰੇ ਨੇ ਦੱਸਿਆ ਕਿ ਰਿਸ਼ਵਤਖੋਰੀ ਦੇ ਇਸ ਮਾਮਲੇ ਵਿੱਚ ਦੋਸ਼ੀ ਰਜਿਸਟਰੀ ਕਲਰਕ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।