ਪੰਜਾਬ

ਪੰਜਾਬ ਪੁਲਿਸ ਵੱਲੋਂ ਆਰਪੀਜੀ ਹਮਲੇ ਦਾ ਮੁੱਖ ਦੋਸ਼ੀ ਮੁੰਬਈ ਤੋਂ ਗ੍ਰਿਫਤਾਰ 

ਗ੍ਰਿਫਤਾਰ ਮੁਲਜ਼ਮ ਚੜ੍ਹਤ ਸਿੰਘ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਦਾ ਕਰੀਬੀ ਸਾਥੀ: ਡੀਜੀਪੀ ਗੌਰਵ ਯਾਦਵ 

– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਯਤਨਸ਼ੀਲ
– ਇਸ ਮਾਮਲੇ ‘ਚ ਹੁਣ ਤੱਕ ਅੱਠ ਦੋਸ਼ੀ ਗ੍ਰਿਫਤਾਰ, ਆਖਰੀ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ: ਆਈਜੀਪੀ ਸੁਖਚੈਨ ਗਿੱਲ

 

ਚੰਡੀਗੜ੍ਹ, 13 ਅਕਤੂਬਰ:

 

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਜੰਗ ‘ਚ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਕੇਂਦਰੀ ਏਜੰਸੀ ਅਤੇ ਏ.ਟੀ.ਐੱਸ. ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ‘ਚ ਰਾਕੇਟ ਪ੍ਰੋਪੈਲਡ ਗ੍ਰੇਨੇਡ(ਆਰ.ਪੀ.ਜੀ.) ਹਮਲੇ ਦੇ ਮੁੱਖ ਦੋਸ਼ੀ ਚੜ੍ਹਤ ਸਿੰਘ ਨੂੰ ਅੱਜ ਸਵੇਰੇ ਮੁੰਬਈ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ। ਇਹ  ਆਰਪੀਜੀ ਹਮਲਾ 9 ਮਈ, 2022 ਨੂੰ ਮੋਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਲਗਭਗ 19:45 ਵਜੇ ਕੀਤਾ ਗਿਆ ਸੀ।

 

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਇਸ ਹਮਲੇ ਦਾ ਮੁੱਖ ਸੰਚਾਲਕ ਹੈ ਅਤੇ ਕੈਨੇਡਾ ਸਥਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦਾ ਸਹਿਯੋਗੀ ਹੈ।
ਉਨ੍ਹਾਂ ਕਿਹਾ ਕਿ ਮੁਲਜ਼ਮ ਚੜ੍ਹਤ ਨੇ ਲੰਡਾ ਦੀ ਮਦਦ ਨਾਲ ਸੂਬੇ ਭਰ ਵਿੱਚ ਇੱਕ ਮਜ਼ਬੂਤ ਅਪਰਾਧ ਨੈੱਟਵਰਕ ਬਣਾਇਆ ਹੋਇਆ ਸੀ ਅਤੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਲੌਜਿਸਟਿਕ ਸਹਾਇਤਾ ਅਤੇ ਪਨਾਹ ਪ੍ਰਦਾਨ ਕਰ ਰਿਹਾ ਸੀ। ਚੜ੍ਹਤ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਰਾਹੀਂ ਪਾਕਿਸਤਾਨ ਆਈਐਸਆਈ ਦੇ ਸਰਗਰਮ ਸਮਰਥਨ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਏਕੇ-47 ਅਤੇ ਹੋਰ ਹਥਿਆਰ ਵੀ ਮੰਗਵਾਏ ਸਨ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਲਜ਼ਮ ਚੜ੍ਹਤ ਸਿੰਘ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦੋਂ ਕਿ ਹਮਲੇ ਵਿੱਚ ਸ਼ਾਮਲ ਇੱਕ ਹੋਰ ਨਾਬਾਲਗ ਮੁਲਜ਼ਮ ਦੀ ਦਿੱਲੀ ਪੁਲਿਸ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਗ੍ਰਿਫਤਾਰੀ ਨਾਲ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਨੌਂ ਹੋ ਗਈ ਹੈ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂੰ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਇਸ ਮਾਮਲੇ ਦੇ ਆਖ਼ਰੀ ਦੋਸ਼ੀ ਦੀਪਕ ਕੁਮਾਰ ਵਾਸੀ ਝੱਜਰ, ਹਰਿਆਣਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ, ਜਿਸ ਨੇ ਆਰਪੀਜੀ ਹਮਲਾ ਕੀਤਾ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਮੁਲਜ਼ਮ ਚੜ੍ਹਤ ਇੱਕ ਆਦਤਨ ਅਪਰਾਧੀ ਹੈ ਅਤੇ ਉਹ ਪੰਜਾਬ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕਈ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਮੁਲਜ਼ਮ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ ਅਤੇ ਆਰਪੀਜੀ ਹਮਲੇ ਸਮੇਂ ਉਹ ਪੈਰੋਲ ’ਤੇ ਬਾਹਰ ਸੀ। ਉਹਨਾਂ ਅੱਗੇ ਦੱਸਿਆ ਕਿ ਚੜ੍ਹਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਾਰਚ 2015 ਵਿੱਚ ਤਰਨਤਾਰਨ ਦੇ ਖੇਮਕਰਨ ਵਿੱਚ ਇੱਕ ਦੁਕਾਨਦਾਰ ਸ਼ਸ਼ੀ ਕਪੂਰ ਦਾ ਕਤਲ ਕਰ ਦਿੱਤਾ ਸੀ।
ਆਈਜੀਪੀ ਨੇ ਕਿਹਾ ਕਿ ਚੜਤ ਨੇ ਆਪਣੀ ਪੈਰੋਲ ਦੌਰਾਨ, ਆਰਪੀਜੀ ਹਮਲਾ ਜਿਸਦਾ ਉਦੇਸ਼ ਸੂਬੇ ਵਿੱਚ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਨੂੰ ਭੰਗ ਕਰਨਾ ਸੀ, ਨੂੰ ਅੰਜਾਮ ਦੇਣ ਲਈ ਤਰਨਤਾਰਨ ਖੇਤਰ ਤੋਂ ਨਿਸ਼ਾਨ ਕੁੱਲਾ ਅਤੇ ਹੋਰਨਾਂ ਸਮੇਤ ਆਪਣੇ ਸਾਥੀਆਂ ਨੂੰ ਦੁਬਾਰਾ ਇਕੱਠਾ ਕੀਤਾ।
ਜਿਕਰਯੋਗ ਹੈ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!