ਡਾ. ਇੰਦਰਬੀਰ ਸਿੰਘ ਨਿੱਜਰ ਨੇ 10 ਜੂਨੀਅਰ ਡਰਾਫਟਸਮੈਨ, 09 ਕਲਰਕ, 04 ਖੇਤੀਬਾੜੀ ਉਪ ਨਿਰੀਖਕ ਅਤੇ ਇੱਕ ਬੇਲਦਾਰ ਨੂੰ ਨਿਯੁਕਤੀ ਅਤੇ ਪੱਦ-ਉਨਤੀ ਪੱਤਰ ਸੌਂਪੇ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ
ਚੰਡੀਗੜ੍ਹ, 20 ਦਸੰਬਰ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 10 ਜੂਨੀਅਰ ਡਰਾਫਟਸਮੈਨ, 09 ਕਲਰਕ, 04 ਖੇਤੀਬਾੜੀ ਸਬ-ਇੰਸਪੈਕਟਰਾਂ ਅਤੇ 01 ਬੇਲਦਾਰ ਨੂੰ ਅਜ ਇੱਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਨਿਯੁਕਤੀ ਅਤੇ ਪੱਦ-ਉਨਤੀ ਪੱਤਰ ਸੌਂਪੇ।
ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਚੋਣ ਵਾਅਦੇ ਅਨੁਸਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ, ਤਾਂ ਜੋ ਨੌਜਵਾਨਾਂ ਦੇ ਦਿਮਾਗ ਨੂੰ ਸੂਬੇ ਦੀ ਤਰੱਕੀ ਲਈ ਵਰਤਿਆ ਜਾ ਸਕੇ |
ਕੈਬਨਿਟ ਮੰਤਰੀ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਧੀਨ ਨਵ-ਨਿਯੁਕਤ/ਪੱਦ-ਉਨਤ ਕੀਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਸਟਾਫ਼ ਦੀ ਘਾਟ ਕਾਰਨ ਤਕਨੀਕੀ ਚੈਕਿੰਗ, ਪ੍ਰੋਜੈਕਟ ਅਨੁਮਾਨਾਂ ਦੀ ਪੜਤਾਲ ਅਤੇ ਵਿਭਾਗ ਦੇ ਹੋਰ ਜ਼ਰੂਰੀ ਕੰਮਾਂ ਨੂੰ ਨੇਪਰੇ ਚਾੜ੍ਹਨ ਵਿੱਚ ਦਿੱਕਤ ਆ ਰਹੀ ਸੀ ਪਰ ਇਸ ਬੈਚ ਦੇ ਆਉਣ ਨਾਲ ਵਿਭਾਗ ਨੂੰ ਵੱਡੀ ਰਾਹਤ ਮਿਲੇਗੀ।
ਕੈਬਨਿਟ ਮੰਤਰੀ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ ਚੱਲ ਰਹੇ ਭੂਮੀ ਅਤੇ ਜਲ ਸੰਭਾਲ ਕਾਰਜਾਂ ਵਿੱਚ ਨਵੀਆਂ ਪਹਿਲਕਦਮੀਆਂ ਅਤੇ ਹੋਰ ਨਵੇਂ ਪ੍ਰੋਗਰਾਮ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖਾਸ ਕਰਕੇ ਖੇਤੀਬਾੜੀ ਖੇਤਰ ਵਿੱਚ ਵੱਡੇ ਪੱਧਰ ’ਤੇ ਪਾਣੀ ਬਚਾਓ ਮੁਹਿੰਮ ਸ਼ੁਰੂ ਕਰਨ ਦੀ ਲੋੜ ਹੈ।
ਵਿਭਾਗ ਵਿੱਚ ਹੋਰ ਸਟਾਫ਼ ਦੀ ਘਾਟ ਬਾਰੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨ੍ਹਾਂ ਮੁੱਦਿਆਂ ‘ਤੇ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਖਾਲੀ ਅਸਾਮੀਆਂ ਨੂੰ ਪਾਰਦਰਸ਼ੀ ਢੰਗ ਨਾਲ ਭਰਨ ਲਈ ਯਤਨ ਕੀਤੇ ਜਾ ਰਹੇ ਹਨ।
ਮੁੱਖ ਭੂਮੀ ਪਾਲ ਅਤੇ ਵਿਭਾਗ ਦੇ ਮੁਖੀ ਸ੍ਰੀ ਮਹਿੰਦਰ ਸਿੰਘ ਸੈਣੀ ਨੇ ਵੀ ਨਵ-ਨਿਯੁਕਤ ਅਤੇ ਪਦਉੱਨਤ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਇਸ ਨਾਲ ਵਿਭਾਗ ਦੇ ਖੇਤਰੀ ਪੱਧਰ ਦੇ ਕੰਮਕਾਜ ਨੂੰ ਮਜ਼ਬੂਤੀ ਮਿਲੇਗੀ ਅਤੇ ਵਿਭਾਗ ਦਾ ਕੰਮ ਹੋਰ ਵੀ ਸਚਾਰੂ ਢੰਗ ਨਾਲ ਚਲਾਇਆ ਜਾ ਸਕੇਗਾ।