ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਰੋਕਣ ਲਈ ਫ਼ਰਾਖ਼ਦਿਲੀ ਨਾਲ ਫੰਡ ਅਲਾਟ ਕਰਨ ਲਈ ਕੇਂਦਰ ਸਰਕਾਰ ਦਾ ਸਹਿਯੋਗ ਮੰਗਿਆ
ਸਰਹੱਦ ਪਾਰ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ‘ਤੇ ਜ਼ੋਰ
ਪੰਜਾਬ ਕੇਡਰ ਦੇ ਅਧਿਕਾਰੀ ਦੀ ਐਸ.ਐਸ.ਪੀ. ਚੰਡੀਗੜ੍ਹ ਵਜੋਂ ਨਿਯੁਕਤੀ ਦਾ ਮੁੱਦਾ ਚੁੱਕਿਆ
ਕੇਂਦਰੀ ਗ੍ਰਹਿ ਮੰਤਰੀ ਕੋਲ ਆਰ.ਡੀ.ਐਫ. ਦੇ ਬਕਾਏ ਦਾ ਮੁੱਦਾ ਉਠਾਇਆ
ਨਵੀਂ ਦਿੱਲੀ/ਚੰਡੀਗੜ੍ਹ, 2 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਫ਼ਰਾਖ਼ਦਿਲੀ ਨਾਲ ਫੰਡ ਅਲਾਟ ਕਰਨ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਅੱਜ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਬਾਰੇ ਜਾਣੂ ਕਰਵਾਇਆ। ਇਸ ‘ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ ਜਿਸ ਲਈ ਕੇਂਦਰ ਸਰਕਾਰ ਦਾ ਸਹਿਯੋਗ ਜ਼ਰੂਰੀ ਹੈ। ਭਗਵੰਤ ਮਾਨ ਨੇ ਇਸ ਚੁਣੌਤੀ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਨਵੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾ ਪੁਲਿਸ ਫੋਰਸ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਪੁਲਿਸ ਫੋਰਸ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਇਹ ਸਭ ਤੋਂ ਜ਼ਰੂਰੀ ਹੈ।
ਅਮਿਤ ਸ਼ਾਹ ਨਾਲ 40 ਮਿੰਟ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਹੱਦ ਪਾਰੋਂ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਡੇਰੇ ਹਿੱਤ ਵਿੱਚ ਸਰਹੱਦ ‘ਤੇ ਸੁਰੱਖਿਆ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਡਰੱਗ ਮਾਫੀਆ ਦੀ ਸਰਪ੍ਰਸਤੀ ਕਰ ਰਿਹਾ ਹੈ, ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਹੁਤ ਘਾਤਕ ਸਾਬਤ ਹੋ ਸਕਦਾ ਹੈ।
ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਪੰਜਾਬ ਵੱਲੋਂ ਫੜੇ ਗਏ ਗੈਂਗਸਟਰਾਂ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਗੈਂਗਸਟਰਾਂ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉੱਤੇ ਚੱਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਕੀਮਤ ‘ਤੇ ਸੂਬੇ ਵਿਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪਾਬੰਦ ਹੈ।
ਮੁੱਖ ਮੰਤਰੀ ਨੇ ਕੰਡਿਆਲੀ ਤਾਰ ਤੋਂ ਪਾਰ ਜਾਣ ਵਾਲੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਕਾਡਰ ਦੇ ਅਧਿਕਾਰੀ ਨੂੰ ਚੰਡੀਗੜ੍ਹ ਵਿੱਚ ਐਸ.ਐਸ.ਪੀ. ਨਿਯੁਕਤ ਕਰਨ ਦੀ ਵੀ ਅਪੀਲ ਕੀਤੀ, ਜੋ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ। ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ ਬਕਾਏ ਤੁਰੰਤ ਜਾਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ।
ਮੁੱਖ ਮੰਤਰੀ ਦੇ ਨਾਲ ਡੀ.ਜੀ.ਪੀ. ਗੌਰਵ ਯਾਦਵ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਮੌਜੂਦ ਸਨ।