ਪੰਜਾਬ

ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਣ ਵਾਲਿਆਂ ਖ਼ਿਲਾਫ਼ ਹੀ ਕਾਰਵਾਈ ਹੋ ਰਹੀ ਹੈਃ ਮੁੱਖ ਮੰਤਰੀ

 

* ਭ੍ਰਿਸ਼ਟ ਸਿਆਸਤਦਾਨਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਸਿਸਟਮ ਦੀ ਸਫ਼ਾਈ ਕੀਤੀ ਜਾ ਰਹੀ ਹੈ
* ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਯਕੀਨੀ ਬਣਾਇਆ ਜਾਵੇਗਾ
* ਲੋਕਾਂ ਲਈ ਕੁਰਬਾਨੀਆਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਹੁਣ ਜ਼ਮਾਨਤ ਮੰਗਣ ਲਈ ਭੱਜ-ਨੱਠ ਕਰ ਰਹੇ ਨੇ
* ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ

ਧੂਰੀ/ਸੰਗਰੂਰ, 17 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬਾ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ, ਸਗੋਂ ਸਿਰਫ਼ ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਈ ਜਾ ਰਹੀ ਹੈ, ਜਿਨ੍ਹਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ।

ਇੱਥੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਸ਼ੁੱਕਰਵਾਰ ਨੂੰ ਜਨਤਕ ਮੀਟਿੰਗਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਸਿਆਸਤਦਾਨਾਂ ਨੂੰ ਸਲਾਖਾਂ ਪਿੱਛੇ ਡੱਕਣ ਨੂੰ ਯਕੀਨੀ ਬਣਾ ਕੇ ਸਿਸਟਮ ਦੀ ਸਫ਼ਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਅਤੇ ਬੇਸ਼ਰਮੀ ਨਾਲ ਸੂਬੇ ਨੂੰ ਲੁੱਟਿਆ ਹੈ ਅਤੇ ਹੁਣ ਇਹ ਆਪਣੇ ਗੁਨਾਹਾਂ ਦੀ ਕੀਮਤ ਚੁਕਾ ਰਹੇ ਹਨ। ਭਗਵੰਤ ਮਾਨ ਨੇ ਹੈਰਾਨੀ ਪ੍ਰਗਟਾਈ ਕਿ ਅਜਿਹੇ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਕਾਰਵਾਈ ਬਦਲੇ ਦੀ ਰਾਜਨੀਤੀ ਕਿਵੇਂ ਹੋ ਸਕਦੀ ਹੈ?

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕੀਤੀ ਹੈ, ਭਾਵੇਂ ਉਹ ਮੌਜੂਦਾ ਜਾਂ ਪਿਛਲੀ ਸਰਕਾਰ ਨਾਲ ਸਬੰਧਤ ਹੋਵੇ, ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਜੀਲੈਂਸ ਬਿਉਰੋ ਸੁਤੰਤਰ ਤੌਰ ‘ਤੇ ਕੰਮ ਕਰ ਰਿਹਾ ਹੈ ਅਤੇ ਪੁੱਛਗਿੱਛ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਨਤਾ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਤੋਂ ਇਕ-ਇਕ ਪੈਸਾ ਵਸੂਲਣਾ ਹੀ ਉਨ੍ਹਾਂ ਦਾ ਇੱਕੋ-ਇੱਕ ਟੀਚਾ ਹੈ।

ਇਸ ਮੁੱਦੇ ‘ਤੇ ਰੌਲਾ-ਰੱਪਾ ਪਾਉਣ ਲਈ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਖੁੱਲ੍ਹੀ ਕਿਤਾਬ ਹੋਣ ਦਾ ਦਾਅਵਾ ਕਰਨ ਵਾਲੇ ਇਨ੍ਹਾਂ ਆਗੂਆਂ ਦੀ ਜ਼ਿੰਦਗੀ ਦੇ ਕਈ ਪੰਨੇ ਫਟੇ ਹੋਏ ਹਨ, ਜਿਸ ਕਾਰਨ ਉਹ ਵਿਜੀਲੈਂਸ ਦੀ ਕਾਰਵਾਈ ਤੋਂ ਘਬਰਾਉਂਦੇ ਹਨ। ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਤੋਂ ਪੁੱਛਿਆ ਕਿ ਉਹ ਇਹ ਦੱਸਣ ਕਿ ਉਨ੍ਹਾਂ ਦਾ ਇਕ ਸਾਥੀ ਅਤੇ ਸਾਬਕਾ ਮੰਤਰੀ, ਜੋ ਕਿ ਸਲਾਖਾਂ ਪਿੱਛੇ ਹੈ, ਵਿਜੀਲੈਂਸ ਬਿਉਰੋ ਦੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਲਈ ਕਿਉਂ ਗਿਆ ਸੀ? ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਵਿਜੀਲੈਂਸ ਦੀ ਕਾਰਵਾਈ ‘ਤੇ ਸਵਾਲ ਚੁੱਕਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਇਹ ਭ੍ਰਿਸ਼ਟਾਚਾਰ ‘ਚ ਨੱਕੋ-ਨੱਕ ਡੁੱਬੇ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਕਾਫ਼ੀ ਜਾਇਦਾਦ ਇਕੱਠੀ ਕਰਕੇ ਵੱਡੇ-ਵੱਡੇ ਮਹਿਲ ਉਸਾਰੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਮਹਿਲਾਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਗੇਟ ਆਮ ਤੌਰ ’ਤੇ ਲੋਕਾਂ ਲਈ ਬੰਦ ਹੀ ਰਹਿੰਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਾਹਰ ਰਹੇ, ਜਿਸ ਕਾਰਨ ਜਨਤਾ ਨੇ ਉਨ੍ਹਾਂ ਨੂੰ ਬਾਹਰ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਸੂਬੇ ਦੇ ਲੋਕਾਂ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇਹ ਨਾ ਤਾਂ ਬਾਦਲ ਦੀ ਸਰਕਾਰ ਹੈ ਅਤੇ ਨਾ ਹੀ ਕੈਪਟਨ ਦੀ, ਸਗੋਂ ਇਹ ਹਰ ਪੰਜਾਬੀ ਦੀ ਸਰਕਾਰ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਇੱਛਾਵਾਂ ਅਨੁਸਾਰ ਸੂਬੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦੀ ਹੀ ਇੱਕ ਨਵਾਂ, ਅਗਾਂਹਵਧੂ ਅਤੇ ਗਤੀਸ਼ੀਲ ਪੰਜਾਬ ਸਿਰਜਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਰਕਾਰੀ ਫੰਡਾਂ ਦੀ ਸਹੀ ਅਤੇ ਸੁਚੱਜੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਖੋਲ੍ਹ ਕੇ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਕੇ ਕਰਦਾਤਾਵਾਂ ਦਾ ਪੈਸਾ ਜ਼ੀਰੋ ਬਿਜਲੀ ਬਿੱਲਾਂ ਦੇ ਰੂਪ ਵਿੱਚ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣਾ ਹੈ।

ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਦਾ ਧਿਆਨ ਇਸ ਦਿਸ਼ਾ ਵੱਲ ਗਿਆ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਹੁਣ ਦੂਰ ਨਹੀਂ ਕਿਉਂਕਿ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਅਦਾਲਤ ਵਿੱਚ ਚਲਾਨ ਪਹਿਲਾਂ ਹੀ ਪੇਸ਼ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਸਲਾਖਾਂ ਪਿੱਛੇ ਨਜ਼ਰ ਆਉਣਗੇ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਅਦਾਲਤ ਦੇ ਅਧਿਕਾਰ ਖੇਤਰ ਵਿੱਚ ਹੈ ਅਤੇ ਹਾਈ ਕੋਰਟ ਵੱਲੋਂ ਬਣਾਈ ਗਈ ਸਿੱਟ ਵੱਲੋਂ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਜਿਹੜੇ ਲੋਕ ਵੱਡੇ-ਵੱਡੇ ਦਾਅਵੇ ਕਰਦੇ ਸਨ ਕਿ ਉਹ ਲੋਕਾਂ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ, ਉਹ ਹੁਣ ਫ਼ਰੀਦਕੋਟ ਦੀ ਅਦਾਲਤ ਵਿੱਚ ਜਾਣ ਤੋਂ ਡਰਦੇ ਹਨ। ਭਗਵੰਤ ਮਾਨ ਨੇ ਵਿਅੰਗ ਕੀਤਾ ਕਿ ਘਬਰਾਹਟ ਵਿੱਚ ਇਹ ਆਗੂ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦੇਣ ਲਈ ਭੱਜ-ਨੱਠ ਕਰ ਰਹੇ ਹਨ, ਜੋ ਇਨ੍ਹਾਂ ਦੀ ਕਥਨੀ ਤੇ ਕਰਨੀ ਵਿੱਚ ਫਰਕ ਨੂੰ ਸਪੱਸ਼ਟ ਕਰਦਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਮੀਮਸਾ, ਕਾਤਰੋਂ, ਬਾਲੀਆਂ ਸਮੇਤ ਕਈ ਪਿੰਡਾਂ ਵਿੱਚ ਜਨਤਕ ਮੀਟਿੰਗਾਂ ਕੀਤੀਆਂ, ਜਿਸ ਦੌਰਾਨ ਉਨ੍ਹਾਂ ਨੇ ਵਿਕਾਸ ਲਈ ਗ੍ਰਾਂਟਾਂ ਜਾਰੀ ਕੀਤੀਆਂ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਆਪਣਾ ਨੁਮਾਇੰਦਾ ਚੁਣਨ ਲਈ ਹਲਕੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੋਕਾਂ ਨੇ ਮੇਰੇ ਪ੍ਰਤੀ ਬਹੁਤ ਪਿਆਰ ਦਿਖਾਇਆ ਹੈ ਅਤੇ ਉਹ ਇਸ ਪਿਆਰ ਨੂੰ ਕਦੇ ਵਾਪਸ ਨਹੀਂ ਕਰ ਸਕਦੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਢੁਕਵੇਂ ਫੰਡਾਂ ਨਾਲ ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ਹਿਰ ਨੂੰ ਵਿਸ਼ਵ ਪੱਧਰੀ ਸਿਹਤ ਅਤੇ ਸਿੱਖਿਆ ਸਹੂਲਤਾਂ, ਸੜਕਾਂ, ਸਾਫ਼ ਛੱਪੜ, ਵਾਟਰ ਰੀਚਾਰਜਿੰਗ ਅਤੇ ਨਹਿਰੀ ਸਿੰਜਾਈ ਪ੍ਰਣਾਲੀ ਨਾਲ ਲੈਸ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਧੂਰੀ ਵਿੱਚ ਰੇਲਵੇ ਓਵਰ ਬ੍ਰਿਜ ਦੀ ਮਨਜ਼ੂਰੀ ਮਿਲ ਗਈ ਹੈ, ਜਿਸ ਨਾਲ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!