ਪੰਜਾਬ

ਮੁੱਖ ਮੰਤਰੀ ਨੇ ਅੰਮ੍ਰਿਤਸਰ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕੀਤੀ, ਵੱਲਾਹ ਰੇਲਵੇ ਓਵਰ ਬ੍ਰਿਜ ਸੂਬੇ ਨੂੰ ਸਮਰਪਿਤ

 

 

*ਪਵਿੱਤਰ ਸ਼ਹਿਰ ‘ਚ ਟ੍ਰੈਫਿਕ ਨੂੰ ਸਮੱਸਿਆ ਦੂਰ ਕਰਨ ਵਿੱਚ ਮਿਲੇਗੀ ਮਦਦ*

 

*ਜੀ-20 ਸਿਖਰ ਸੰਮੇਲਨ ਵਿਸ਼ਵ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਤਬਦੀਲੀਆਂ ਲਿਆਉਣ ਵਿੱਚ ਸਹਾਈ ਹੋਵੇਗਾ-ਮੁੱਖ ਮੰਤਰੀ*

 

*ਸੂਬੇ ਨੂੰ ਸਿੱਖਿਆ ਅਤੇ ਮੈਡੀਕਲ ਵਿਗਿਆਨ ਦਾ ਧੁਰਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ*

*ਅੰਮ੍ਰਿਤਸਰ, 18 ਮਾਰਚ*

ਸਮੁੱਚੇ ਮਾਝਾ ਖੇਤਰ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਲਾਹ ਵਿਖੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ) ਲੋਕਾਂ ਨੂੰ ਸਮਰਪਿਤ ਕਰ ਦਿੱਤਾ ਤਾਂ ਜੋ ਸ਼ਹਿਰ ਨੂੰ ਆਉਣ ਵਾਲੇ ਸ਼ਰਧਾਲੂਆਂ ਲਈ ਟ੍ਰੈਫਿਕ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ।

ਇਸ ਪ੍ਰਾਜੈਕਟ ਨੂੰ ਸਮਰਪਿਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਇਹ ਇਤਿਹਾਸਕ ਪਹਿਲਕਦਮੀ ਹੈ ਜੋ ਪਾਵਨ ਨਗਰੀ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗੀ ਜਿਸ ਨਾਲ ਸ਼ਹਿਰ ਵਾਸੀਆਂ, ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਲਾਭ ਮਿਲੇਗਾ।”

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵੱਲੋਂ ਇਹ ਨਿਮਾਣਾ ਜਿਹਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ, ਭਗਵਾਨ ਵਾਲਮੀਕਿ ਤੀਰਥ ਆਦਿ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਉਨ੍ਹਾਂ ਨੂੰ ਸ਼ਹਿਰ ਵਿੱਚ ਆ ਕੇ ਪਵਿੱਤਰ ਅਸਥਾਨਾਂ ‘ਤੇ ਮੱਥਾ ਟੇਕਣ ਵਿੱਚ ਸੌਖ ਹੋਵੇਗੀ।

 

ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਦੇ ਅੰਮ੍ਰਿਤਸਰ-ਸਾਹਨੇਵਾਲ ਸੈਕਸ਼ਨ ‘ਤੇ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਭਗ 33 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕੇਂਦਰ ਅਤੇ ਸੂਬਾ ਸਰਕਾਰ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਆਰ.ਓ.ਬੀ. ‘ਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਨੇ 18.83 ਕਰੋੜ ਰੁਪਏ ਖਰਚ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ 14.12 ਕਰੋੜ ਰੁਪਏ ਰੇਲਵੇ ਦੇ ਹਿੱਸੇ ਆਉਂਦੇ ਸਨ, ਜਿਸ ਵਿੱਚੋਂ 7.48 ਕਰੋੜ ਰੁਪਏ ਮਿਲ ਚੁੱਕੇ ਹਨ ਜਦਕਿ 6.64 ਕਰੋੜ ਰੁਪਏ ਅਜੇ ਬਕਾਇਆ ਹਨ।

 

ਮੁੱਖ ਮੰਤਰੀ ਨੇ ਜੀ-20 ਦੇ ਸਿੱਖਿਆ ਸੈਸ਼ਨ ਦੀ ਸਫਲਤਾ ਲਈ ਸੂਬੇ ਦੇ ਲੋਕਾਂ ਖਾਸ ਕਰਕੇ ਪਵਿੱਤਰ ਸ਼ਹਿਰ ਦੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਸ਼ਨਾਂ ਵਿੱਚ ਸ਼ਕਤੀਸ਼ਾਲੀ ਦੇਸ਼ਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਹੈ ਜੋ ਦੁਨੀਆ ਦੇ 80 ਫੀਸਦੀ ਹਿੱਸੇ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਵਿਚਾਰ-ਵਟਾਂਦਰਾ ਮੈਂਬਰ ਦੇਸ਼ਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਤਬਦੀਲੀਆਂ ਲਿਆਉਣ ਦਾ ਆਧਾਰ ਹੋਵੇਗਾ।

 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਉਣ ਵਾਲੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨੂੰ ਨਾਲ ਲੈ ਕੇ ਜਾਣਗੇ ਜੋ ਉਨ੍ਹਾਂ ਦੀ ਜ਼ਿੰਦਗੀ ਦੇ ਸਫ਼ਰ ਦਾ ਸਦਾ ਹਿੱਸਾ ਬਣ ਕੇ ਰਹਿਣਗੀਆਂ।

 

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸੇ ਵਿਅਕਤੀ ਦੀ ਦੌਲਤ ਨੂੰ ਉਸ ਦੇ ਬੰਗਲੇ, ਕਾਰਾਂ ਜਾਂ ਜਾਇਦਾਦ ਦੀ ਗਿਣਤੀ ਨਾਲ ਨਹੀਂ ਜੋੜਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵਿਅਕਤੀ ਦੇ ਸਰਮਾਏ ਦਾ ਪਤਾ ਉਸ ਦੇ ਬੱਚਿਆਂ ਨੇ ਪ੍ਰਾਪਤ ਕੀਤੀ ਸਿੱਖਿਆ ਦੇ ਪੱਧਰ ਤੋਂ ਲਗਾਇਆ ਜਾਵੇਗਾ।

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੰਤਵ ਲਈ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ​​ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਬਣਾਏ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਇੰਜੀਨੀਅਰਿੰਗ, ਕਾਨੂੰਨ, ਕਾਮਰਸ, ਯੂ.ਪੀ.ਐਸ.ਸੀ ਅਤੇ ਐਨ.ਡੀ.ਏ ਸਮੇਤ ਪੰਜ ਪੇਸ਼ੇਵਰ ਅਤੇ ਮੁਕਾਬਲੇ ਦੇ ਕੋਰਸਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ‘ਤੇ ਧਿਆਨ ਕੇਂਦਰਿਤ ਕਰਨਗੇ।

 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦਿੰਦਿਆਂ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਜਿਸ ਨਾਲ ਇਹ ਯਕੀਨੀ ਹੋ ਜਾਵੇਗਾ ਕਿ ਸੂਬੇ ਦੇ ਹਰ ਜਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਹੋਵੇ।ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਦੋ ਮੈਡੀਕਲ ਕਾਲਜਾਂ ਦਾ ਕੰਮ ਸ਼ੁਰੂ ਵੀ ਹੋ ਚੁੱਕਾ ਹੈ।

 

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਇਸ ਗੱਲ ਦੇ ਹਾਮੀ ਹਨ ਕਿ ਵੱਖੋ ਵੱਖ ਵਿਚਾਰ ਅਤੇ ਰਾਏ ਦੇਣ ਵਾਲਾ ਲੋਕਤੰਤਰ ਹਮੇਸ਼ਾ ਸਫਲ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ, ਦੋਵੇਂ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਸੂਬੇ ਦੇ ਵਿਕਾਸ ਲਈ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਦੱਖਣੀ ਸੂਬਿਆਂ ਦੇ ਸੰਸਦ ਮੈਂਬਰਾਂ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਨੀਤਿਕ ਵਿਚਾਰਧਾਰਾ ਦੇ ਬਾਵਜੂਦ ਜਦੋਂ ਉਨ੍ਹਾਂ ਦੇ ਸਬੰਧਤ ਸੂਬਿਆਂ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਨਾਲ ਜੁੜਿਆ ਕੋਈ ਵੀ ਮਾਮਲਾ ਹੁੰਦਾ ਹੈ ਤਾਂ ਉਹ ਹਮੇਸ਼ਾ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਹਰ ਥਾਂ ਇੱਕੋ ਜਿਹਾ ਜੋਸ਼ ਅਤੇ ਭਾਵਨਾ ਹੋਣੀ ਚਾਹੀਦੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!