ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ
• ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ
ਚੰਡੀਗੜ੍ਹ, 7 ਅਪ੍ਰੈਲ:
ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ।
ਇਸ ਮੌਕੇ ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਤੋਂ ਸੁਝਾਅ ਲੈਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨਾਲ ਵਿਭਾਗ ਨੂੰ ਉਦਯੋਗਾਂ ਦੀਆਂ ਮੰਗਾਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਹਰ ਸਮੇਂ ਮੌਜੂਦ ਹਨ।
ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦਾ ਮੁੱਖ ਧਿਆਨ ਹੁਨਰ ਕੋਰਸਾਂ ਲਈ ਉਦਯੋਗਾਂ ਨੂੰ ਸੂਚੀਬੱਧ ਕਰਨਾ ਰਹੇਗਾ। ਉਨ੍ਹਾਂ ਨੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ, ਪੀ.ਐੱਸ.ਡੀ.ਐੱਮ. ਨਾਲ ਸੂਚੀਬੱਧ ਉਦਯੋਗਾਂ, ਉਦਯੋਗਾਂ ਵਿੱਚ ਨੌਕਰੀਆਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਅਤੇ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ।