ਨਵਜੋਤ ਸਿੱਧੂ, ਲਕਸ਼ਮੀ ਕਾਂਤਾ ਚਾਵਲਾ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਕੀਤਾ ਸਾਂਝਾ
ਬਾਦਲ (ਸ੍ਰੀ ਮੁਕਤਸਰ ਸਾਹਿਬ), 30 ਅਪ੍ਰੈਲ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕਰਨ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਪ੍ਰਮੁੱਖ ਸ਼ਖਸੀਅਤਾਂ ਪਿੰਡ ਬਾਦਲ ਵਿਚ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ।
ਇਹਨਾਂ ਸ਼ਖਸੀਅਤਾਂ ਨੇ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਵੱਲੋਂ ਪੰਜਾਬ ਦੇ ਵਿਕਾਸ ਵਿਚ ਪਾਏ ਵੱਡਮੁੱਲੇ ਯੋਗਦਾਨ ਤੇ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਕਰਨ ਤੇ ਬਹਾਲ ਰੱਖਣ ਲਈ ਕੀਤੇ ਅਣਥੱਕ ਯਤਨਾਂ ਨੂੰ ਯਾਦ ਕੀਤਾ। ਇਹਨਾਂ ਸ਼ਖਸੀਅਤਾਂ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਦੀ ਪੂਰੀ ਦੁਨੀਆਂ ਵਿਚ ਲੋਕ ਇਸ ਕਰ ਕੇ ਵੀ ਸ਼ਲਾਘਾ ਕਰਦੇ ਹਨ ਕਿ ਉਹਨਾਂ ਆਪਣੇ ਸਿਆਸੀ ਵਿਰੋਧੀਆਂ ਵਾਸਤੇ ਵੀ ਹਮੇਸ਼ਾ ਨਰਮ ਤੇ ਮਿੱਠ ਬੋਲੜੇ ਸੁਭਾਅ ਨੂੰ ਕਾਇਮ ਰੱਖਿਆ ਤੇ ਹਮੇਸ਼ਾ ਸਭ ਦਾ ਸਤਿਕਾਰ ਕੀਤਾ।
ਨਵਜੋਤ ਸਿੱਧੂ ਤੋਂ ਇਲਾਵਾ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ , ਸੰਸਦ ਮੁਨੀਸ਼ ਤਿਵਾੜੀ , ਲਕਸ਼ਮੀ ਕਾਂਤਾ ਚਾਵਲਾ , ਸ਼ੀਤਲ ਵਿਜ਼ , ਤੇ ਪੰਜਾਬ ਦੇ ਕਈ IAS ਅਫਸਰਾਂ ਨੇ ਵੀ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਹਨਾਂ ਸ਼ਖਸੀਅਤਾਂ ਨੇ ਕਿਹਾ ਕਿ ਸਰਦਾਰ ਬਾਦਲ ਦੇ ਅਕਾਲ ਚਲਾਣੇ ਨਾਲ ਸਿਰਫ ਪੰਜਾਬ ਹੀ ਨਹੀਂ ਬਲਕਿ ਸਮੁੱਚੇ ਦੇਸ਼ ਤੇ ਦੁਨੀਆਂ ਵਿਚ ਵਸਦੇ ਲੋਕਾਂ ਨੂੰ ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ।