*ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਬੰਧ ਵਿਵਸਥਾ ਤੇ ਸਵਾਲ ਉਠਾਉਣ ਕਾਰਨ ਹਟਾਇਆ ਗਿਆ : ਪਰਮਿੰਦਰ ਸਿੰਘ ਢੀਂਡਸਾ*
*ਪੰਥਕ ਸੰਸਥਾਵਾਂ ਤੋਂ ਬਾਦਲ ਪਰਿਵਾਰ ਦਾ ਗਲਬਾ ਖਤਮ ਕਰਨਾ ਬੇਹੱਦ ਲਾਜ਼ਮੀ: ਢੀਂਡਸਾ*
ਚੰਡੀਗੜ੍ਹ, 16 ਜੂਨ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਾਦਲ ਪਰਿਵਾਰ ਦੇ ਇਸ਼ਾਰੇ `ਤੇ ਮੌਜੂਦਾ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਬੰਧ ਵਿਵਸਥਾ ਤੇ ਸਵਾਲ ਉਠਾਉਣ ਕਾਰਨ ਹਟਾਇਆ ਗਿਆ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਲਹਾਉਣ ਦੀ ਕਾਰਵਾਈ ਨੇ ਇਕ ਵਾਰੀ ਫਿਰ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਸਿੱਖ ਪੰਥ ਦੀਆਂ ਸਿਰਮੋਰ ਸੰਸਥਾਵਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ `ਬਾਦਲ ਪਰਿਵਾਰ ਦੇ ਅਧੀਨ ਕੰਮ ਕਰ ਰਹੀਆਂ ਹਨ। ਢੀਂਡਸਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਬੀਤੇ ਕੁੱਝ ਸਮੇਂ ਤੋਂ ਬਾਦਲ ਦਲ ਦੀਆਂ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ `ਤੋਂ ਇਲਾਵਾ ਅਕਾਲੀ ਦਲ ਦੀ ਪ੍ਰਬੰਧ ਵਿਵਸਥਾ ਤੇ ਸਵਾਲ ਖੜ੍ਹੇ ਕਰ ਰਹੇ ਸਨ ਅਤੇ ਇਹ ਬਾਦਲ ਪਰਿਵਾਰ ਨੂੰ ਬਿਲਕੁਲ ਵੀ ਹਜ਼ਮ ਨਹੀ ਹੋ ਰਿਹਾ ਸੀ। ਜਿਸ ਦੇ ਨਤੀਜੇ ਵਜੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵਲੋਂ ਖੇਡੀਆਂ ਜਾ ਰਹੀਆਂ ਅਜਿਹੀਆਂ ਕੋਝੀਆਂ ਚਾਲਾਂ ਨਾਲ ਸਿੱਖ ਪੰਥ ਨੂੰ ਕਮਜੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਅਜਿਹੇ ਵਿਚ ਸਿੱਖਾਂ ਦੀ ਸਿਰਮੋਰ ਪੰਥਕ ਸੰਸਥਾਵਾਂ ਸ਼੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਹਟਾਉਣਾ ਹੋਰ ਵੀ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਆਪਣੇ ਹੱਕ ਵਿਚ ਬੋਲਣ ਵਾਲੇ ਹੀ ਚੰਗੇ ਲੱਗਦੇ ਹਨ ਜਦਕਿ ਉਨ੍ਹਾਂ ਦੀਆਂ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਬਾਦਲ ਦਲ ਵਲੋਂ ਪੰਥਕ ਏਜੰਡੇ ਨੂੰ ਪੂਰੀ ਤਰ੍ਹਾਂ ਨਾਲ ਤਿਲਾਂਜਲੀ ਦਿੱਤੇ ਜਾਣ ਅਤੇ ਪੰਥਕ ਸੰਸਥਾਵਾਂ `ਤੇ ਸਦਾ ਲਈ ਅਜ਼ਾਰੇਦਾਰੀ ਕਾਇਮ ਕਰਨ ਦੇ ਇਰਾਦੇ ਨਾਲ ਘੜੀਆਂ ਜਾ ਰਹੀਆਂ ਸਾਜਿਸ਼ਾਂ ਕਾਰਨ ਹੀ ਸੱਦੀ ਤੋਂ ਵੱਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਅੱਜ ਹਾਸ਼ੀਏ `ਤੇ ਆ ਪਹੁੰਚੀ ਹੈ।