ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਜੀ ਆਇਆਂ ਆਖਿਆ
ਇਕ ਨਿਵੇਕਲੀ ਪਿਰਤ ਪਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸ੍ਰੀ ਵਰਮਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਉਤੇ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਕਿ ਸੂਬੇ ਦਾ ਕੋਈ ਵੀ ਵਿਅਕਤੀ ਸਰਕਾਰ ਦੇ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਾਸਨ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਅ ਰਹੇ ਅਧਿਕਾਰੀ ਪਰਿਵਾਰ ਦੇ ਮੈਂਬਰ ਹਨ ਜੋ ਮੇਰੇ ਵਾਂਗ ਕਿਸੇ ਨਾ ਕਿਸੇ ਰੂਪ ਵਿਚ ਸੂਬੇ ਦੀ ਸੇਵਾ ਕਰ ਰਹੇ ਹਨ।”