ਪੰਜਾਬ ਵਿੱਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ; ਅੰਮ੍ਰਿਤਸਰ ਜ਼ਿਲ੍ਹਾ ਮੋਹਰੀ
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 18 ਅਗਸਤ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ 1.35 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਮੋਹਰੀ ਰਿਹਾ ਹੈ।
ਖੇਤੀਬਾੜੀ ਮੰਤਰੀ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਾਉਣੀ ਦੇ ਇਸ ਸੀਜ਼ਨ ਦੌਰਾਨ 14 ਅਗਸਤ ਤੱਕ ਕੁੱਲ 31.88 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਹੈ, ਜਿਸ ਵਿੱਚੋਂ 5.74 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2022-23 ਦੌਰਾਨ ਕੁੱਲ 31.68 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਸੀ, ਜਿਸ ਵਿੱਚੋਂ 4.95 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਸੀ।