ਹੜਤਾਲੀ ਪਟਵਾਰੀਆਂ ਦੀ ਮਨਮਰਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਮੈਂ ਆਮ ਆਦਮੀ ਨੂੰ ਕੁੱਝ ਲੋਕਾਂ ਦੇ ਰਹਿਮੋ-ਕਰਮ ਉਤੇ ਨਹੀਂ ਛੱਡਾਂਗਾ, ਲੋਕਾਂ ਦਾ ਕੰਮ ਮੇਰੀ ਤਰਜੀਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨ
ਮਾਲ ਅਫ਼ਸਰਾਂ ਦੀ ਜ਼ਿੱਦ ਉਤੇ ਸਰਕਾਰ ਨੇ ਦਿਖਾਈ ਸਖ਼ਤੀ
ਹਰੇਕ ਪਟਵਾਰੀ ਦੀ ਬਾਇਓ ਮੀਟਰਿਕ ਹਾਜ਼ਰੀ ਹੋਵੇਗੀ ਲਾਜ਼ਮੀ
ਚੰਡੀਗੜ੍ਹ, 2 ਸਤੰਬਰ
ਮਾਲੀਆ ਅਫ਼ਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਣੀ ਯਕੀਨੀ ਬਣਾਉਣ ਲਈ ਆਪਣੀ ਯੋਜਨਾ ਦਾ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਵਾਰੀਆਂ ਦੀਆਂ ਸਾਰੀਆਂ ਖ਼ਾਲੀ ਆਸਾਮੀਆਂ ਭਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਟਵਾਰੀਆਂ ਦੀ ਹਾਜ਼ਰੀ ਬਾਇਓ ਮੀਟਰਿਕ ਰਾਹੀਂ ਲੱਗਣੀ ਯਕੀਨੀ ਬਣਾਈ ਜਾਵੇਗੀ।
ਇੱਥੇ ਸ਼ਨਿੱਚਰਵਾਰ ਨੂੰ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ, “ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰੀ ਅਧਿਕਾਰੀਆਂ ਦੀ ਕਿਸੇ ਹੜਤਾਲ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੀਆਂ ਕੁੱਲ 3660 ਆਸਾਮੀਆਂ ਹਨ, ਜਿਨ੍ਹਾਂ ਵਿੱਚੋਂ 1623 ਆਸਾਮੀਆਂ ਭਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ 2037 ਆਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ ਅਤੇ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਵੀ ਸਮਾਂਬੱਧ ਤਰੀਕੇ ਨਾਲ ਭਰੀਆਂ ਜਾਣਗੀਆਂ। ਵਧੇਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ 2037 ਆਸਾਮੀਆਂ ਵਿੱਚੋਂ 741 ਪਟਵਾਰੀਆਂ ਨੇ ਪਹਿਲਾਂ ਹੀ ਲਾਜ਼ਮੀ 18 ਮਹੀਨਿਆਂ ਦੀ ਸਿਖਲਾਈ ਵਿੱਚੋਂ 15 ਮਹੀਨਿਆਂ ਦੀ ਸਿਖਲਾਈ ਪੂਰੀ ਕਰ ਲਈ ਹੈ। ਇਨ੍ਹਾਂ ਨੂੰ ਫੀਲਡ ਵਿੱਚ ਰੈਗੂਲਰ ਪਟਵਾਰੀ ਵਜੋਂ ਡਿਊਟੀ ਉਤੇ ਲਗਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ 710 ਪਟਵਾਰੀਆਂ ਦੀ ਪਹਿਲਾਂ ਹੀ ਚੋਣ ਕਰ ਲਈ ਗਈ ਹੈ ਪਰ ਕਈ ਰਸਮੀ ਕਾਰਵਾਈਆਂ ਕਾਰਨ ਉਨ੍ਹਾਂ ਨੂੰ ਹਾਲੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਜ਼ਮੀ ਸ਼ਰਤਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਟਵਾਰੀਆਂ ਦੀਆਂ 586 ਆਸਾਮੀਆਂ ਦੀ ਭਰਤੀ ਲਈ ਜਲਦੀ ਇਸ਼ਤਿਹਾਰ ਦੇ ਕੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ ਜਾਵੇਗਾ।
ਆਪਣਾ ਕੰਮ ਕਰਵਾਉਣ ਲਈ ਪਟਵਾਰੀਆਂ ਵੱਲੋਂ ਅਗਾਂਹ ਕੁੱਝ ਬੰਦੇ ਰੱਖਣ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀ ਬਾਇਓ ਮੀਟਰਿਕ ਹਾਜ਼ਰੀ ਲਾਜ਼ਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਦਫ਼ਤਰੀ ਘੰਟਿਆਂ ਦੌਰਾਨ ਪਟਵਾਰੀ, ਲੋਕਾਂ ਦੇ ਕੰਮਾਂ ਵਿੱਚ ਕੋਈ ਅੜਿੱਕਾ ਡਾਹੁਣ ਦੀ ਥਾਂ ਪੂਰੀ ਤਨਦੇਹੀ ਨਾਲ ਆਪਣਾ ਫ਼ਰਜ਼ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ, ਕਾਰਜਕੁਸ਼ਲ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।