ਪੰਜਾਬ

 ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਾਰੇ ਮੁਲਜ਼ਮ ਕੈਮਿਸਟ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚਲਾ ਰਹੇ ਨੇ ਦਵਾਈਆਂ ਦੀਆਂ ਦੁਕਾਨਾਂ

 

ਚੰਡੀਗੜ੍ਹ, 12 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਦੋ ਸਾਬਕਾ ਰਜਿਸਟਰਾਰਾਂ ਅਤੇ ਕਰਮਚਾਰੀਆਂ ਵਿਰੁੱਧ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਗਲਤ ਦਾਖਲੇ ਕਰਨ, ਰਜਿਸਟ੍ਰੇਸ਼ਨ ਕਰਨ ਅਤੇ ਡੀ-ਫਾਰਮੇਸੀ ਲਾਇਸੈਂਸ ਜਾਰੀ ਕਰਨ ਮੌਕੇ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ, ਦੋਵੇਂ ਸਾਬਕਾ ਰਜਿਸਟਰਾਰ ਪੀ.ਐਸ.ਪੀ.ਸੀ. ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਆਈ.ਪੀ.ਸੀ ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਵੀ ਇਸ ਕੇਸ ਵਿੱਚ ਜੋੜੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਵਿੱਚ ਸਾਲ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਤਾ ਲੱਗਾ ਹੈ ਜਿਸ ਤੋਂ ਪੀ.ਐਸ.ਪੀ.ਸੀ. ਵਿੱਚ ਦਾਖਲੇ, ਰਜਿਸਟਰੇਸ਼ਨਾਂ ਅਤੇ ਸਰਟੀਫਿਕੇਟਾਂ ਵਿੱਚ ਕੀਤੀ ਘਪਲੇਬਾਜ਼ੀ ਦਾ ਖੁਲਾਸਾ ਹੁੰਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੰਗਲਵਾਰ ਨੂੰ ਇਸ ਮੁਕੱਦਮੇ ਵਿੱਚ 9 ਫਾਰਮਾਸਿਸਟਾਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਫਾਰਮਾਸਿਸਟ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਰਾਹੀਂ ਪੈਸੇ ਦੇ ਕੇ ਵੱਖ-ਵੱਖ ਸੰਸਥਾਵਾਂ ਤੋਂ ਧੋਖੇ ਨਾਲ ਜਾਅਲੀ 10+2 ਪਾਸ ਸਰਟੀਫਿਕੇਟ ਅਤੇ ਡੀ-ਫਾਰਮੇਸੀ ਪਾਸ ਸਰਟੀਫਿਕੇਟ ਸਮੇਤ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਵਾਉਣ ਦੇ ਦੋਸ਼ੀ ਹਨ। ਇਸ ਸਮੇਂ ਇਹ ਸਾਰੇ ਮੁਲਜ਼ਮ ਵੱਖ ਵੱਖ ਥਾਂਵਾਂ ਤੇ ਮੈਡੀਕਲ ਦੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖੇਡ ਰਹੇ ਹਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਉਮੇਸ਼ ਕੁਮਾਰ ਵਾਸੀ ਕਸਬਾ ਭਾਦਸੋਂ ਜ਼ਿਲ੍ਹਾ ਪਟਿਆਲਾ, ਮੁਹੰਮਦ ਅਸਲਮ ਵਾਸੀ ਮਾਲੇਰਕੋਟਲਾ ਸ਼ਹਿਰ, ਅਬਦੁਲ ਸਤਾਰ ਵਾਸੀ ਪਿੰਡ ਲਸੋਈ ਜ਼ਿਲ੍ਹਾ ਮਾਲੇਰਕੋਟਲਾ, ਮੁਹੰਮਦ ਮਨੀਰ ਵਾਸੀ ਪਿੰਡ ਬਿੰਜੋਕੇ ਖੁਰਦ ਜ਼ਿਲ੍ਹਾ ਮਾਲੇਰਕੋਟਲਾ, ਗੁਰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਪੁਨੀਤ ਸ਼ਰਮਾ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਰਵਿੰਦਰ ਕੁਮਾਰ ਵਾਸੀ ਪਿੰਡ ਚੱਪੜ ਜ਼ਿਲ੍ਹਾ ਪਟਿਆਲਾ, ਅਸ਼ੋਕ ਕੁਮਾਰ ਵਾਸੀ ਬਰਨਾਲਾ ਸ਼ਹਿਰ ਅਤੇ ਮਨਿੰਦਰ ਸਿੰਘ ਵਾਸੀ ਰਾਹੋਂ ਰੋਡ, ਲੁਧਿਆਣਾ ਸ਼ਾਮਲ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਸਾਰੇ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਆਪਣੀਆਂ ਡੀ-ਫਾਰਮੇਸੀ ਦੀਆਂ ਡਿਗਰੀਆਂ ਜਿੰਨਾਂ ਪ੍ਰਾਈਵੇਟ ਕਾਲਜਾਂ ਤੋਂ ਹਾਸਲ ਕੀਤੀਆਂ ਹਨ ਉੱਨਾਂ ਵਿੱਚ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸ਼ਹਿਣਾ, ਜਿਲਾ ਬਰਨਾਲਾ, ਲਾਰਡ ਕ੍ਰਿਸ਼ਨਾ ਕਾਲਜ ਆਫ਼ ਫਾਰਮੇਸੀ, ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ, ਓਂਕਾਰ ਕਾਲਜ ਆਫ਼ ਫਾਰਮੇਸੀ ਸਜੂਮਾ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ, ਮਾਂ ਸਰਸਵਤੀ ਕਾਲਜ ਆਫ਼ ਫਾਰਮੇਸੀ ਅਬੋਹਰ, ਜ਼ਿਲ੍ਹਾ ਫ਼ਾਜ਼ਿਲਕਾ, ਜੀ.ਐਚ.ਜੀ. ਕਾਲਜ ਆਫ਼ ਫਾਰਮੇਸੀ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਅਤੇ ਲਾਲਾ ਲਾਜਪਤ ਰਾਏ ਕਾਲਜ ਆਫ ਫਾਰਮੇਸੀ, ਜ਼ਿਲ੍ਹਾ ਮੋਗਾ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਕਥਿਤ ਤੌਰ ‘ਤੇ ਉਪਰੋਕਤ ਮੁਲਜ਼ਮ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ ਰਿਸ਼ਵਤ ਲੈ ਕੇ ਦੂਸਰੇ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲ ਕੀਤਾ ਸੀ। ਇਸ ਤੋਂ ਇਲਾਵਾ, ਕਈ ਵਿਦਿਆਰਥੀਆਂ ਨੇ ਪ੍ਰਾਈਵੇਟ ਤੌਰ ‘ਤੇ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮਾਂ ਵਿਚ ਲੋੜੀਂਦੀਆਂ 10+2 ਵਿਦਿੱਅਕ ਯੋਗਤਾਵਾਂ ਜ਼ਰੀਏ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਪ੍ਰਾਪਤ ਕੀਤਾ, ਜਦੋਂ ਕਿ ਇਹ ਵਿੱਦਿਅਕ ਯੋਗਤਾ ਰੈਗੂਲਰ ਕਲਾਸਾਂ ਅਤੇ ਸਾਇੰਸ ਪ੍ਰੈਕਟੀਕਲ ਦੇ ਕੇ ਹਾਸਲ ਕਰਨੀ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ. ਦੇ ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਜਾਂਚ ਲਈ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!