ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ
ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਇਆ ਗਿਆ ਜ਼ਿਲਾ ਪੱਧਰੀ ਸਮਾਗਮ
ਫਾਜ਼ਿਲਕਾ, 26 ਜਨਵਰੀ : ਅੱਜ 75ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ।
ਜ਼ਿਲਾ ਪੱਧਰੀ ਸਮਾਗਮ ਵਿੱਚ ਤਿਰੰਗਾ ਝੰਡਾ ਲਹਿਰਾਉਣ ਤੋਂ ਪਹਿਲਾਂ ਡਾ. ਬਲਜੀਤ ਕੌਰ ਨੇ ਸ਼ਹੀਦਾਂ ਦੀ ਸਮਾਧ ਆਸਫ਼ ਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਆਸਫ ਵਾਲਾ ਸ਼ਹੀਦੀ ਸਮਾਰਕ ਵਿਖੇ ਇਕ ਬੂਟਾ ਵੀ ਲਗਾਇਆ ਅਤੇ ਹਰਿਆ-ਭਰਿਆ ਵਾਤਾਵਰਣ ਸਿਰਜਣ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ, ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਤੇ ਐਸ.ਐਸ.ਪੀ. ਮਨਜੀਤ ਸਿੰਘ ਢੇਸੀ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਆਪਣੇ ਸੰਦੇਸ਼ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਠੋਸ ਕਦਮ ਚੁੱਕਦਿਆਂ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਰਕਾਰ ਨੇ ਇਸ ਵਿੱਤੀ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਿਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਰੋਜਗਾਰ ਦੇ ਅਵਸਰ ਪ੍ਰਦਾਨ ਕਰਨ ਵਿਚ ਵੀ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਹੈ। ਮੌਜੂਦਾ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਲਗਭਗ 40 ਹ਼ਜਾਰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 12 ਹਜਾਰ ਤੋਂ ਵਧੇਰੇ ਮੁਲਾਜਮਾ ਨੂੰ ਪੱਕਾ ਕੀਤਾ ਗਿਆ ਹੈ। ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ 117 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿਚ 664 ਆਮ ਆਦਮੀ ਕਲੀਨਿਕਾਂ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਸਵਾ ਸੌ ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਹੈ। ਇਨ੍ਹਾਂ ਕਲੀਨਿਕਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਟੈਸਟ ਦੀਆਂ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਪਾਵਨ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਬਜੁਰਗਾਂ, ਵਿਧਵਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬਚਿਆਂ ਨੂ 1500 ਰੁਪਏ ਪ੍ਰਤੀ ਮਹੀਨਾਂ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਭ੍ਰਿਸ਼ਟਾਚਾਰ ਵਿਰੁੱਧ ਜੀਰੋ-ਸਹਿਨਸ਼ੀਲਤਾ ਨੀਤੀ, ਬਿਜਲੀ, ਖੇਤੀਬਾੜੀ, ਆਰਥਿਕਤਾ ਤੇ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ, ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਯਕੀਨੀ ਬਣਾਉਣ, ਪੰਚਾਇਤੀ ਜਮੀਨਾਂ ਤੋਂ ਨਜਾਇਜ ਕਬਜੇ ਛੁਡਵਾਉਣ, ਨਸ਼ਿਆਂ ਦਾ ਖਾਤਮਾ ਕਰਨ ਆਦਿ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਫਾਜ਼ਿਲਕਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦੇਣ ਦੇ ਨਾਲ-ਨਾਲ ਜਿਲ੍ਹਾ ਫਾਜਿਲਕਾ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਵੀ ਜਿਕਰ ਕੀਤਾ ਜਿਸ ਨਾਲ ਲੋਕਾਂ ਤੇ ਬਚਿਆਂ ਨੂੰ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਲੋਕਲ ਪੱਧਰ *ਤੇ ਪ੍ਰਾਪਤ ਹੋ ਸਕੇਗਾ।
ਇਸ ਮੌਕੇ ਵਿਸ਼ੇਸ਼ ਤੋਰ *ਤੇ ਸੁਤੰਤਰਤਾ ਸੰਗਰਾਮੀ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਅਤੇ ਪਰਾਲੀ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਵਾਲੇ ਵਾਤਾਵਰਣ ਮਿੱਤਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਰਹੱਦੀ ਖੇਤਰ ਦੀ ਰਾਖੀ ਕਰਨ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਪਿੰਡ ਸੁਰੱਖਿਆ ਕਮੇਟੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਅਤੁਲ ਸੋਨੀ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆ ਵੱਲੋਂ ਦੇਸ਼ ਭਗਤੀ ਨੂੰ ਸਮਰਪਿਤ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ, ਪੰਜਾਬ ਦੇ ਲੋਕ ਨਾਚ ਗਿੱਧਾ ਤੇ ਭੰਗੜਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਸਾਬਿਤ ਹੋਈਆਂ। ਇਸ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸੇਵਾਵਾਂ ਦੇਣ ਬਦਲੇ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਸਕੂਲੀ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਨਾਲ ਕੀਤੀ ਗਈ। ਸਟੇਜ ਦੀ ਭੂਮਿਕਾ ਮੈਡਮ ਸਤਿੰਦਰਜੀਤ ਕੌਰ ਅਤੇ ਰਾਜਿੰਦਰ ਕੁਮਾਰ ਵੱਲੋਂ ਨਿਭਾਈ ਗਈ।
ਇਸ ਮੌਕੇ ਡੀ.ਆਈ.ਜੀ. ਸ੍ਰੀ ਨਵੀਨ ਸਿੰਗਲਾ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਸਾਬਕਾ ਵਿਧਾਇਕ ਅਰੁਨ ਨਾਰੰਗ, ਵਧੀਕ ਡਿਪਟੀ ਕਮਿਸ਼ਨਰ (ਵਿ) ਮਨਜੀਤ ਸਿੰਘ ਚੀਮਾ, ਐਸ.ਡੀ.ਐਮ. ਵਿਪਨ ਭੰਡਾਰੀ, ਸਹਾਇਕ ਕਮਿਸ਼ਨਰ ਮਨਜੀਤ ਸਿੰਘ ਔਲਖ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਮਨਦੀਪ ਸਿੰਘ, ਸਤਿੰਦਰ ਬਤਰਾ, ਗੁਰਛਿੱਦਰ ਪਾਲ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸਜਨ ਹਾਜਰ ਸਨ।