ਪੰਜਾਬ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 31 ਜਨਵਰੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।

ਆਗੂਆਂ ਵੱਲੋਂ ਆਪਣੇ ਮੰਗ-ਪੱਤਰ ਵੀ ਸੌਂਪੇ

ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ ਫਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫਤਰੀ ਕਰਮਾਚੀ ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ ‘ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ।

 ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ

ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਯੂਨੀਅਨਾਂ ਵੱਲੋਂ ਪੇਸ਼ ਮੰਗ-ਪੱਤਰਾਂ ਵਿੱਚ ਸ਼ਾਮਿਲ ਨੁਕਤਿਆਂ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪੜਾਅਵਾਰ ਚਰਚਾ ਕੀਤੀ। ਕਮੇਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਹੱਲ ਲਈ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਢੁਕਵੇਂ ਹੱਲ ਕੱਢੇ ਜਾ ਸਕਣ।

ਦੂਸਰੇ ਰਾਜਾਂ ਵੱਲੋਂ ਅਪਣਾਈ ਗਈ ਪਹੁੰਚ ਦਾ ਅਧਿਅਨ ਕੀਤਾ ਜਾਵੇ

ਇਸੇ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਦੂਸਰੇ ਰਾਜਾਂ ਵੱਲੋਂ ਅਪਣਾਈ ਗਈ ਪਹੁੰਚ ਦਾ ਅਧਿਅਨ ਕੀਤਾ ਜਾਵੇ।
ਇੰਨ੍ਹਾਂ ਮੀਟਿੰਗਾਂ ਵਿੱਚ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਗੌਰੀ ਪਰਾਸ਼ਰ ਜੋਸ਼ੀ ਅਤੇ ਯੂਨੀਅਨ ਆਗੂਆਂ ਵਿੱਚ ਰਮਨ ਕੁਮਾਰ ਮਲੋਟ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਨਿਰਭੈਅ ਸਿੰਘ ਜਹਾਂਗੀਰ, ਗੁਰਵਿੰਦਰ ਸਿੰਘ ਗਿੱਲ, ਜਸਵੀਰ ਕੌਰ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੁਖਚੈਨ ਸਿੰਘ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!