ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਕੇਜਰੀਵਾਲ ਨੇ ਕਿਹਾ- ਉਹ ਇੱਥੇ ਪੰਜਾਬ ਦੀ ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕਰਨ ਆਏ ਹਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਸੰਗਤਾਂ ਦੀ ਸ਼ਰਧਾ ਦਾ ਕੇਂਦਰ ਹੈ, ਇੱਥੇ ਮੱਥਾ ਟੇਕਣਾ ਮੇਰੇ ਲਈ ਭਾਗਾਂ ਵਾਲੀ ਗੱਲ ਹੈ
ਅੰਮ੍ਰਿਤਸਰ, 16 ਮਈ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੀ ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕਰਨ ਆਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰੋੜਾਂ ਸੰਗਤਾਂ ਦੀ ਸ਼ਰਧਾ ਦਾ ਕੇਂਦਰ ਹੈ। ਇੱਥੇ ਮੱਥਾ ਟੇਕਣਾ ਮੇਰੇ ਲਈ ਵੀ ਬੜੀ ਭਾਗਾਂ ਵਾਲੀ ਗੱਲ ਹੈ।
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਪੰਜਾਬ ਪਹੁੰਚੇ ਹੋਏ ਹਨ। ਉਨ੍ਹਾਂ ਅੰਮ੍ਰਿਤਸਰ ਵਿੱਚ ਭਗਵੰਤ ਮਾਨ ਨਾਲ ਰੋਡ ਸ਼ੋਅ ਵੀ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਕੁਲਦੀਪ ਧਾਲੀਵਾਲ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਮੌਜੂਦ ਸਨ।