ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ
ਨਾਮਜ਼ਦਗੀ ਸਮੇਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ, 'ਆਪ' ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਰਹੇ ਮੌਜੂਦ
ਚੰਡੀਗੜ੍ਹ/ਜਲੰਧਰ, 21 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਸਮੇਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ।
ਨਾਮਜ਼ਦਗੀ ਭਰਨ ਤੋਂ ਪਹਿਲਾਂ ਮਹਿੰਦਰ ਭਗਤ ਨੇ ਆਪਣੇ ਪਿਤਾ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਅਕਾਲੀ-ਭਾਜਪਾ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਵਿੱਚ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਨਾਮਜ਼ਦਗੀ ਭਰਨ ਤੋਂ ਬਾਅਦ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਜਨਤਾ ਇਸ ਚੋਣ ‘ਚ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ।