*6 ਜੁਲਾਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।*
*29 ਜੂਨ (ਮੋਗਾ ) ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕੰਮ ਕਰਦੇ ਨਰੇਗਾ ਮੁਲਾਜ਼ਮਾਂ ਦੀ ਜਥੇਬੰਦੀ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅੱਜ ਇੱਥੇ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਵਿਖੇ ਯੂਨੀਅਨ ਦਾ ਇਜਲਾਸ ਕੀਤਾ ਗਿਆ। ਵੱਖ-ਵੱਖ ਜਿਲ੍ਹਿਆਂ ਤੋਂ ਪਹੁੰਚੇ ਸੈਂਕੜੇ ਡੈਲੀ ਗੇਟਾਂ ਦੇ ਭਰਵੇਂ ਇਕੱਠ ਦੌਰਾਨ ਪਿਛਲੇ ਦੋ ਸਾਲਾਂ ਦੌਰਾਨ ਜਥੇਬੰਦੀ ਨਰੇਗਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਕੀਤੇ ਸੰਘਰਸ਼ ਸੰਬੰਧੀ ਜਾਣਕਾਰੀ ਦਿੱਤੀ ਗਈ।
ਪਿਛਲੇ ਸਮੇਂ ਦੌਰਾਨ ਜਥੇਬੰਦੀ ਵੱਲੋਂ ਇਕੱਠੇ ਕੀਤੇ ਫ਼ੰਡਾਂ ਅਤੇ ਖਰਚਿਆਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਬਾਅਦ ਯੂਨੀਅਨ ਦੀ ਸੂਬਾ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿੱਚ ਵਰਿੰਦਰ ਸਿੰਘ ਸੂਬਾ ਪ੍ਰਧਾਨ, ਜਨਰਲ ਸਕੱਤਰ ਅਮ੍ਰਿਤਪਾਲ ਸਿੰਘ,ਈਸ਼ਵਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਿੰਦਰਪਾਲ ਸਿੰਘ ਜੋਸ਼ਨ ਮੀਤ ਪ੍ਰਧਾਨ,ਅਮਰੀਕ ਸਿੰਘ ਮਹਿਰਾਜ ਪ੍ਰੈੱਸ ਸਕੱਤਰ, ਸੰਜੀਵ ਕਾਕੜਾ ਵਿੱਤ ਸਕੱਤਰ, ਸੁਭਪ੍ਰੀਤ ਸਿੰਘ ਸਲਾਹਕਾਰ ਅਤੇ ਇਕਬਾਲ ਸਿੰਘ, ਚੇਅਰਮੈਨ ਰਣਧੀਰ ਸਿੰਘ, ਮਨਸ਼ੇ ਖਾਂ ਨੂੰ ਸਰਪ੍ਰਸਤ ਚੁਣੇ ਗਏ। ਚੁਣੀ ਗਈ ਕਮੇਟੀ ਤੇ ਸਰਬਸੰਮਤੀ ਨਾਲ ਹਾਊਸ ਵੱਲੋਂ ਭਰੋਸਾ ਜਤਾਇਆ ਗਿਆ। ਅੱਜ ਦੇ ਇਜਲਾਸ ਵਿੱਚ ਵੱਖ-ਵੱਖ ਜਿਲ੍ਹਿਆਂ ਦੇ ਨਰੇਗਾ ਮੁਲਾਜ਼ਮਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਤੇ ਚਰਚਾ ਹੋਈ। ਹਾਊਸ ਨੂੰ ਸੰਬੋਧਨ ਕਰਦਿਆਂ ਨਵੇਂ ਚੁਣੇ ਗਏ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਨਰੇਗਾ ਮੁਲਾਜ਼ਮ ਮੁੜ ਤੋਂ ਬੁਰੇ ਦੌਰ ਵਿੱਚ ਪੁੱਜ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨਾਲ ਸੇਵਾਵਾਂ ਪਹਿਲ ਦੇ ਆਧਾਰ ਤੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਅੱਜ ਢਾਈ ਸਾਲ ਬੀਤਣ ਬਾਅਦ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨਾ ਤਾਂ ਦੂਰ ਉਨ੍ਹਾਂ ਨੂੰ ਪਹਿਲਾਂ ਤੋਂ ਮਿਲ ਰਹੀਆਂ ਤਨਖ਼ਾਹਾਂ ਬੰਦ ਕਰ ਦਿੱਤੀਆਂ ਗਈਆਂ ਹਨ। ਨਰੇਗਾ ਮੁਲਾਜ਼ਮਾਂ ਨੂੰ ਉਧਾਰ ਮਟੀਰੀਅਲ ਚੁੱਕ ਕੇ ਵਿਕਾਸ ਕਾਰਜ ਕਰਵਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਜਦਕਿ ਪਿਛਲੇ ਸਮੇਂ ਦੌਰਾਨ ਚੁੱਕੇ ਹੋਏ ਕਰੋੜਾਂ ਰੁਪਏ ਦੇ ਉਧਾਰ ਮਟੀਰੀਅਲ ਦੀ ਅਦਾਇਗੀ ਕਰਨ ਦਾ ਕੋਈ ਨਾਮ ਨਹੀਂ ਲੈ ਰਿਹਾ। ਪੰਚਾਇਤ ਮੰਤਰੀ ਤਾਂ ਜਿਵੇਂ ਵਿਭਾਗ ਦੀ ਅਫ਼ਸਰਸ਼ਾਹੀ ਅੱਗੇ ਗੋਡੇ ਟੇਕ ਚੁੱਕੇ ਹੋਣ। ਵਿਭਾਗ ਦੀ ਅਫ਼ਸਰਸ਼ਾਹੀ ਮਨਮਾਨੀਆਂ ਤੇ ਉੱਤਰੀ ਹੋਈ ਹੈ। ਦੂਜੇ ਪਾਸੇ ਪੰਜਾਬ ਦਾ ਮੁੱਖ ਮੰਤਰੀ ਸਿਰਫ਼ ਅਰਬਾਂ ਰੁਪਏ ਦੀ ਇਸ਼ਤਿਹਾਰਬਾਜ਼ੀ ਕਰਕੇ ਹੀ ਕੱਚੇ ਮੁਲਾਜ਼ਮਾਂ ਨੂੰ ਕਈ ਵਾਰ ਪੱਕੇ ਕਰ ਚੁੱਕਾ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਨਰੇਗਾ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਅੰਤ ਵਿੱਚ ਵਿਚਾਰ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ ਕਿ ਸੋਮਵਾਰ 1 ਜੁਲਾਈ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। 6 ਜੁਲਾਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਜਿਲ੍ਹਾ ਪ੍ਰਧਾਨ ਬਲਾਕ ਪ੍ਰਧਾਨ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।*