ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ
ਪੀੜਤ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
ਚੰਡੀਗੜ੍ਹ, 11 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ ਕਾਰ ਵਿੱਚ ਸਫ਼ਰ ਕਰ ਰਹੇ ਸਨ, ਭਾਰੀ ਮੀਂਹ ਕਾਰਨ ਇਕ ਨਾਲੇ ਵਿੱਚ ਵਧੇ ਪਾਣੀ ਦੇ ਵਹਾਅ ਵਿੱਚ ਫਸ ਗਏ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਬਾਕੀ ਦੋ ਦੀ ਭਾਲ ਜਾਰੀ ਹੈ।
ਭਗਵੰਤ ਸਿੰਘ ਮਾਨ ਨੇ 9 ਵਿਅਕਤੀਆਂ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।
ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਪਹਿਲਾਂ ਹੀ ਲਾਪਤਾ ਵਿਅਕਤੀਆਂ ਦੀ ਭਾਲ ਲਈ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।