ਪੰਜਾਬ

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ


ਕਿਹਾ, ਬਿਨ੍ਹਾਂ ਕਿਸੇ ਪੱਖ ਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਤਰਜੀਹ

ਜ਼ਿਲ੍ਹੇ ਦੇ 10 ਪਿੰਡਾਂ ਨੂੰ 2 ਕਰੋੜ 6 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦੇਣ ਦਾ ਕੀਤਾ ਐਲਾਨ

ਜ਼ਿਲ੍ਹੇ ਦੇ 248 ਸਰਪੰਚਾਂ ਅਤੇ 1908 ਪੰਚਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 03 ਦਸੰਬਰ:

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 248 ਪਿੰਡਾਂ ਦੀਆਂ ਪੰਚਾਇਤਾਂ ਦੇ ਨਵੇਂ ਚੁਣੇ ਗਏ 248 ਸਰਪੰਚ ਅਤੇ 1908 ਪੰਚਾਂ ਨੂੰ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ. ਜਗਦੀਪ ਸਿੰਘ ਕਾਕਾ ਬਰਾੜ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਤੁਸ਼ਾਰ ਗੁਪਤਾ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਮੁਬਾਰਕਬਾਦ ਦਿੰਦਿਆਂ ਸਮਾਗਮ ਵਿੱਚ ਪੁੱਜੇ ਸਰਪੰਚਾਂ ਅਤੇ ਪੰਚਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਡਾ. ਬਲਜੀਤ ਕੌਰ ਨੇ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਜਮਹੂਰੀਅਤ ਦੀ ਨੀਂਹ ਦੱਸਦਿਆ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਫੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣੇ ਚਾਹੀਦੇ ਹਨ।

ਕੈਬਨਿਟ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਪੱਖ ਪਾਤ ਤੋਂ ਪਿੰਡਾਂ ਦੇ ਵਿਕਾਸ ਕਰਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ, ਉਨ੍ਹਾਂ ਇੱਕ ਸਵਾਲ ਦੇ ਜੁਆਬ ਵਿੱਚ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ 50 ਫੀਸਦੀ ਤੋਂ ਵੱਧ ਆਬਾਦੀ ਵਾਲੇ ਪਿੰਡਾਂ ਨੂੰ ਸੂਬਾ ਸਰਕਾਰ ਵੱਲੋਂ ਖਾਸ ਗਰਾਂਟ ਦਿੱਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ 10 ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ 2 ਕਰੋੜ 6 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਮੁਹੱਈਆ ਕਰਵਾਈ ਜਾਵੇਗੀ।

ਡਾ. ਬਲਜੀਤ ਕੌਰ ਨੇ ਨਵੇ ਚੁਣੇ ਗਏ ਪੰਚਾਂ ਅਤੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਉਨ੍ਹਾਂ ਸਰਪੰਚਾਂ ਅਤੇ ਪੰਚਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਨੇਕ ਉਪਰਾਲੇ ਵਿੱਚ ਆਪਣਾ ਪੂਰਨ ਸਹਿਯੋਗ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤ ਹਰ ਫੈਸਲਾ ਪਿੰਡ ਵਾਸੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਲੈਣ ਤਾਂ ਹੀ ਪਿੰਡ ਦੇ ਸਰਬਪੱਖੀ ਵਿਕਾਸ ਲਈ ਅਹਿਮ ਰੋਲ ਅਦਾ ਕਰ ਸਕਦੀ ਹੈ।
ਇਸ ਤੋਂ ਪਹਿਲਾਂ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਅਤੇ ਨਵੇ ਚੁਣੇ ਗਏ ਪੰਚਾਂ ਅਤੇ ਸਰਪੰਚਾਂ ਨੂੰ ਵਧਾਈ ਦਿੰਦਿਆਂ ਪ੍ਰੇਰਿਤ ਕੀਤਾ ਕਿ ਉਹ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾ ਸਕਦੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲੋੜਵੰਦ 06 ਲਾਭਪਾਤਰੀਆਂ ਨੂੰ ਆਪਣੇ ਘਰਾਂ ਵਿੱਚ ਪਖਾਨਾ ਬਣਾਉਣ ਲਈ ਪ੍ਰਵਾਨਗੀ ਪੱਤਰਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਸ੍ਰੀ ਜਗਦੇਵ ਸਿੰਘ ਬਾਂਮ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ, ਵਾਈਸ ਚੇਅਰਮੈਨ ਪਨਸੀਡ, ਪੰਜਾਬ ਸ੍ਰੀ ਜਸ਼ਨ ਬਰਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਐਸ.ਡੀ.ਐਮ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਸ੍ਰੀ ਗੁਰਬਾਜ ਸਿੰਘ ਵਣਵਾਲਾ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

——–

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!