ਮੁੱਖ ਮੰਤਰੀ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ
ਏਸ਼ੀਅਨ ਅਤੇ ਓਲੰਪਿਕ ਖੇਡਾਂ ਲਈ ਤਿਆਰੀਆਂ ਵਿਚ ਜੁਟ ਜਾਣ ਲਈ ਆਖਿਆ

ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ਉੱਤੇ ਬੀਤੇ ਦਿਨੀਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਉੱਭਰਦੇ ਖਿਡਾਰੀਆਂ ਨੂੰ ਸਨਮਾਨਤ ਕਰਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ।
ਦੱਖਣੀ ਕੋਰੀਆ ਵਿਖੇ ਹੋਏ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਅਰਜੁਨ ਬਬੂਟਾ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਅੰਜੁਮ ਮੌਦਗਿਲ, ਕਾਂਸੀ ਦੇ ਤਮਗੇ ਜਿੱਤਣ ਵਾਲੀ ਸਿਫ਼ਤ ਕੌਰ ਸਮਰਾ ਤੇ ਵਿਜੇਵੀਰ ਸਿੰਘ ਸਿੱਧੂ ਅਤੇ ਬੈਡਮਿੰਟਨ ਵਿੱਚ ਥੌਮਸ ਕੱਪ ਜੇਤੂ ਧਰੁਵ ਕਪਿਲਾ ਨੂੰ ਸਨਮਾਨਤ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਬਣਾਉਣ ਲਈ ਢੁੱਕਵੇਂ ਪ੍ਰਬੰਧ ਕਰ ਰਹੀ ਹੈ। ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਹੁਣੇ ਤੋਂ ਤਿਆਰੀ ਵਿੱਚ ਜੁੱਟ ਜਾਣ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਏਗੀ।ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।