ਪੰਜਾਬ

ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਗੁਰਮੀਤ ਸਿੰਘ ਮੀਤ ਹੇਅਰ

- ਪਿੰਡ ਢੁੱਡੀਕੇ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹਾਕੀ ਐਸਟਰੋਟਰਫ ਦਾ ਖੇਡ ਮੰਤਰੀ ਵੱਲੋਂ ਉਦਘਾਟਨ

– ਕਿਹਾ, ਬੰਦ ਖੇਡ ਵਿੰਗ ਅਤੇ ਅਕਾਦਮੀਆਂ ਮੁੜ ਚਾਲੂ ਕੀਤੀਆਂ ਜਾਣਗੀਆਂ 
– ਲਾਲਾ ਲਾਜਪਤ ਰਾਏ ਜੀ ਦੇ ਸਮਾਰਕ ਉੱਤੇ ਨਤਮਸਤਕ  
ਢੁੱਡੀਕੇ (ਮੋਗਾ)/ਚੰਡੀਗੜ੍ਹ, 21 ਸਤੰਬਰ
ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਘੱਟੋ ਘੱਟ ਰਾਸ਼ਟਰੀ ਪੱਧਰ ਤੱਕ ਜਰੂਰੀ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਵਜ਼ੀਫਾ ਸਕੀਮ ਚਲਾਈ ਗਈ ਹੈ। ਇਸ ਸਕੀਮ ਤਹਿਤ ਰਾਸ਼ਟਰੀ ਪੱਧਰ ਉੱਤੇ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਸੀਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਅਤੇ ਜੂਨੀਅਰ ਖਿਡਾਰੀਆਂ ਨੂੰ 6000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਇਆ ਕਰੇਗਾ। ਉਹਨਾਂ ਕਿਹਾ ਕਿ ਇਸ ਸਕੀਮ ਨਾਲ ਖਿਡਾਰੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹ ਮਿਲੇਗਾ। ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਆਪ ਸਰਕਾਰ ਨੇ ਛੇ ਸਾਲ ਬਾਅਦ ਖਿਡਾਰੀਆਂ ਦਾ ਸਮਾਨ ਖਰੀਦਣ ਲਈ ਬਜਟ ਰੱਖਿਆ। ਉਹਨਾਂ ਵਾਅਦਾ ਕੀਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਵੀਂ ਖੇਡ ਪਾਲਸੀ ਤਹਿਤ ਖੇਡਾਂ ਲਈ ਵੱਖਰਾ ਕੇਡਰ ਤਿਆਰ ਕਰਾਂਗੇ ਤਾਂ ਜੌ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।
ਸ਼ਹੀਦ ਲਾਲਾ ਲਾਜਪਤ ਰਾਏ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੁੰਦਿਆਂ ਉਹਨਾਂ ਕਿਹਾ ਕਿ ਅਜ਼ਾਦੀ ਘੁਲਾਟੀਏ ਪਰਿਵਾਰਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਕਾਬਿਲ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ।
ਇਸ ਤੋਂ ਪਹਿਲਾਂ ਉਹਨਾਂ ਨੇ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਗਟਰਾ ਅਤੇ ਉਪ ਪ੍ਰਧਾਨ ਪਰਮਜੀਤ ਕੌਰ ਭੱਟੀ ਨੂੰ ਅਤੇ ਨਗਰ ਪੰਚਾਇਤ ਬੱਧਣੀ ਕਲਾਂ ਦੇ ਪ੍ਰਧਾਨ ਜਗਜੀਤ ਸਿੰਘ ਅਤੇ ਉਪ ਪ੍ਰਧਾਨ ਜਸਵੀਰ ਕੌਰ ਨੂੰ ਅਹੁਦਾ ਸੰਭਾਲਿਆ। ਇਸ ਦੌਰਾਨ ਉਹਨਾਂ ਮੋਗਾ ਰੋਇੰਗ ਅਤੇ ਵਾਟਰ ਸਪੋਰਟਸ ਕਲੱਬ ਦੌਧਰ ਦਾ ਵੀ ਉਦਘਾਟਨ ਕੀਤਾ।
ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚਣ ਉੱਤੇ ਸ੍ਰ ਮੀਤ ਹੇਅਰ ਦਾ ਧੰਨਵਾਦ ਕੀਤਾ।
ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਐੱਸ ਡੀ ਐੱਮ ਸ੍ਰ ਰਾਮ ਸਿੰਘ, ਆਪ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!