ਪੰਜਾਬ

ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੇ ਅਸਰਦਾਰ ਨਤੀਜੇ : ਅਪ੍ਰੈਲ 2022 ਤੋਂ ਹੁਣ ਤੱਕ 359 ਮੁਲਜ਼ਮ ਕੀਤੇ ਗ੍ਰਿਫ਼ਤਾਰ

 

 

_ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ/ਵੀਡੀਓ ਰਿਕਾਰਡਿੰਗ ਸਬੂਤਾਂ ਨਾਲ ਮਿਲੀਆਂ 7,939 ਸ਼ਿਕਾਇਤਾਂ_

 

 

 

ਚੰਡੀਗੜ, 28 ਮਈ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ ਅਤੇ 23 ਮਾਰਚ, 2022 ਤੋਂ, ਹੁਣ ਤੱਕ, ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (ਏ.ਸੀ.ਏ.ਐੱਲ.) ਉਪਰ ਲੋੜੀਂਦੇ ਸਬੂਤਾਂ ਸਮੇਤ ਕੁੱਲ 7,939 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਾਰਦਰਸ਼ਤਾ ਅਤੇ ਜਨਤਕ ਪ੍ਰਸ਼ਾਸਨ ਵਿੱਚ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਲਈ ਅਟੱਲ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਹ ਖੁਲਾਸਾ ਕਰਦੇ ਹੋਏ, ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਰਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਪ੍ਰਤੀ ਆਪਣੇ ਮਿਸ਼ਨ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਲਈ ਉਕਤ ਐਕਸ਼ਨ ਲਾਈਨ ਨੰਬਰ 9501-200-200 ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਗਰਿਕ ਪੱਖੀ ਆਰਟੀਫੀਸ਼ੀਅਲ ਇੰਟੈਲੀਜੈਂਸ ਵਾਲੇ ਪਲੇਟਫਾਰਮ ‘ਤੇ ਕੋਈ ਵੀ ਵਿਅਕਤੀ ਰਿਸ਼ਵਤਖੋਰੀ ਦੀ ਮੰਗ ਬਾਰੇ ਲੋੜੀਂਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਦੇ ਨਾਲ 24 ਘੰਟੇ ਸੱਤੇ ਦਿਨ ਸ਼ਿਕਾਇਤਾਂ ਦਰਜ ਕਰਵਾ ਸਕਦਾ ਹੈ।

ਬੁਲਾਰੇ ਨੇ ਦੱਸਿਆ ਕਿ ਇੱਕ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਉਣ, ਫਜ਼ੂਲ ਐਂਟਰੀਆਂ, ਸਪੈਮ, ਜੰਕ ਪੋਸਟਾਂ ਅਤੇ ਭ੍ਰਿਸ਼ਟਾਚਾਰ ਨਾਲ ਗੈਰ-ਸੰਬੰਧਿਤ ਐਂਟਰੀਆਂ ਦੀ ਪੁਣਛਾਣ (ਫਿਲਟਰ) ਲਈ ਇਸ ਵੈੱਬ ਪੋਰਟਲ ‘ਤੇ ਇੱਕ ‘ਆਟੋਮੈਟਿਕ ਬੋਟ’ ਸਥਾਪਤ ਕੀਤਾ ਹੈ। ਨਤੀਜੇ ਵਜੋਂ, ਕੁੱਲ 4,02,133 ਇੰਦਰਾਜ਼ਾਂ ਵਿੱਚੋਂ, 3,90,050 ਐਂਟਰੀਆਂ ਦੀ ਪਛਾਣ ਅਪ੍ਰਸੰਗਿਕ ਜਾਂ ਕਬਾੜ ਪੋਸਟਾਂ ਅਤੇ ਭ੍ਰਿਸ਼ਟਾਚਾਰ ਨਾਲ ਕੋਈ ਸਬੰਧ ਨਾ ਹੋਣ ਬਾਰੇ ਵਰਗੀਕ੍ਰਿਤ ਵੰਡ ਕਰਦਿਆਂ ਉਨ੍ਹਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਗਿਆ। ਇਸ ਪਹਿਲਕਦਮੀ ਦਾ ਉਦੇਸ਼ ਲੋੜੀਂਦੇ ਸਰੋਤਾਂ ਅਤੇ ਸਿਰਫ਼ ਕਾਰਵਾਈਯੋਗ ਸ਼ਿਕਾਇਤਾਂ ‘ਤੇ ਧਿਆਨ ਕੇਂਦਰਿਤ ਕਰਨਾ ਹੈ ਜੋ ਭ੍ਰਿਸ਼ਟਾਚਾਰ ਵਿਰੁੱਧ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਯੋਗਦਾਨ ਪਾਉਂਦੀਆਂ ਹਨ।

ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਬਾਕੀ ਬਚੀਆਂ 12,083 ਸ਼ਿਕਾਇਤਾਂ/ਇੰਦਰਾਜ਼ਾਂ ਦਾ ਡੂੰਘਾਈ ਨਾਲ ਮੁਲਾਂਕਣ ਕਰਨ ਤੋਂ ਪਤਾ ਲੱਗਿਆ ਹੈ ਕਿ 4,144 ਸ਼ਿਕਾਇਤਾਂ ਦਾ ਭ੍ਰਿਸ਼ਟਾਚਾਰ ਨਾਲ ਕੋਈ ਸੰਬੰਧ ਨਹੀਂ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਕਾਰਵਾਈਯੋਗ ਸ਼ਿਕਾਇਤਾਂ ਵਿੱਚੋਂ, ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾਵਾਂ ਦੁਆਰਾ ਕੀਤੇ ਗਏ ਦਾਅਵਿਆਂ ਦੀ ਪੁਸ਼ਟੀ ਲਈ ਆਡੀਓ/ਵੀਡੀਓ ਰਿਕਾਰਡਿੰਗਾਂ ਦੇ ਨਾਲ ਬਾਕੀ ਬਚੀਆਂ ਕੁੱਲ 7,939 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਇਨ੍ਹਾਂ ਸ਼ਿਕਾਇਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਵਿੱਚੋਂ 3,401 ਸ਼ਿਕਾਇਤਾਂ ਹੋਰ ਵਿਭਾਗਾਂ ਨਾਲ ਸਬੰਧਤ ਪਾਈਆਂ ਗਈਆਂ ਜੋ ਕਿ ਸਬੰਧਤ ਵਿਭਾਗਾਂ ਨੂੰ ਵਿਚਾਰਨ ਅਤੇ ਬਣਦੀ ਕਾਰਵਾਈ ਹਿੱਤ ਭੇਜ ਦਿੱਤੀਆਂ ਗਈਆਂ।

ਬੁਲਾਰੇ ਨੇ ਦੱਸਿਆ ਕਿ ਬਾਕੀ ਬਚੀਆਂ 394 ਸ਼ਿਕਾਇਤਾਂ, ਜੋ ਆਡੀਓ/ਵੀਡੀਓ ਰਿਕਾਰਡਿੰਗ ਸਬੂਤਾਂ ਨਾਲ ਸਨ ਅਤੇ ਸਿੱਧੇ ਤੌਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਹਨ। ਇਹਨਾਂ ਸ਼ਿਕਾਇਤਾਂ ਦੀ ਵਧੇਰੇ ਜਾਂਚ ਲਈ ਵਿਜੀਲੈਂਸ ਬਿਊਰੋ ਦੇ ਰੇਂਜਾਂ ਵਿੱਚ ਸਬੰਧਤ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸ.ਐਸ.ਪੀਜ)) ਨੂੰ ਭੇਜ ਦਿੱਤਾ ਗਿਆ ਹੈ। ਸਖ਼ਤ ਪੜਤਾਲ ਦੇ ਨਤੀਜੇ ਵਜੋਂ, ਹੁਣ ਤੱਕ ਪੜਤਾਲਾਂ ਦੇ ਨਤੀਜਿਆਂ ਦੇ ਆਧਾਰ ‘ਤੇ ਕੁੱਲ 88 ਪਹਿਲੀ ਸੂਚਨਾ ਰਿਪੋਰਟਾਂ (ਐੱਫ.ਆਈ.ਆਰਜ.) ਦਰਜ ਕਰਕੇ, ਇੱਕ ਸ਼ਲਾਘਾਯੋਗ ਮੀਲ ਪੱਥਰ ਹਾਸਲ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪੜਤਾਲਾਂ ਦੇ ਨਤੀਜੇ ਵਜੋਂ 40 ਪੁਲਿਸ ਮੁਲਾਜ਼ਮਾਂ ਸਮੇਤ ਰਿਸ਼ਵਤ ਦੇ ਵੱਖ-ਵੱਖ ਮਾਮਲਿਆਂ ਵਿੱਚ ਸ਼ਾਮਲ 132 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਪ੍ਰੈਲ 2022 ਤੋਂ ਵਿੱਢੀ ਇਸ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬਿਊਰੋ ਨੇ ਸੂਬੇ ਭਰ ਵਿੱਚ ਭ੍ਰਿਸ਼ਟਾਚਾਰ ਦੇ ਕੁੱਲ 298 ਵੱਖ-ਵੱਖ ਮਾਮਲਿਆਂ ਵਿੱਚ 359 ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਆਪਕ ਜਾਂਚ ਲਈ 152 ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ ਅਤੇ 99 ਕੇਸਾਂ ਵਿੱਚ ਵਿਭਾਗੀ ਜਾਂਚ ਸ਼ੁਰੂ ਕੀਤੀ ਗਈ ਹੈ।

ਬੁਲਾਰੇ ਨੇ ਕਿਹਾ ਕਿ ਬਿਊਰੋ ਨੂੰ ਆਪਣੇ ਅਧਿਕਾਰੀਆਂ ਦੁਆਰਾ ਦਿਖਾਏ ਸਮਰਪਣ ਅਤੇ ਪੇਸ਼ੇਵਰਤਾ ਉਤੇ ਭਰੋਸਾ ਹੈ ਜੋ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਅਖੰਡਤਾ ਦੇ ਸਿਧਾਂਤਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਤੇਜ਼ ਅਤੇ ਨਿਰਣਾਇਕ ਕਾਰਵਾਈ ਨੂੰ ਸਮਰੱਥ ਬਣਾਉਂਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!