ਪੰਜਾਬ

ਆਮ ਆਦਮੀ ਪਾਰਟੀ ਵੱਲੋਂ ਲੋਹੜੀ ਮੌਕੇ ਲੁਧਿਆਣਾ ‘ਚ ਕਿਸਾਨ ਸ਼ਹੀਦਾਂ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ

ਲੋਹੜੀ ਸਮਾਗਮ ‘ਚ ਮੋਨ ਧਾਰਕੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਮੋਦੀ ਅੜੀਅਲ ਰਵੱਈਆ ਛੱਡਕੇ ਕਾਲੇ ਕਾਨੂੰਨ ਰੱਦ ਕਰਨ : ਭਗਵੰਤ ਮਾਨ
ਇਕੱਲੇ ਕਿਸਾਨਾਂ ਲਈ ਨਹੀਂ, ਸਾਰੇ ਵਰਗਾਂ ਲਈ ਬਹੁਤ ਖਤਰਨਾਕ ਹਨ ਕਾਲੇ ਕਾਨੂੰਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੇ ਮਨ ਦੀ ਗੱਲ ਸੁਣਨ

ਲੁਧਿਆਣਾ/ਚੰਡੀਗੜ੍ਹ, 13 ਜਨਵਰੀ 2021
ਆਮ ਆਦਮੀ ਪਾਰਟੀ ਵੱਲੋਂ ਲੋਹੜੀ ਮੌਕੇ ਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਕਰਕੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਕਿਸਾਨ ਸ਼ਹੀਦਾਂ ਨੂੰ ਸਮਰਪਿਤ ਕੀਤੇ ਗਏ ਲੋਹੜੀ ਸਮਾਗਮ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਕੀਤਾ ਗਿਆ। ਸਮਾਗਮ ਦੇ ਸ਼ੁਰੂ ਵਿੱਚ ਮੋਨ ਧਾਰਕੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ, ਐਮ ਐਲ ਏ ਪ੍ਰਿੰਸੀਪਲ ਬੁੱਧਰਾਮ, ਬੀਬੀ ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ , ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਪੰਡੋਰੀ, ਅਮਰਜੀਤ ਸਿੰਘ ਸੰਦੋਆ, ਮਾਸਟਰ ਬਲਦੇਵ ਸਿੰਘ ਜੈਤੋ,  ਜੱਗਾ ਹਿਸੋਵਾਲ, ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜ਼ਾਨਚੀ ਨੀਨਾ ਮਿੱਤਲ, ਸੂਬਾ ਸਕੱਤਰ ਗਗਨਦੀਪ ਸਿੰਘ ਚੱਡਾ, ਸੰਯੁਕਤ ਸਕੱਤਰ ਅਮਨਦੀਪ ਸਿੰਘ ਮੋਹੀ ਆਗੂ ਹਾਜ਼ਰ ਸਨ।
ਇਸ ਮੌਕੇ ਭਗਵੰਤ ਮਾਨ ਨੇ ਬੋਲਦੇ ਹੋਏ ਕਿਹਾ ਕਿ ਕਿਸਾਨੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਹੋਇਆ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਿਆ ਹੈ। ਇਹ ਕਾਲੇ ਕਾਨੂੰਨ ਆੜਤੀਆਂ, ਛੋਟ ਵਪਾਰੀਆਂ, ਮਜ਼ਦੂਰਾਂ, ਮੁਲਾਜ਼ਮਾਂ ਸਮੇਤ ਹਰ ਵਰਗ ਲਈ ਬਹੁਤ ਹੀ ਖਤਰਨਾਕ ਹਨ। ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਵਿੱਚ ਦੇਸ਼ ਦਾ ਹਰ ਨਾਗਰਿਕ ਆਪਣੇ-ਆਪਣੇ ਵਿੱਤ ਮੁਤਾਬਕ ਸਹਿਯੋਗ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰੀ-ਵਾਰੀ ਸੱਤਾ ਵਿੱਚ ਰਹਿਣ ਵਾਲੀਆਂ ਪਾਰਟੀਆਂ ਦੇ ਆਗੂਆਂ ਨੇ ਕੁਰਸੀ ਲਈ ਲੋਕਾਂ ਵਿੱਚ ਫਿਰਕੂ, ਵਰਗਾਂ ਦੇ ਅਧਾਰ ਉੱਤੇ ਫੁੱਟ ਪਾਈ ਰੱਖੀ। ਪ੍ਰੰਤੂ ਹੁਣ ਲੋਕ ਵੰਡਣ ਵਾਲੇ ਆਗੂਆਂ ਦੀਆਂ ਸਾਜਿਸ਼ਾਂ ਨੂੰ ਸਮਝ ਗਏ ਹਨ। ਲੋਕ ਇਕੱਠੇ ਹੋ ਕੇ ਆਪਣੇ ਭਵਿੱਖ ਦੀ ਲੜਾਈ ਲੜ ਰਹੇ ਹਨ।
ਕਿਸਾਨ ਅੰਦੋਲਨ ਨੂੰ ਕੇਂਦਰ ਦੀਆਂ ਸੱਤਾਧਾਰੀਆਂ ਪਾਰਟੀਆਂ ਵੱਲੋਂ ਸਿਰਫ ਪੰਜਾਬ ਦਾ ਅੰਦੋਲਨ ਕਹਿਣ ਉੱਤੇ ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਾਂਝਾ ਪੰਜਾਬ ਹੁੰਦਿਆਂ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ, ਆਜ਼ਾਦੀ ਦੇ ਘੋਲ ਦੀ ਅਗਵਾਈ ਪੰਜਾਬ ਨੇ ਕੀਤੀ, ਆਜ਼ਾਦੀ ਸਾਰੇ ਦੇਸ਼ ਨੂੰ ਮਿਲੀ। ਇਸੇ ਤਰ੍ਹਾਂ ਹੀ ਹੁਣ ਇਸ ਅੰਦੋਲਨ ਦੀ ਅਗਵਾਈ ਪੰਜਾਬ ਤੇ ਹਰਿਆਣਾ ਕਰ ਰਹੇ ਹਨ, ਫਾਇਦਾ ਸਾਰੇ ਦੇਸ਼ ਨੂੰ ਹੀ ਹੋਵੇਗਾ।  ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਸੜਕਾਂ ਉੱਤੇ ਸ਼ਾਂਤਮਈ ਅੰਦੋਲਨ ਕਰ ਰਹੇ ਹਨ, ਪ੍ਰੰਤੂ ਲੋਕਤੰਤਰਿਕ ਢੰਗ ਨਾਲ ਚੁਣੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਧੌਣ ਵਿੱਚ ਅਕੜ ਵਾਲਾ ਸਰੀਆ ਅੜ੍ਹਿਆ ਹੋਇਆ ਹੈ। ਉਹ ਲੋਕਾਂ ਦੀ ਗੱਲ ਸੁਣਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸ਼ੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਕੁੱਤਾ ਵੀ ਮਰ ਜਾਂਦਾ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਅਫਸੋਸ ਪ੍ਰਗਟਾਉਣ ਲਈ ਟਵੀਟ ਕਰਦੇ ਹਨ, ਸਾਡੇ ਦੇਸ਼ ਦੇ 65 ਤੋਂ ਵੱਧ ਅੰਨਦਾਤਾ ਦੀ ਮੌਤ ਹੋ ਚੁੱਕੀ ਹੈ ਦੇਸ਼ ਦਾ ਪ੍ਰਧਾਨ ਮੰਤਰੀ ਇਕ ਸ਼ਬਦ ਨਹੀਂ ਬੋਲਿਆ।
ਉਨ੍ਹਾਂ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨ ਕਾਲੇ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਨਹੀਂ ਗਏ, ਕੇਂਦਰ ਸਰਕਾਰ ਨੇ ਆਪਣੇ ਚਹੇਤਿਆਂ ਕੋਲੋਂ ਸੁਪਰੀਮ ਕੋਰਟ ਵਿੱਚ ਰਿੱਟ ਪੁਆ ਦਿੱਤੀ। ਆਪਣੀ ਮਰਜ਼ੀ ਦੀ ਕਮੇਟੀ ਬਣਵਾ ਦਿੱਤੀ। ਉਨ੍ਹਾਂ ਕਿਹਾ ਕਿ ਅਦਾਲਤਾਂ ਦੀ ਨਿਰਪੱਖਤਾ ਉੱਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਦੇਖਿਆ ਜਾਵੇ ਕਿ ਮੋਦੀ-ਸ਼ਾਹ ਨਾਲ ਸਬੰਧਤ ਕੇਸ਼ਾਂ ਦੇ ਜਿਨ੍ਹਾਂ ਜੱਜਾਂ ਨੇ ਹੱਕ ਵਿੱਚ ਫੈਸਲ ਸੁਣਾਏ ਅੱਜ ਕੋਈ ਗਵਰਨਰ ਲੱਗਿਆ ਅਤੇ ਕੋਈ ਹੋਰ ਅਹੁੱਦੇ ਉੱਤੇ ਬੈਠਾ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਕਿਸਾਨਾਂ ਨੇ ਕਦੇ ਕਮੇਟੀ ਬਣਾਉਣ ਦੀ ਮੰਗ ਨਹੀਂ ਕੀਤੀ ਸੀ, ਕਿਸਾਨਾਂ ਨੂੰ ਕਾਲੇ ਕਾਨੂੰਨਾਂ ਦੇ ਵਾਂਗ ਹੀ ਧੱਕੇ ਨਾਲ ਕਮੇਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਆਪਣੇ ਹੱਕ ਲਈ ਲੜ ਰਹੇ ਅੰਨਦਾਤਾ ਨੂੰ ਕੇਂਦਰ ਦੇ ਮੰਤਰੀ ਤੇ ਭਾਜਪਾ ਆਗੂ ਦੇਸ਼ਧ੍ਰੋਹੀ, ਅੱਤਵਾਦੀ, ਪਾਕਿਸਤਾਨੀ-ਚੀਨੀ ਏਜੰਟ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤਾਨਾਸ਼ਾਹ ਤਰੀਕੇ ਨਾਲ ਦੇਸ਼ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਚੋਣਾਂ ਤੋਂ ਪਹਿਲਾਂ ‘ਸਭ ਦਾ ਸਾਥ, ਸਭ ਦਾ ਵਿਕਾਸ’ ਦਾ ਨਾਅਰਾ ਦਿੱਤਾ ਸੀ, ਪ੍ਰੰਤੂ ਹੁਣ ‘ਹਮ ਦੋ (ਮੋਦੀ-ਸ਼ਾਹੀ), ਹਮਾਰੇ ਦੋ (ਅੰਬਾਨੀ-ਅੰਡਾਨੀ)’ ਦੀ ਨੀਤੀ ਉੱਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਮਨ ਦੀ ਗੱਲ ਸੁਣਦੇ ਹੋਏ ਲੋਕਾਂ ਨੇ ਦੋ ਵਾਰ ਪ੍ਰਧਾਨ ਮੰਤਰੀ ਬਣਾ ਦਿੱਤਾ ਹੈ, ਹੁਣ ਪ੍ਰਧਾਨ ਮੰਤਰੀ ਮੋਦੀ ਲੋਕਾਂ ਦੇ ਮਨ ਦੀ ਗੱਲ ਸੁਣਨ।
ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਲੇ ਕਾਨੂੰਨਾਂ ਦਾ ਪਹਿਲੇ ਦਿਨ ਤੋਂ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇ ਅੰਦੋਲਨ ਵਿੱਚ ਆਮ ਆਦਮੀ ਪਾਰਟੀ ਮੋਢੇ ਨਾਲ ਮੋਢਾ ਜੋੜਕੇ ਖੜ੍ਹੀ ਹੈ। ਦਿੱਲੀ ਦੀ ਸਰਹੱਦ ਉੱਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਹਰ ਸੰਭਵ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਿੰਡ-ਪਿੰਡ, ਗਲੀ, ਮੁਹੱਲੇ ਵਿੱਚ ਲੋਹੜੀ ਦੀ ਅੱਗ ਵਿੱਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ ਅਤੇ ਕਿਸਾਨ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਹਰਮਿੰਦਰ ਸਿੰਘ ਬਖਸ਼ੀ, ਲੁਧਿਆਣਾ ਸ਼ਹਿਰੀ ਪ੍ਰਧਾਨ ਸੁਰੇਸ਼ ਗੋਇਲ, ਦਿਹਾਤੀ ਸਹਿ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ, ਜਿਲ੍ਹਾ ਸਕੱਤਰ ਸ਼ਰਨ ਪਾਲ ਸਿੰਘ ਮੱਕੜ, ਜਿਲ੍ਹਾ ਮੀਡੀਆ ਇੰਚਾਰਜ ਦੁਪਿੰਦਰ ਸਿੰਘ, ਸੋਸ਼ਲ ਮੀਡੀਆ ਇੰਚਾਰਜ ਗੋਬਿੰਦ ਕੁਮਾਰ, ਦਫਤਰ ਇੰਚਾਰਜ ਮਾਸਟਰ ਹਰੀ ਸਿੰਘ, ਇਵੇੰਟ ਇੰਚਾਰਜ ਰਾਜਨ ਮਲਹੋਤਰਾ, ਸੀਨੀਅਰ ਲੀਡਰ ਅਹਿਬਾਬ ਸਿੰਘ ਗਰੇਵਾਲ, ਗੁਰਜੀਤ ਸਿੰਘ ਗਿੱਲ, ਰਾਜਿੰਦਰ ਪਾਲ ਕੌਰ ਛੀਨਾ, ਰਵਿੰਦਰ ਪਾਲ ਸਿੰਘ ਪਾਲੀ, ਪ੍ਰੋਫੈਸਰ ਤੇਜਪਾਲ ਸਿੰਘ ਗਿੱਲ, ਪੁਨੀਤ ਸਾਹਨੀ, ਤਰਸੇਮ ਸਿੰਘ ਭਿੰਡਰ, ਭੁਪਿੰਦਰ ਸਿੰਘ ਸੰਧੂ, ਭਰਪੂਰ ਸਿੰਘ, ਹਰਪ੍ਰੀਤ ਸਿੰਘ ਪਲਾਹਾ, ਕੁਲਦੀਪ ਸਿੰਘ ਫੌਜੀ, ਕਮਲ ਮਿਗਲਾਨੀ, ਅਮਰਜੀਤ ਸਿੰਘ , ਰਣਜੀਤ ਸਿੰਘ ਸੈਣੀ, ਧਰਮਿੰਦਰ ਫੌਜੀ, ਤਸ਼ੀਤ ਗੁਪਤਾ , ਬਲਜੀਤ ਸਿੰਘ ਗਰੇਵਾਲ, ਹਰਬੰਸ ਸਿੰਘ ਸੈਂਸ, ਕੁਲਦੀਪ ਐਰੀ, ਬਲਦੇਵ ਸਿੰਘ, ਚੰਦਰ ਭਾਰਦਵਾਜ ,ਨੀਰਜ ਕੁਮਾਰ, ਸ਼ੇਖਰ ਗਰੋਵਰ, ਪਰਮਿੰਦਰ ਸੰਧੂ,ਸਨੀ ਬੇਦੀ, ਹਨੀ ਸੰਧੂ, ਬੀਰ ਸੁਖਪਾਲ, ਰਾਜ ਕੁਮਾਰ ਸੈਣੀ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!