ਕਿਸਾਨ ਟਰੈਕਟਰ ਪਰੇਡ’ ਦੇ ਸਮਰਥਨ ‘ਚ ‘ਆਪ’ ਨੇ ਸੂਬੇ ਭਰ ਵਿੱਚ ਕੱਢੀਆਂ ਮੋਟਰਸਾਈਕਲ ਰੈਲੀਆਂ
…’ਆਪ’ ਵਲੰਟੀਅਰਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਮੋਟਰਸਾਈਕਲ ਰੈਲੀ ਕੱਢੀ, ਲੋਕਾਂ ਨੂੰ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ‘ਚ ਸ਼ਾਮਲ ਹੋਣ ਦੀ ਅਪੀਲ
…ਕਿਸਾਨ ਟਰੈਕਟਰ ਪਰੇਡ ‘ਚ ਸ਼ਾਮਲ ਹੋਣਗੇ ‘ਆਪ’ ਦੇ ਵਲੰਟੀਅਰ, ਵਿਧਾਇਕ ਅਤੇ ਸਮੂਹ ਅਹੁਦੇਦਾਰ : ਭਗਵੰਤ ਮਾਨ
… ‘ਆਪ’ ਰਾਜਨੀਤਿਕ ਪਾਰਟੀ ਵਜੋਂ ਨਹੀਂ, ਕਿਸਾਨ ਤੇ ਕਿਰਤੀ ਦੇ ਨਾਤੇ ਹੋਵੇਗੀ ਸ਼ਾਮਲ
ਚੰਡੀਗੜ੍ਹ, 23 ਜਨਵਰੀ () :
ਆਮ ਆਦਮੀ ਪਾਰਟੀ ਨੇ ਅੱਜ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਉੱਤੇ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੀਤੇ ਜਾ ਰਹੇ ਕਿਸਾਨ ਟਰੈਕਟਰ ਪਰੇਡ ਦੇ ਸਮਰਥਨ ‘ਚ ਮੋਟਰਸਾਈਕਲ ਰੈਲੀ ਕੱਢਕੇ ਪੰਜਾਬ ਵਾਸੀਆਂ ਨੂੰ ‘ਕਿਸਾਨ ਟਰੈਕਟਰ ਪਰੇਡ’ ਵਿੱਚ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਅੱਜ ਕੱਢੀਆਂ ਗਈਆਂ ਮੋਟਰਸਾਈਕਲ ਰੈਲੀਆਂ ਵਿੱਚ ਵਿਧਾਇਕਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਵੱਲੋਂ ਅੱਜ ਸੂਬੇ ਭਰ ਵਿੱਚ ਮੋਟਰਸਾਈਕਲ ਰੈਲੀਆਂ ਕੱਢੀਆਂ ਗਈਆਂ।
ਭਗਵੰਤ ਮਾਨ ਨੇ ਕਿਹਾ ਕਿ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੀਤੀ ਜਾ ਰਹੀ ‘ਕਿਸਾਨ ਟਰੈਕਟਰ ਪਰੇਡ’ ਦੇ ਸਮਰਥਨ ‘ਚ ਇਹ ਮੋਟਰਸਾਈਕਲ ਰੈਲੀ ਕੱਢੀ ਗਈ। ‘ਆਪ’ ਵਰਕਰਾਂ ਨੇ ਮੋਟਰਸਾਈਕਲ ਰੈਲੀ ਰਾਹੀਂ ਲੋਕਾਂ ਨੂੰ 26 ਜਨਵਰੀ ਨੂੰ ਹੋਣ ਵਾਲੇ ਕਿਸਾਨ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਕੜਾਕੇ ਦੀ ਠੰਢ ਵਿੱਚ ਧਰਨੇ ਉੱਤੇ ਬੈਠੇ ਆਪਣੇ ਕਿਸਾਨ ਭੈਣ-ਭਰਾਵਾਂ ਦੇ ਸਮਰਥਨ ‘ਚ ਡਟਣ ਦਾ ਸੱਦਾ ਦਿੱਤਾ।
ਭਗਵੰਤ ਮਾਨ ਨੇ ਕਿਹਾ ਕਿ ਇਹ ਰੈਲੀਆਂ ਕੋਈ ਰਾਜਨੀਤਿਕ ਮਕਸਦ ਤੋਂ ਨਹੀਂ ਕੱਢੀਆਂ ਗਈਆਂ ਅਤੇ ਨਾ ਹੀ ਇਸ ਨੂੰ ਰਾਜਨੀਤਿਕ ਤੌਰ ‘ਤੇ ਦੇਖਿਆ ਜਾਣਾ ਚਾਹੀਦਾ ਹੈ। ਅਸੀਂ ਸਭ ਕਿਸਾਨ ਪਰਿਵਾਰਾਂ ਨਾਲ ਸਬੰਧਿਤ ਹਾਂ ਅਤੇ ਕਿਸਾਨੀ ਸਾਡੇ ਖ਼ੂਨ ਵਿੱਚ ਹੈ। ਪੰਜਾਬ ਦੇ 80 ਫ਼ੀਸਦੀ ਤੋਂ ਜ਼ਿਆਦਾ ਲੋਕ ਖੇਤੀ ਨਾਲ ਜੁੜੇ ਹੋਏ ਹਨ। ਇੱਕ ਕਿਸਾਨ ਦਾ ਪੁੱਤ ਹੋਣ ਦੇ ਨਾਤੇ ਅਸੀਂ 26 ਜਨਵਰੀ ਨੂੰ ਹੋਣ ਵਾਲੀ ਕਿਸਾਨ ਟਰੈਕਟਰ ਪਰੇਡ ਵਿੱਚ ਆਪਣਾ ਸਹਿਯੋਗ ਦੇਣ ਲਈ ਇਸ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਹੈ। ਇਸ ਰੈਲੀ ਦਾ ਮਕਸਦ ਕਿਸਾਨ ਸੰਗਠਨਾਂ ਵੱਲੋਂ ਆਯੋਜਿਤ ਗਣਤੰਤਰ ਦਿਵਸ ਮੌਕੇ ਦਿੱਲੀ ਦੀਆਂ ਸੜਕਾਂ ਉੱਤੇ ਕੀਤੇ ਜਾਣ ਵਾਲੇ ‘ਕਿਸਾਨ ਟਰੈਕਟਰ ਪਰੇਡ’ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਅਪੀਲ ਕਰਦੇ ਹਾਂ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਅਤੇ ਕਿਸਾਨਾਂ ਉੱਤੇ ਅੱਤਿਆਚਾਰ ਕਰਨ ਵਾਲੀ ਮੋਦੀ ਸਰਕਾਰ ਦਾ ਹੰਕਾਰ ਤੋੜਿਆ ਜਾ ਸਕੇ।