ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਹੋਈ ਮੀਟਿੰਗ ‘ਚ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੁਲਾਜ਼ਮਾਂ ਦੀਆਂ ਮੰਗਾਂ
• ਬਾਕੀ ਮੰਗਾਂ ਲਈ 12 ਦਸੰਬਰ ਨੂੰ ਰੱਖੀ ਅਗਲੀ ਮੀਟਿੰਗ
• ਮੁਅੱਤਲ ਕੰਡਕਟਰ ਮਾਮਲੇ ਦੀ ਜਾਂਚ ਤਿੰਨ ਦਿਨਾਂ ‘ਚ ਮੁਕੰਮਲ ਕਰਨ ਤੇ ਆਨ ਡਿਊਟੀ ਜਾਂਚ ‘ਤੇ ਬਣੀ ਸਹਿਮਤੀ
• ਫਿਰੋਜ਼ਪੁਰ ਤੋਂ ਪੱਟੀ ਟਰਾਂਸਫਰ ਹੋਏ ਮੁਲਾਜ਼ਮਾਂ ਦੇ ਮਾਮਲੇ ‘ਚ ਵੀ ਸੱਤ ਦਿਨਾਂ ਅੰਦਰ ਸਮੀਖਿਆ ‘ਤੇ ਸਹਿਮਤੀ
• ਬਾਕੀ ਮੰਗਾਂ ਲਈ 12 ਦਸੰਬਰ ਨੂੰ ਰੱਖੀ ਅਗਲੀ ਮੀਟਿੰਗ
ਚੰਡੀਗੜ੍ਹ, 14 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਮੌਜੂਦ ਸਨ, ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਕੰਡਕਟਰ ਪ੍ਰਿਤਪਾਲ ਸਿੰਘ ਵਿਰੁੱਧ ਜਾਂਚ ਸਮਾਂਬੱਧ ਢੰਗ ਨਾਲ ਕੀਤੀ ਜਾਵੇਗੀ ਅਤੇ ਤਿੰਨ ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਯੂਨੀਅਨ ਵੱਲੋਂ ਇਸ ਮਾਮਲੇ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।
ਇਸੇ ਤਰ੍ਹਾਂ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਵਿਭਾਗ ਦੇ ਨਿਯਮਾਂ ਅਨੁਸਾਰ ਸੱਤ ਦਿਨਾਂ ਦੇ ਅੰਦਰ-ਅੰਦਰ ਫਿਰੋਜ਼ਪੁਰ ਤੋਂ ਪੱਟੀ ਟਰਾਂਸਫਰ ਹੋਏ ਮੁਲਾਜ਼ਮਾਂ ਦੀਆਂ ਬਦਲੀਆਂ ਦਾ ਜਾਇਜ਼ਾ ਲੈਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਸੂਬੇ ਦੇ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਲਈ ਅਧਿਕਾਰੀਆਂ ਵੱਲੋਂ ਨੋਟ ਕੀਤਾ ਗਿਆ। ਅਧਿਕਾਰੀਆਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਬਾਰੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ, ਜਿਸ ਸਬੰਧੀ 12 ਦਸੰਬਰ 2022 ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।