ਪੰਜਾਬ

*ਅਮਨ ਅਰੋੜਾ ਵੱਲੋਂ ਬਠਿੰਡਾ ਵਿਕਾਸ ਅਥਾਰਟੀ ਨੂੰ ਥਰਮਲ ਪਲਾਂਟ ਦੀ ਜ਼ਮੀਨ ਨੂੰ ਵਿਕਸਤ ਕਰਨ ਦੇ ਨਿਰਦੇਸ਼*

*ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ ਦੇ ਐਸ਼ ਡਾਈਕ ਖੇਤਰ ਦਾ ਦੌਰਾ*

 ਬਠਿੰਡਾ ਲਈ ਨਾਸੂਰ ਬਣੇ ਇਸ ਖੇਤਰ ਨੂੰ ਸੰਭਾਵਨਾਵਾਂ ਭਰਪੂਰ ਧਰਤੀ ਬਣਾਇਆ ਜਾਵੇਗਾ: ਅਮਨ ਅਰੋੜਾ 
ਚੰਡੀਗੜ੍ਹ, 6 ਅਗਸਤ:
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ਨਿੱਚਰਵਾਰ ਨੂੰ ਆਪਣੇ ਬਠਿੰਡਾ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੰਦ ਪਏ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ ਦੀ 1464 ਏਕੜ ਜ਼ਮੀਨ ਨੂੰ ਯੋਜਨਾਬੱਧ ਤਰੀਕੇ ਨਾਲ ਵਿਕਸਿਤ ਕਰੇਗੀ।
ਇਸ ਬੰਦ ਪਏ ਥਰਮਲ ਪਲਾਂਟ ਦੇ ਐਸ਼ ਡਾਈਕ ਖੇਤਰ ਦੀ 793 ਏਕੜ ਜ਼ਮੀਨ ਦਾ ਨਿਰੀਖਣ ਕਰਦਿਆਂ ਕੈਬਨਿਟ ਮੰਤਰੀ ਨੇ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਆਈ.ਆਈ.ਟੀ. ਕਾਨਪੁਰ ਤੋਂ ਇਸ ਜ਼ਮੀਨ ਦਾ ਸਰਵੇਖਣ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਬਠਿੰਡਾ ਲਈ ਨਾਸੂਰ ਬਣੇ ਇਸ ਖੇਤਰ ਨੂੰ ਸੰਭਾਵਨਾਵਾਂ ਭਰਪੂਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਡਿਵੈਲਪਰਾਂ ਨਾਲ ਮੈਰਾਥਨ ਮੀਟਿੰਗਾਂ ਬਾਅਦ ਕੈਬਨਿਟ ਮੰਤਰੀ ਨੇ ਅਰਬਨ ਅਸਟੇਟ-6 ਅਤੇ 7 ਦਾ ਦੌਰਾ ਵੀ ਕੀਤਾ ਅਤੇ ਬੀ.ਡੀ.ਏ. ਦੇ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਇਨ੍ਹਾਂ ਥਾਵਾਂ ਨੂੰ ਵਿਕਸਤ ਕਰਨ ਦੀ ਤਾਕੀਦ ਕੀਤੀ ਤਾਂ ਜੋ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦਾ ਪਿਛਲੀਆਂ ਸਰਕਾਰਾਂ ਦੇ ਉਲਟ ਸ਼ਹਿਰੀ ਵਿਕਾਸ ਪ੍ਰਤੀ ਨਜ਼ਰੀਆ ਬਿਲਕੁਲ ਸਪੱਸ਼ਟ ਤੇ ਪਾਰਦਰਸ਼ੀ ਹੈ ਜਦੋਂਕਿ ਪਿਛਲੀਆਂ ਸਰਕਾਰਾਂ ਨੇ ਵਿਕਾਸ ਦੇ ਨਾਂ ‘ਤੇ ਗੜਬੜੀ ਕਰਕੇ ਲੋਕਾਂ ਦੀ ਲੁੱਟ ਕੀਤੀ ਹੈ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਦੋਸ਼ਪੂਰਨ ਵਿਕਾਸ ਯੋਜਨਾਵਾਂ ਨੇ ਹੀ ਨਾਜਾਇਜ਼ ਕਾਲੋਨੀਆਂ ਨੂੰ ਜਨਮ ਦਿੱਤਾ ਹੈ, ਪਰ ਹੁਣ ਪੰਜਾਬ ਦੇ ਲੋਕ ਅਸਲ ਯੋਜਨਾਬੱਧ ਵਿਕਾਸ  ਨੂੰ ਅੱਖੀਂ ਦੇਖਣਗੇ।
ਇਸ ਮੌਕੇ ਕੈਬਨਿਟ ਮੰਤਰੀ ਦੇ ਨਾਲ ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਅਮਿਤ ਰਤਨ, ਵਿਧਾਇਕ ਬਲਕਾਰ ਸਿੱਧੂ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ, ਬਠਿੰਡਾ ਦੇ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਅਤੇ ਬੀ.ਡੀ.ਏ ਦੇ ਵਧੀਕ ਮੁੱਖ ਪ੍ਰਸ਼ਾਸਕ ਆਰ.ਪੀ. ਸਿੰਘ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!