ਪੰਜਾਬ

ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ

 

 

*ਸਾਲ 2022-23 ਦੇ ਬਜਟ ਅਨੁਮਾਨਾਂ ਨੂੰ ਸਦਨ ਸਾਹਮਣੇ ਰੱਖਣ ਦੀ ਵੀ ਮਨਜ਼ੂਰੀ*

 

*ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ, 2003 ਵਿੱਚ ਸੋਧ ਲਈ ਹਰੀ ਝੰਡੀ*

 

*ਚੰਡੀਗੜ੍ਹ, 24 ਜੂਨ:*

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਬੁਲਾਰੇ ਨੇ ਕਿਹਾ ਕਿ ਸੂਬੇ ਦੇ ਵਿੱਤ ਬਾਰੇ ‘ਵਾਈਟ ਪੇਪਰ’ ਪੰਜਾਬ ਸਰਕਾਰ ਨੂੰ ਦਰਪੇਸ਼ ਗੁੰਝਲਦਾਰ ਮੁੱਦਿਆਂ ਨੂੰ ਸਰਲ ਬਣਾਉਣ ਅਤੇ ਮੌਜੂਦਾ ਸਰਕਾਰ ਨੂੰ ਵਿਰਾਸਤ ਵਿੱਚ ਮਿਲੀ ਵਿੱਤੀ ਸਥਿਤੀ ਬਾਰੇ ਆਮ ਆਦਮੀ ਨੂੰ ਸਪੱਸ਼ਟ ਤੌਰ ’ਤੇ ਜਾਣੂ ਕਰਵਾਉਣ ਦਾ ਯਤਨ ਹੈ। ਇਸ ਵਾਈਟ ਪੇਪਰ ਵਿੱਚ ਮੁੱਖ ਤੌਰ ‘ਤੇ ਚਾਰ ਅਧਿਆਏ ਹਨ ਜੋ ਅਸਲ ਤਸਵੀਰ ਸਾਹਮਣੇ ਰੱਖਣ ਦੇ ਨਾਲ ਨਾਲ ਵਿੱਤੀ ਸੂਚਕਾਂ ਦੀ ਮੌਜੂਦਾ ਸਥਿਤੀ, ਕਰਜ਼ੇ ਦੀ ਸਥਿਤੀ ਅਤੇ ਸੂਬੇ ਦੇ ਸਰਕਾਰੀ ਅਦਾਰਿਆਂ ਦੇ ਵਿੱਤੀ ਹਾਲਾਤ ਨੂੰ ਪੇਸ਼ ਕਰਦੇ ਹਨ। ਵਾਈਟ ਪੇਪਰ ਸੂਬੇ ਦੇ ਵਿੱਤੀ ਹਾਲਾਤ ਵਿੱਚ ਸੁਧਾਰ ਲਈ ਸੰਭਾਵਿਤ ਰਾਹ ਵੀ ਦਰਸਾਏਗਾ।

ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਸਾਲ 2022-23 ਦੇ ਬਜਟ ਅਨੁਮਾਨਾਂ ਨੂੰ ਪੇਸ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਬਜਟ ਅਨੁਮਾਨ ਆਮ ਨਾਗਰਿਕਾਂ ਅਤੇ ਈਮੇਲਾਂ, ਚਿੱਠੀਆਂ ਤੇ ਸਿੱਧੇ ਸੰਚਾਰ ਰਾਹੀਂ ਆਪਣੇ ਸੁਝਾਅ ਦੇਣ ਵਾਲੇ ਲੋਕਾਂ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਤਿਆਰ ਕੀਤੇ ਗਏ ਹਨ। ਬਜਟ ਪ੍ਰਸਤਾਵਾਂ ਵਿੱਚ ਮਾਲੀਆ ਪ੍ਰਾਪਤੀਆਂ, ਪੂੰਜੀ ਪ੍ਰਾਪਤੀਆਂ, ਮਾਲੀਆ ਖਰਚਾ, ਪੂੰਜੀਗਤ ਖਰਚਾ, ਮਾਲੀਆ ਘਾਟਾ, ਵਿੱਤੀ ਘਾਟਾ ਅਤੇ ਬਕਾਇਆ ਕਰਜ਼ਾ ਵਰਗੇ ਸਾਰੇ ਸਬੰਧਤ ਵਿੱਤੀ ਸੂਚਕਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਮੰਤਰੀ ਮੰਡਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ, 2003 ਦੀ ਧਾਰਾ (ਏ) ਦੀ ਉਪ ਧਾਰਾ 2 ਵਿੱਚ ਧਾਰਾ 4 ‘ਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਅਨੁਮਾਨਤ ਕੁੱਲ ਰਾਜ ਘਰੇਲੂ ਉਤਪਾਦ (ਜੀਐਸਡੀਪੀ) ਦੀ 3.5 ਫ਼ੀਸਦ ਕੁੱਲ ਉਧਾਰ ਸੀਮਾ, ਰਾਸ਼ਟਰੀ ਪੈਨਸ਼ਨ ਯੋਜਨਾ (ਐਨਪੀਐਸ) ਅਧੀਨ ਯੋਗਦਾਨ ਦੇ ਬਰਾਬਰ ਵਾਧੂ ਉਧਾਰ ਲੈਣ ਦੀ ਸੀਮਾ ਦਾ ਲਾਭ ਲੈਣਾ, ਪਿਛਲੇ ਸਾਲਾਂ ਲਈ ਮਨਜ਼ੂਰਸ਼ੁਦਾ ਉਧਾਰ ਲੈਣ ਦੀ ਸੀਮਾ ਤੋਂ ਇਸ ਦੇ ਅਣਵਰਤੇ ਉਧਾਰ ਨੂੰ ਅੱਗੇ ਵਧਾਉਣਾ ਅਤੇ ਮੌਜੂਦਾ ਵਿੱਤੀ ਸਾਲ ਦੌਰਾਨ 2022-23 ਲਈ ਪੂੰਜੀ ਨਿਵੇਸ਼ ਲਈ ਸੂਬਿਆਂ ਨੂੰ ਵਿਸ਼ੇਸ਼ ਸਹਾਇਤਾ ਵਾਸਤੇ ਯੋਜਨਾ ਤਹਿਤ 50 ਸਾਲ ਦਾ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਿਤ ਹੋਵਗਾ।

ਮੰਤਰੀ ਮੰਡਲ ਨੇ ਮੌਜੂਦਾ ਸੈਸ਼ਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਸਾਲ 2018-19, 2019-20 ਅਤੇ 2020-21 ਲਈ ਕੈਗ ਆਡਿਟ ਰਿਪੋਰਟਾਂ, ਸੰਵਿਧਾਨ (74ਵੀਂ ਸੋਧ) ਐਕਟ 1992 (ਅਪ੍ਰੈਲ 2015-ਮਾਰਚ 2020) ਦੇ ਲਾਗੂਕਰਨ ਦੀ ਪ੍ਰਭਾਵਸ਼ੀਲਤਾ ਦੇ ਪ੍ਰਫਾਰਮੈਂਸ ਆਡਿਟ, ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਨਕਦ ਟ੍ਰਾਂਸਫਰ) (ਅਪ੍ਰੈਲ 2017 ਤੋਂ ਜੁਲਾਈ 2020) ਦੇ ਪ੍ਰਫਾਰਮੈਂਸ ਆਡਿਟ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ‘ਤੇ ਅਪ੍ਰੈਲ 2016 ਤੋਂ ਮਾਰਚ 2019 ਦੀ ਮਿਆਦ ਲਈ ਸਾਲਾਨਾ ਤਕਨੀਕੀ ਨਿਰੀਖਣ ਰਿਪੋਰਟ, ਪੰਜਾਬ ਵਿੱਚ ਉੱਚ ਸਿੱਖਿਆ ਦੇ ਨਤੀਜਿਆਂ (ਅਪ੍ਰੈਲ 2015 ਤੋਂ ਮਾਰਚ 2020) ਦੇ ਪ੍ਰਫਾਰਮੈਂਸ ਆਡਿਟ ਅਤੇ ਪੰਜਾਬ ਸਰਕਾਰ ਦੇ ਸਾਲ 2019-20 ਅਤੇ 2020-21 ਲਈ ਵਿੱਤ ਖਾਤੇ, ਨਿਯੋਜਨ ਖਾਤਿਆਂ ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!