ਪੰਜਾਬ
ਅਰੁਨਾ ਚੌਧਰੀ ਨੇ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 28 ਸਤੰਬਰ:
ਪੰਜਾਬ ਦੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਕਮਾਂਡ ਮਿਲਣ ਤੋਂ ਬਾਅਦ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣਾ ਅਹੁਦਾ ਸੰਭਾਲਿਆ।
ਚੌਧਰੀ ਨੇ ਆਪਣੇ ‘ਤੇ ਵਿਸ਼ਵਾਸ ਜਤਾਉਣ ਲਈ ਪਾਰਟੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵਾਂਗ ਸੂਬੇ ਦੇ ਲੋਕਾਂ ਦੀ ਨਿਰੰਤਰ ਸੇਵਾ ਕਰਦੇ ਰਹਿਣਗੇ ਅਤੇ ਆਪਣੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਨੂੰ ਸਮਰਪਣ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਸਮਾਜ ਦੇ ਸਮੂਹ ਵਰਗਾਂ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਹਮੇਸ਼ਾ ਤਤਪਰ ਹੈ ਅਤੇ ਲੋਕਾਂ ਦੇ ਘਰਾਂ ਤੱਕ ਸਰਕਾਰੀ ਸੇਵਾਵਾਂ ਪਹੰਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ।
ਅਰੁਨਾ ਚੌਧਰੀ ਨੇ ਉਚੇਚੇ ਤੌਰ ‘ਤੇ ਕਿਹਾ ਕਿ ਸਰਕਾਰ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕਰੇਗੀ ਅਤੇ ਇਸ ਲਈ ਉਹ ਪਹਿਲਾਂ ਵਾਂਗ ਜੀਅ ਤੋੜ ਕੋਸ਼ਿਸ਼ਾਂ ਜਾਰੀ ਰੱਖਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਹਰਜੋਤ ਕਮਲ ਅਤੇ ਦਵਿੰਦਰ ਸਿੰਘ ਘੁਬਾਇਆ (ਦੋਵੇਂ ਵਿਧਾਇਕਾਂ) ਤੋਂ ਇਲਾਵਾ ਪਰਿਵਾਰਕ ਮੈਂਬਰਾਂ ਵਿੱਚ ਉਨ੍ਹਾਂ ਦੇ ਪਤੀ ਅਸ਼ੋਕ ਚੌਧਰੀ ਸੀਨੀਅਰ ਕਾਂਗਰਸੀ ਨੇਤਾ, ਪੁੱਤਰ ਅਭਿਨਵ ਚੌਧਰੀ ਅਤੇ ਸਮਰਥਕ ਮੌਜੂਦ ਸਨ।