ਪੰਜਾਬ

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦਾ ਆਗਾਜ਼

ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਦੇ 80,000 ਵਿਦਿਆਰਥੀਆਂ ਦੇ ਹੱਥਾਂ ‘ਚ ਪਹੁੰਚੇ ਸਮਾਰਟ ਫੋਨ, ਬਾਕੀਆਂ ਨੂੰ ਦਸੰਬਰ ਦੇ ਅਖੀਰ ਤੱਕ ਮਿਲਣਗੇ
ਦੂਜੇ ਪੜਾਅ ‘ਚ ਪੰਜਾਬ ਭਰ ਵਿੱਚ 22 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਵੀ ਮਿਲੇ 877 ਟੈਬਲਟ
ਬਹਿਲੋਲਪੁਰ (ਮੁਹਾਲੀ), 18 ਦਸੰਬਰ
ਕੋਵਿਡ ਦੀ ਮਹਾਂਮਾਰੀ ਦੌਰਾਨ ਸਰਕਾਰੀ ਸਕੂਲਾਂ ਵਿੱਚ ਬਿਨਾਂ ਕਿਸੇ ਦਿੱਕਤ ਤੋਂ ਆਨਲਾਈਨ ਪੜ੍ਹਾਈ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦਾ ਵਰਚੂਅਲ ਤੌਰ ‘ਤੇ ਆਗਾਜ਼ ਕੀਤਾ ਜਿਸ ਤਹਿਤ ਸਰਕਾਰੀ ਸਕੂਲਾਂ ਦੇ 12ਵੀਂ ਕਲਾਸ ਦੇ 80,000 ਹੋਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।
ਇਸ ਸਮਾਗਮ ਦੇ ਨਾਲੋ-ਨਾਲ ਸੂਬੇ ਭਰ ਵਿੱਚ 845 ਸਕੂਲਾਂ ਵਿੱਚ ਵੱਖ-ਵੱਖ ਮੰਤਰੀਆਂ, ਵਿਧਾਇਕਾਂ ਅਤੇ ਹੋਰ ਪਤਵੰਤਿਆਂ ਦੀ ਸ਼ਮੂਲੀਅਤ ਵਿੱਚ ਸਮਾਰਟ ਫੋਨ ਵੰਡੇ ਗਏ।


ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੂਜੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਵੰਡੇ ਜਾਣ ਵਾਲੇ ਕੁੱਲ 1,75,443 ਸਮਾਰਟ ਫੋਨਾਂ ਵਿੱਚੋਂ ਬਾਕੀ ਰਹਿੰਦੇ 45443 ਫੋਨ ਵੀ ਇਸ ਮਹੀਨੇ ਦੇ ਅੰਤ ਤੱਕ ਮੁਹੱਈਆ ਕਰਵਾ ਦਿੱਤੇ ਜਾਣਗੇ ਜਿਸ ਨਾਲ ਸਕੂਲਾਂ ਵਿੱਚ ਡਿਜੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਪੂਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਨੇ ਕੋਵਿਡ ਦੇ ਮੱਦੇਨਜ਼ਰ ਆਨਲਾਈਨ ਸਿੱਖਿਆ ਦੀ ਚੁਣੌਤੀ ਨਾਲ ਨਿਪਟਣ ਲਈ ਇਨ੍ਹਾਂ ਫੋਨਾਂ ਦੀ ਵੰਡ ਤੁਰੰਤ ਕਰਨ ਦੇ ਯਤਨ ਕੀਤੇ ਪਰ ਇੰਡਸਟਰੀ ਬੰਦ ਹੋਣ ਕਰਕੇ ਪ੍ਰਕ੍ਰਿਆ ਵਿੱਚ ਕੁਝ ਦੇਰੀ ਹੋਈ।


ਪਹਿਲੇ ਪੜਾਅ ਵਿੱਚ 50,000 ਵਿਦਿਆਰਥੀਆਂ ਨੂੰ ਸਮਾਰਟ ਫੋਨ ਪ੍ਰਾਪਤ ਹੋਏ ਸਨ। ਇਸ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ 87.84 ਕਰੋੜ ਰੁਪਏ ਖਰਚ ਕੇ 88059 ਲੜਕੇ ਅਤੇ 87284 ਲੜਕੀਆਂ ਨੂੰ ਡਿਜੀਟਲ ਪੱਖੋਂ ਸਸ਼ਕਤੀਕਰਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ 22 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੀ ਇਕ ਕਰੋੜ ਰੁਪਏ ਦੀ ਲਾਗਤ ਨਾਲ 877 ਟੈਬਲਟ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ 2.99 ਕਰੋੜ ਰੁਪਏ ਖਰਚ ਕੇ 373 ਪ੍ਰਾਇਮਰੀ ਸਕੂਲਾਂ ਨੂੰ 2625 ਟੈਬਲਟ ਪ੍ਰਦਾਨ ਕੀਤੇ ਗਏ ਸਨ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਪੰਜਾਬ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ ਤਾਂ ਉਸ ਵੇਲੇ ਇਹ ਗੱਲ ਕੋਈ ਨਹੀਂ ਸੀ ਜਾਣਦਾ ਕਿ ਕੋਵਿਡ ਦੀ ਮਹਾਂਮਾਰੀ ਦੇ ਸਮੇਂ ਇਨ੍ਹਾਂ ਫੋਨਾਂ ਦੀ ਵਿਦਿਆਰਥੀਆਂ ਲਈ ਇਸ ਕਦਰ ਅਹਿਮੀਅਤ ਵਧ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਦੇ ਨੌਜਵਾਨ ਆਧੁਨਿਕ ਤਕਨਾਲੋਜੀ ਦੀ ਮੁਹਾਰਤ ਹਾਸਲ ਕਰਨ ਤਾਂ ਕਿ ਡਿਜੀਟਲ ਸਿੱਖਿਆ ਨੂੰ ਪ੍ਰਭਾਵੀ ਢੰਗ ਨਾਲ ਪ੍ਰਫੁੱਲਤ ਕੀਤਾ ਜਾ ਸਕੇ ਜਿਸ ਨੂੰ ਮੌਜੂਦਾ ਸੰਦਰਭ ਵਿੱਚ ਤਕਨਾਲੋਜੀ ਪੱਖੋਂ ਵੱਡਾ ਹੁੰਗਾਰਾ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸਮਾਰਟ ਫੋਨ ਅਤੇ ਟੈਬਲਟ ਮਹਾਂਮਾਰੀ ਦੇ ਔਖੇ ਸਮਿਆਂ ਦੌਰਾਨ ਸਿੱਖਿਆ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਦਿਆਰਥੀਆਂ ਨੂੰ ਸਮਰਥਵਾਨ ਬਣਾਉਣਗੇ।


ਮੁੱਖ ਮੰਤਰੀ ਨੇ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਜਾਣਗੇ। ਇਸ ਸੰਦਰਭ ਵਿੱਚ ਉਨ੍ਹਾਂ ਕਿਹਾ ਕਿ 7842 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਜਿੱਥੇ ਕੰਪਿਊਟਰ, ਟੈਬਲਟ ਆਦਿ ਨਾਲ ਲੈਸ ਆਧੁਨਿਕ ਬੁਨਿਆਦੀ ਢਾਂਚਾ ਮੌਜੂਦਾ ਹੈ ਅਤੇ 1400 ਹੋਰ ਸਰਕਾਰੀ ਸਕੂਲਾਂ ਨੂੰ ਵੀ ਇਸ ਸਾਲ ਦੇ ਅੰਤ ਤੱਕ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨੇ ਸੂਬਾ ਭਰ ਵਿੱਚ 16589 ਕਲਾਸਰੂਮ ਵੀ ਸਮਾਰਟ ਕਲਾਸਰੂਮ ਵਿੱਚ ਤਬਦੀਲ ਕੀਤੇ ਹਨ ਅਤੇ ਬਾਕੀਆਂ ਨੂੰ ਅਗਲੇ ਛੇ ਮਹੀਨਿਆਂ ਵਿੱਚ ਇਸ ਸਕੀਮ ਦੇ ਘੇਰੇ ਵਿੱਚ ਲੈ ਆਂਦਾ ਜਾਵੇਗਾ।
ਮੁੱਖ ਮੰਤਰੀ ਨੇ ਈ-ਸਮੱਗਰੀ ਤਿਆਰ ਕਰਨ ਲਈ ਅਧਿਆਪਕਾਂ ਨੂੰ ਵਧਾਈ ਦਿੱਤੀ ਜਿਸ ਨੂੰ ਹੁਣ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਲਈ ਵਰਤਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਆਲਮੀ ਪੱਧਰ ‘ਤੇ ਸਿੱਖਿਆ ਖੇਤਰ ਵਿੱਚ ਤੇਜ਼ੀ ਨਾਲ ਆ ਰਹੀਆਂ ਤਬਦੀਲੀਆਂ ਦੇ ਮੁਤਾਬਕ ਗਤੀ ਬਣਾਈ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ ਹੁਣ ਵਿਸ਼ਵ ਭਰ ਵਿੱਚ ਵਸਦੇ ਹੋਣ ਕਰਕੇ ਵਿਦਿਆਰਥੀਆਂ ਲਈ ਅੰਗਰੇਜ਼ੀ ਅਤੇ ਹੋਰ ਭਾਸ਼ਾਵਾਂ ਸਿੱਖਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਤਾਂ ਕਿ ਉਹ ਦੁਨੀਆਂ ਵਿੱਚ ਨੌਕਰੀ ਕਰਨ ਦੇ ਯੋਗ ਹੋ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਤਕਨਾਲੋਜੀ ਨਾਲ ਲੈਸ ਆਧੁਨਿਕ ਉਪਕਰਨਾਂ ਨਾਲ ਸਰਕਾਰੀ ਸਕੂਲਾਂ ਦੇ ਹਰੇਕ ਵਿਦਿਆਰਥੀਆਂ ਨੂੰ ਵਧੀਆ ਤਾਲੀਮ ਮੁਹੱਈਆ ਕਰਵਾਉਣਾ ਨੂੰ ਯਕੀਨੀ ਬਣਾਇਆ ਹੈ। ਮੁਲਕ ਵਿੱਚ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਸਾਲ 2017 ਵਿੱਚ ਇਕਸਾਰ ਪ੍ਰੀ-ਪ੍ਰਾਇਮਰੀ ਸਕੂਲ ਸਿੱਖਿਆ ਨੂੰ ਲਾਗੂ ਕੀਤਾ ਅਤੇ ਇਸ ਵੇਲੇ ਇਹ ਸਿੱਖਿਆ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਲਈ ਅਧਿਆਪਕਾਂ ਦੀਆਂ 8393 ਅਸਾਮੀਆਂ ਸਿਰਜੀਆਂ ਗਈਆਂ ਹਨ ਅਤੇ ਇਨ੍ਹਾਂ ਨੂੰ ਛੇਤੀ ਹੀ ਭਰਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹਿਮ ਕਦਮ ਚੁੱਕਦੇ ਹੋਏ ਮੈਰਿਟ ਅਤੇ ਕਾਰਗੁਜ਼ਾਰੀ ਦੇ ਆਧਾਰ ‘ਤੇ ਆਨਲਾਈਨ ਤਬਾਦਲਾ ਨੀਤੀ ਰਾਹੀਂ ਮੌਜੂਦਾ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਲਿਆ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤੇ ਸੁਧਾਰਾਂ ਨਾਲ ਸਿੱਖਿਆ ਦਾ ਮਿਆਰ ਵਧਿਆ ਅਤੇ ਪ੍ਰਾਈਵੇਟ ਸਕੂਲਾਂ ਤੋਂ ਸ਼ਿਫਟ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਨਾਲ 14.9 ਫੀਸਦੀ ਦਾ ਅਣਕਿਆਸਿਆ ਇਜ਼ਾਫਾ ਹੋਇਆ ਹੈ। ਉਨ੍ਹਾਂ ਨੇ ਖੇਡ ਸਿੱਖਿਆ ਨੂੰ ਪ੍ਰਫੁੱਲਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਜਿਸ ਲਈ ਉਨ੍ਹਾਂ ਦੀ ਸਰਕਾਰ ਸਾਰੇ ਸਕੂਲਾਂ ਵਿੱਚ ਜਿੰਮ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ।
ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਜੋ ਮੁਹਾਲੀ ਤੋਂ ਵਿਧਾਇਕ ਹਨ, ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਸਕੂਲ ਦਾ ਨਾਮ 1971 ਦੀ ਜੰਗ ਦੇ ਸ਼ਹੀਦ ਕੈਪਟਨ ਅਮੀ ਸਿੰਘ, ਵੀਰ ਚੱਕਰ ਦੇ ਨਾਮ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੋਹਾਣਾ ਵਿਖੇ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 25 ਲੱਖ ਰੁਪਏ ਦਿੱਤੇ ਜਾਣਗੇ।
ਇਸ ਮੌਕੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਉਨ੍ਹਾਂ ਨਾਲ ਵਾਰਤਾਲਾਪ ਕਰਨ ਵਾਸਤੇ ਜ਼ਿਲ੍ਹਾ ਪੱਧਰੀ ‘ਕੈਪਟਨ ਸਮਾਰਟ ਕੁਨੈਕਟ ਸੰਮੇਲਨ’ ਕਰਵਾਉਣ ਦਾ ਸੁਝਾਅ ਦਿੱਤਾ ਤਾਂ ਕਿ ਆਨਲਾਈਨ ਸਿੱਖਿਆ ਦੇ ਤਜਰਬੇ ਸਾਂਝੇ ਕੀਤੇ ਜਾ ਸਕਣ। ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਡਿਜੀਟਲ ਅਤੇ ਸਮਾਰਟ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੇ ਯਤਨਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।
ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਅੱਜ ਸੂਬਾ ਭਰ ਵਿੱਚ 845 ਥਾਵਾਂ ‘ਤੇ 88 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਫੋਨ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 1400 ਹੋਰ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਰਮਾ ਅਰੋੜਾ ਨੇ ਕਿਹਾ ਕਿ ਇਹ ਸਮਾਰਟ ਫੋਨ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਈ-ਸਿੱਖਿਆ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਣਗੇ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਅਨੂਠੇ ਉਪਰਾਲੇ ਲਈ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਉੱਦਮ ਨਾਲ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕੇਗੀ ਕਿਉਂ ਜੋ ਤਾਲੀਮ ਨਾਲ ਹੀ ਸਮਾਜਿਕ ਬੈਚੇਨੀ ਨੂੰ ਦੂਰ ਕੀਤਾ ਜਾ ਸਕਦਾ ਹੈ ਅਤੇ ਗਿਆਨਵਾਨ ਅਤੇ ਸੂਝਵਾਨ ਮਨ ਨਾਲ ਹੀ ਅਜਿਹਾ ਹੋ ਸਕਦਾ ਹੈ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਅਜਿਹੇ ਲੀਹੋਂ ਹਟਵੇ ਉਪਰਾਲਿਆਂ ਰਾਹੀਂ ਵਿਦਿਆਰਥੀਆਂ ਨੂੰ ਤਕਨਾਲੋਜੀ ਪੱਖੋਂ ਸਮਰਥਵਾਨ ਬਣਾਉਣ ਲਈ ਮੁੱਖ ਮੰਤਰੀ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਤੋਂ ਪਹਿਲਾਂ ਸਕੂਲ ਵਿੱਚ ਪ੍ਰੀ-ਪ੍ਰਾਇਮਰੀ ਵਿੰਗ ਦੇ ਨੰਨ੍ਹੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਮੁਹੰਮਦ ਤਈਅਬ, ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਤੇ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਲਲਿਤ ਕਿਸ਼ੋਰ ਘਈ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!