ਆਪ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁਕਾਈ
.....ਸਹੁੰ ਚੁੱਕ ਸਮਾਗਮ ਤੋਂ ਬਾਅਦ ਭਗਵੰਤ ਮਾਨ ਨੇ ਸਾਰੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ, ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀ ਅਹਿਮ ਚਰਚਾ
… ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ, ਮੈਨੂੰ ਪੂਰੀ ਉਮੀਦ ਹੈ ਸਾਡੀ ਨਵੀਂ ਟੀਮ ਪਾਰਟੀ ਨੂੰ ਪੰਜਾਬ ਵਿੱਚ ਹੋਰ ਮਜ਼ਬੂਤ ਬਣਾਏਗੀ – ਭਗਵੰਤ ਮਾਨ
ਚੰਡੀਗੜ੍ਹ, 7 ਅਗਸਤ
ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਆਪ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ। ਸੋਮਵਾਰ ਨੂੰ ਚੰਡੀਗੜ੍ਹ ਸੈਕਟਰ- 35 ਮਿਉਂਸਿਪਲ ਭਵਨ ਵਿੱਚ ਪਾਰਟੀ ਵੱਲੋਂ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਸਹੁੰ ਸਮਾਗਮ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ਉੱਤੇ ਪਾਰਟੀ ਦੇ ਉੱਘੇ ਨੇਤਾ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਸੂਬਾ ਕਾਰਜਕਾਰੀ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਢੋਂਸ ਨੂੰ ਸੂਬਾ ਯੂਥ ਵਿੰਗ ਪ੍ਰਧਾਨ ਦੇ ਅਹੁਦੇ ਦੀ ਸਹੁੰ ਚੁਕਵਾਈ । ਉੱਥੇ ਹੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਣਪ੍ਰੀਤ ਸਿੰਘ ਨੂੰ ਸੂਬਾ ਉਪ-ਪ੍ਰਧਾਨ ਦੇ ਤੌਰ ਉੱਤੇ ਸਹੁੰ ਚੁਕਵਾਈ ।
ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਗਲੀ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਰਣਨੀਤੀਆਂ ਉੱਤੇ ਗੰਭੀਰ ਚਰਚਾ ਕੀਤੀ । ਬੈਠਕ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ ।
ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਸਾਡੀ ਨਵੀਂ ਟੀਮ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸੰਗਠਨਾਤਮਕ ਤੌਰ ਉੱਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਘਰ-ਘਰ ਤੱਕ ਪਹੁੰਚਾਏਗੀ ।