ਮੁੱਖ ਮੰਤਰੀ ਵੱਲੋਂ ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ
ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ
ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ‘ਤੇ ਬਰਾਬਰ ਸਥਾਨ ਦਿੱਤਾ ਜਾਵੇਗਾ
ਮੁੱਖ ਮੰਤਰੀ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਕਈ ਕਦਮ ਚੁੱਕਣ ਦਾ ਕੀਤਾ ਐਲਾਨ
ਚੰਡੀਗੜ੍ਹ, 29 ਅਪ੍ਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਸਿਖ਼ਰਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ, ਗੁਰਅੰਕਿਤ ਕੌਰ ਅਤੇ ਸਮਰਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ।
ਭਗਵੰਤ ਮਾਨ ਨੇ ਕਿਹਾ, “ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਮੱਲਾਂ ਮਾਰਨ ਲਈ ਸਾਡੀਆਂ ਬੱਚੀਆਂ ਨੂੰ ਬਹੁਤ-ਬਹੁਤ ਵਧਾਈਆਂ। ਅਸੀਂ ਸਰਕਾਰੀ ਸਕੂਲਾਂ ਅਤੇ ਵਿੱਦਿਆ ਦਾ ਮਿਆਰ ਦਿਨ-ਬ-ਦਿਨ ਉੱਚਾ ਚੁੱਕਣ ਲਈ ਦਿਨ-ਰਾਤ ਯਤਨ ਕਰ ਰਹੇ ਹਾਂ ਅਤੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਨਾਲ ਸਾਡਾ ਹੌਂਸਲਾ ਹੋਰ ਵੀ ਵਧ ਜਾਂਦਾ ਹੈ। ਇਸ ਪ੍ਰਾਪਤੀ ਉਤੇ ਸਿਰਫ ਤਹਾਨੂੰ ਹੀ ਰਸ਼ਕ ਨਹੀਂ ਹੋਇਆ ਸਗੋਂ ਪੰਜਾਬ ਦੇ ਲੋਕਾਂ ਖਾਸ ਕਰਕੇ ਤੁਹਾਡੇ ਅਧਿਆਪਕ ਅਤੇ ਮਾਪਿਆਂ ਨੂੰ ਵੀ ਬਹੁਤ ਮਾਣ ਹੈ। ਮੈਨੂੰ ਪੂਰੀ ਉਮੀਦ ਹੈ ਤੁਸੀਂ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਹਾਸਲ ਕਰਦੇ ਰਹੋਗੇ।”
ਦੱਸਣਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ (ਜ਼ਿਲ੍ਹਾ ਮਾਨਸਾ) ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਨੇ ਅੱਠਵੀਂ ਕਲਾਸ ਵਿੱਚੋਂ 600/600 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਏਸੇ ਸਕੂਲ ਦੀ ਵਿਦਿਆਰਥਣ ਗੁਰਅੰਕਿਤ ਕੌਰ ਨੇ 600/600 ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ। ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੱਸੀਆਂ (ਜ਼ਿਲ੍ਹਾ ਲੁਧਿਆਣਾ) ਦੀ ਵਿਦਿਆਰਥਣ ਸਮਰਪ੍ਰੀਤ ਕੌਰ ਨੇ 600/598 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਧਾਰਨਾ ਦੇ ਉਲਟ ਸਰਕਾਰੀ ਸਕੂਲਾਂ ਦੇ ਇਨ੍ਹਾਂ ਵਿਦਿ ਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜਦਿਆਂ ਸੂਬੇ ਭਰ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲੜਕੀਆਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੁੜੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਮੌਕੇ ਦਿੱਤੇ ਜਾਣ ਤਾਂ ਉਹ ਕਿਸੇ ਵੀ ਅਖਾੜੇ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਸਕਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮਿਸਾਲੀ ਤਬਦੀਲੀ ਤਹਿਤ ਇਹ ਫੈਸਲਾ ਕੀਤਾ ਗਿਆ ਹੈ ਕਿ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਵਿੱਚ ਬਰਾਬਰ ਰੈਂਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ 600 ਅੰਕ ਪ੍ਰਾਪਤ ਕਰਨ ਵਾਲੀਆਂ ਦੋ ਵਿਦਿਆਰਥਣਾਂ ਦੀ ਤਰ੍ਹਾਂ ਹੁਣ ਇਕ ਰੈਂਕ ‘ਤੇ ਵਿਚਾਰ ਕੀਤਾ ਜਾਵੇਗਾ ਅਤੇ 98.6 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਦੂਜੇ ਰੈਂਕ ‘ਤੇ ਅਤੇ 98.5 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਤੀਜੇ ਰੈਂਕ ‘ਤੇ ਆਉਣਗੀਆਂ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਨਾਲ ਬੱਚੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਹੁਲਾਰਾ ਦੇ ਕੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਹੋਰ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਵਧੀਆ ਸਕੂਲੀ ਸਿੱਖਿਆ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 5ਵੀਂ, 8ਵੀਂ ਅਤੇ 10ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮਾਲੀ ਇਨਾਮ ਦੇਣ ਲਈ ਨੀਤੀ ਬਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪੁਜ਼ੀਸ਼ਨ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾ ਕੇ ਪਹਿਲਾਂ ਹੀ ਨਵਾਂ ਮਾਪਦੰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਆਉਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਚੁਸਤ-ਦਰੁਸਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਵਿੱਚ ਹੋਰ ਮਦਦ ਕਰੇਗਾ ਕਿ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਯਤਨ ਇਹ ਯਕੀਨੀ ਬਣਾਉਣਾ ਹਨ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਦਾ ਸੂਬਾ ਬਣੇ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਹੋਰ ਵੀ ਹਾਜ਼ਰ ਸਨ।