ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ਮੂਲੀਅਤ ਦਾ ਐਲਾਨ
ਲੋਕਾਂ ਦੇ ਹਿੱਤ ਵਿੱਚ ਪੁਲਿਸ ਨੂੰ ਵਿਗਿਆਨਕ ਲੀਹਾਂ ਉਤੇ ਢਾਲਿਆ ਜਾਵੇਗਾ
ਜਲੰਧਰ, 22 ਸਤੰਬਰ ():
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕੀਤਾ ਜਾਵੇਗਾ।
ਇੱਥੇ ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਸਿਪਾਹੀਆਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ ਗਰੁੱਪ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਹਿਲਕਦਮੀ ਸੂਬੇ ਵਿੱਚ ਪੁਲਿਸ ਪ੍ਰਬੰਧ ਵਿੱਚ ਹੋਰ ਸੁਧਾਰ ਲਿਆਉਣ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਦੇ ਮਾਮਲੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਅਮਨ ਤੇ ਕਾਨੂੰਨੀ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ਉਤੇ ਢਾਲਣ ਦੀ ਦਿਸ਼ਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਕਈ ਅਜਿਹੀਆਂ ਤਾਕਤਾਂ ਹਨ, ਜਿਹੜੀਆਂ ਆਪਣੇ ਮਾੜੇ ਮਨਸੂਬਿਆਂ ਨਾਲ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਤਾਕਤਾਂ ਦੀਆਂ ਮਾੜੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਚੁਣੌਤੀਆਂ ਉਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਨੂੰ ਪੜਤਾਲ, ਸਾਇੰਸ ਤੇ ਤਕਨਾਲੋਜੀ ਦੇ ਖ਼ੇਤਰ ਵਿੱਚ ਆਧੁਨਿਕ ਲੋੜਾਂ ਮੁਤਾਬਕ ਢਾਲਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਪੰਜਾਬ ਪੁਲਿਸ ਆਪਣੀ ਉੱਚ ਪੇਸ਼ੇਵਰ ਵਚਨਬੱਧਤਾ ਤਹਿਤ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖੇਗੀ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੁਲਿਸ ਨੂੰ ਆਧੁਨਿਕ ਸਮੇਂ ਦੀ ਹਾਣੀ ਬਣਾਉਣ ਪੰਜਾਬ ਸੂਬਾ ਗੂਗਲ ਵਰਗੀਆਂ ਬਹੁਕੌਮੀ ਕੰਪਨੀਆਂ ਨਾਲ ਹੱਥ ਮਿਲਾਉਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਆਪਕ ਰਣਨੀਤੀ ਪਹਿਲਾਂ ਹੀ ਤਿਆਰ ਕਰ ਲਈ ਗਈ ਹੈ ਅਤੇ ਰਸਮੀ ਸਮਝੌਤੇ ਉਤੇ ਜਲਦੀ ਦਸਤਖ਼ਤ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਕਈ ਅਣਦਿਸਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੰਜਾਬ ਪੁਲਿਸ ਦੀ ਕੁਸ਼ਲਤਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਨੂੰ ਠੱਲ੍ਹ ਪਾਉਣ ਅਤੇ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਤਰ੍ਹਾਂ ਦੀ ਇਹ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਗਲਤ ਡਰਾਈਵਿੰਗ, ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ਸੁਚਾਰੂ ਕਰਨ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦਾ ਜ਼ਿੰਮਾ ਸੌਂਪਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੇ ਕੰਮ ਦਾ ਬੋਝ ਘੱਟ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ ਇਸ ਫੋਰਸ ਨੂੰ ਅਤਿ-ਆਧੁਨਿਕ ਉਪਕਰਨਾਂ ਤੇ ਤਕਨੀਕਾਂ ਨਾਲ ਲੈਸ 144 ਵਾਹਨ ਦਿੱਤੇ ਜਾਣਗੇ ਅਤੇ ਇਹ ਫੋਰਸ ਦੀਆਂ ਗੱਡੀਆਂ ਦੇ ਕੰਮਕਾਜ ਦਾ ਘੇਰਾ 30 ਕਿਲੋਮੀਟਰ ਤੱਕ ਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਪੂਰੀ ਮੈਡੀਕਲ ਕਿੱਟ ਹੋਵੇਗੀ ਤਾਂ ਕਿ ਲੋੜ ਪੈਣ ਉਤੇ ਕਿਸੇ ਵੀ ਵਿਅਕਤੀ ਨੂੰ ਐਮਰਜੈਂਸੀ ਇਲਾਜ ਦਿੱਤਾ ਜਾ ਸਕੇ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸਾਲਾਨਾ 2500 ਤੋਂ ਵੱਧ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਘਾਟ ਉਤੇ ਕਾਬੂ ਪਾਉਣ ਲਈ ਅਗਲੇ ਚਾਰ ਸਾਲਾਂ ਤੱਕ ਪੰਜਾਬ ਪੁਲਿਸ ਵਿੱਚ ਹਰੇਕ ਸਾਲ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਆਸਾਮੀਆਂ ਲਈ ਹਰੇਕ ਸਾਲ ਤਕਰੀਬਨ 2.50 ਲੱਖ ਉਮੀਦਵਾਰਾਂ ਦੇ ਅਰਜ਼ੀਆਂ ਦੇਣ ਦੀ ਸੰਭਾਵਨਾ ਹੈ। ਇਨ੍ਹਾਂ ਸੰਭਾਵੀ ਉਮੀਦਵਾਰਾਂ ਨੂੰ ਆਪਣੀ ਵਿੱਦਿਅਕ ਯੋਗਤਾ ਦੇ ਨਾਲ-ਨਾਲ ਸਰੀਰਕ ਯੋਗਤਾ ਵਿੱਚ ਸੁਧਾਰ ਦਾ ਮੌਕਾ ਦੇਣ ਲਈ ਭਰਤੀ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਜਾਲ ਤੋਂ ਮੁਕਤ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੇ ਖੇਡ ਤੇ ਤਕਨੀਕੀ ਕੇਡਰ ਵਿੱਚ ਵਾਧਾ ਕਰਨ ਲਈ ਜਲਦੀ ਵੱਡੀ ਭਰਤੀ ਮੁਹਿੰਮ ਸ਼ੁਰੂ ਕਰੇਗੀ। ਇਸ ਤਹਿਤ ਟੈਕਨੀਕਲ ਸਪੋਰਟ ਸਰਵਿਸਜ਼ ਵਿੱਚ 267 ਸਬ ਇੰਸਪੈਕਟਰ ਤੇ 2340 ਕਾਂਸਟੇਬਲ, ਇਨਵੈਸਟੀਗੇਸ਼ਨ ਕਾਡਰ ਵਿੱਚ 787 ਹੌਲਦਾਰ ਤੇ 362 ਕਾਂਸਟੇਬਲ, ਇੰਟੈਲੀਜੈਂਸ ਕਾਡਰ ਵਿੱਚ 794 ਕਾਂਸਟੇਬਲ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸਮਰਪਣ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਦੀ ਰਵਾਇਤ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਦੇਸ਼ ਸੇਵਾ ਲਈ ਦਿਖਾਇਆ ਜਜ਼ਬਾ ਲਾਮਿਸਾਲ ਹੈ।
ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵ-ਨਿਯੁਕਤ ਉਮੀਦਵਾਰਾਂ ਲਈ ਯਾਦਗਾਰੀ ਪਲ ਹੈ ਕਿਉਂਕਿ ਉਹ ਪੰਜਾਬ ਪੁਲਿਸ ਪਰਿਵਾਰ ਦਾ ਅਨਿੱਖੜ ਅੰਗ ਬਣੇ ਹਨ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਆਪਣਾ ਫ਼ਰਜ਼ ਪੂਰੇ ਸਮਰਪਣ, ਮਿਹਨਤ ਤੇ ਪੇਸ਼ੇਵਰ ਵਚਨਬੱਧਤਾ ਨਾਲ ਨੇਪਰੇ ਚਾੜ੍ਹਨ ਲਈ ਕਿਹਾ ਤਾਂ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਆਮ ਲੋਕਾਂ ਦੀਆਂ ਦਿੱਕਤਾਂ ਘਟਾਉਣ ਤੇ ਉਨ੍ਹਾਂ ਨੂੰ ਇਨਸਾਫ਼ ਦੇਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਡੀ.ਜੀ.ਪੀ. ਗੌਰਵ ਯਾਦਵ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਇੱਥੇ ਪੁੱਜਣ ਉਤੇ ਸਵਾਗਤ ਕੀਤਾ।
ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।