ਪੰਜਾਬ

ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ-ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼

ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਖਰੀਦੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ

ਜ਼ਮੀਨੀ ਪੱਧਰ ’ਤੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ

ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਜਾਵੇ

ਲੋਕਾਂ ਦੀ ਭਲਾਈ ਲਈ ਹੋਰ ਆਮ ਆਦਮੀ ਕਲੀਨਿਕ ਹੋਣਗੇ ਸਥਾਪਤ
ਚੰਡੀਗੜ੍ਹ, 6 ਅਕਤੂਬਰ
ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਫਸਲ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।
ਅੱਜ ਇੱਥੇ ਪੰਜਾਬ ਭਵਨ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪੋ-ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਅਨਾਜ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਅਤੇ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਵੀ ਪੇਸ਼ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਕਾਰਜਾਂ ‘ਤੇ ਗਹੁ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਛੇਤੀ ਤੋਂ ਛੇਤੀ ਲਿਫਟਿੰਗ ਵੀ ਯਕੀਨੀ ਬਣਾਈ ਜਾ ਸਕੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਸੌਂਪਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਨੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਿਫਟਿੰਗ ਪਹਿਲੇ ਦਿਨ ਤੋਂ ਹੀ ਸ਼ੁਰੂ ਹੋਈ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ  ਸਮੁੱਚੀ ਪ੍ਰਕਿਰਿਆ ਦੇ ਡਿਜੀਟਾਈਜ਼ੇਸ਼ਨ ਨਾਲ ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋ ਦਿਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ।
ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸਮੁੱਚੇ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।
ਮੀਟਿੰਗ ਦੌਰਾਨ ਇਕ ਹੋਰ ਏਜੰਡੇ ਨੂੰ ਵਿਚਾਰਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਦੇ ਘਾਤਕ ਸਿੱਟਿਆਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਵਾਤਾਵਰਨ ਅਤੇ ਮਨੁੱਖੀ ਜੀਵਨ ਨੂੰ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਬੀਤੇ ਸਾਲ ਦੇ ਮੁਕਾਬਲੇ 23000 ਵੱਧ ਖੇਤੀ ਮਸ਼ੀਨਾਂ ਦਿੱਤੀਆਂ ਗਈਆਂ ਹਨ ਅਤੇ ਹੁਣ ਡਿਪਟੀ ਕਮਿਸ਼ਨਰਾਂ ਨੂੰ ਅਗਲੇ ਕੁਝ ਦਿਨਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਸੂਬੇ ਦੇ ਆਫ਼ਤ ਰਾਹਤ ਫੰਡ ਵਿੱਚ ਢੁਕਵਾਂ ਫੰਡ ਹੈ।
ਇਕ ਹੋਰ ਏਜੰਡੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਇਲਾਜ ਤੇ ਜਾਂਚ ਸੇਵਾਵਾਂ ਪ੍ਰਦਾਨ ਕਰਕੇ ਵੱਡੀ ਰਾਹਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਹਤ ਕ੍ਰਾਂਤੀ ਲੋਕਾਂ ਲਈ ਬਹੁਤ ਸਹਾਈ ਸਾਬਤ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਅਜਿਹੇ ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਨਿਰੰਤਰ ਨਿਗਰਾਨੀ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਲਈ ਸੂਬਾ ਸਰਕਾਰ ਨੇ ਸੀ.ਐਮ. ਦੀ ਯੋਗਸ਼ਾਲਾ ਦੀ ਸ਼ੁਰੂਆਤ ਪਹਿਲਾਂ ਹੀ ਕਰ ਦਿੱਤੀ ਹੈ ਜਿਸ ਵਿੱਚ ਲੋਕਾਂ ਨੂੰ ਯੋਗਾ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 290 ਸੀ.ਐਮ. ਯੋਗਸ਼ਾਲਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ ਅਤੇ ਛੇਤੀ ਹੀ ਅਜਿਹੀਆਂ ਹੋਰ ਯੋਗਸ਼ਾਲਾਵਾਂ ਖੋਲ੍ਹੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਸਕਣ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ ਹੋਰ ਸਖ਼ਤੀ ਵਰਤਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਗੰਭੀਰ ਸਿੱਟਿਆਂ ਬਾਰੇ ਲੋਕਾਂ ਨੂੰ ਜ਼ਮੀਨੀ ਪੱਧਰ ਉਤੇ ਜਾਗਰੂਕ ਕਰਨ ਲਈ ਵੱਡੀ ਪੱਧਰ ਉਤੇ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਸਰਗਰਮ ਸਹਿਯੋਗ ਸਦਕਾ ਸੂਬੇ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਖਤਮ ਕੀਤ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਵੱਡੇ ਨਸ਼ਾ ਤਸਕਰਾਂ ਦੀ ਜਾਇਦਾਦ ਦੀ ਸ਼ਨਾਖ਼ਤ ਕਰਕੇ ਇਸ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਆਖਿਆ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਟਾ ਦਾਲ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਅਤੇ ਲੋੜਵੰਦ ਲਾਭਪਾਤਰੀਆਂ ਨੂੰ ਇਸ ਸਕੀਮ ਦੇ ਦਾਇਰੇ ਵਿੱਚ ਲਿਆਉਣ ਲਈ ਕਿਹਾ। ਇਸੇ ਤਰ੍ਹਾਂ ਉਨ੍ਹਾਂ ਨੇ ਇੱਕ ਪਾਸੇ ਪਿੰਡਾਂ ਦੇ ਵਿਕਾਸ ਅਤੇ ਦੂਜੇ ਪਾਸੇ ਲੋੜਵੰਦ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮਨਰੇਗਾ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਵੀ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 5000 ਪੇਂਡੂ ਖੇਡ ਮੈਦਾਨ ਬਣਨੇ ਹਨ, ਜਿਨ੍ਹਾਂ ਵਿੱਚੋਂ 1014 ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 1886 ਵਿੱਚ ਚੱਲ ਰਿਹਾ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਇਸ ਕਾਰਜ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਵਾਉਣ ਲਈ ਆਖਿਆ।

ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਸੂਬਾ ਭਰ ਦੇ ਸੇਵਾ ਕੇਂਦਰਾਂ ਦੀ ਬਕਾਇਆ ਦਰ ਮਹਿਜ਼ 0.08 ਫੀਸਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਵੱਧ ਤੋਂ ਵੱਧ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਤੇਜ਼ੀ ਨਾਲ ਮਿਲਣਾ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਸੂਬੇ ਵਿੱਚ ਮਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਣੂੰ ਕਰਵਾਇਆ ਕਿ ਨਵੇਂ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਬਹੁਤ ਜਲਦ ਸੂਬੇ ਨੂੰ ਨਵੇਂ ਪਟਵਾਰੀ ਮਿਲਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਵੱਡੀ ਪੱਧਰ ‘ਤੇ ਸਹੂਲਤ ਮਿਲੇਗੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!