ਪੰਜਾਬ

ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ

 

 

*ਨਤਮਸਤਕ ਹੋ ਕੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ*

 

*ਸੰਕਟ ਵਿੱਚੋਂ ਸਫਲਤਾ ਨਾਲ ਉਭਰਨਗੇ ਪੰਜਾਬੀ*

 

*ਹੜ੍ਹਾਂ ਦੇ ਹਾਲਾਤ ਛੇਤੀ ਹੀ ਆਮ ਵਾਂਗ ਹੋ ਜਾਣਗੇ*

*ਨਕੋਦਰ (ਜਲੰਧਰ), 19 ਜੁਲਾਈ-*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਿੱਥੇ ਹੋਏ ਟੀਚੇ ਪ੍ਰਾਪਤ ਕਰਨ ਲਈ ਦਰਬਾਰ ਤੋਂ ਆਸ਼ੀਰਵਾਦ ਮੰਗਿਆ।

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਦੇ ਇਕੱਠ ਅਤੇ ਕਮੇਟੀ ਨੂੰ ਵਧਾਈ ਦਿੱਤੀ। ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਪੰਜਾਬ ਦੇ ਲੋਕਾਂ ਦੀ ਉਤਸ਼ਾਹ ਨਾਲ ਸੇਵਾ ਕਰਨ ਲਈ ਅਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਇਤਿਹਾਸਕ ਤੇ ਧਾਰਮਿਕ ਸਮਾਗਮਾਂ ਨੂੰ ਸੌੜੀ ਰਾਜਨੀਤੀ, ਜਾਤ-ਪਾਤ, ਰੰਗ-ਭੇਦ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਿਵੇਂ ਕਿ ਪੰਜਾਬੀਆਂ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਉਨ੍ਹਾਂ ਵਿੱਚੋਂ ਸਫ਼ਲਤਾਪੂਰਵਕ ਉਭਰਨ ਦੀ ਅਦੁੱਤੀ ਬਖਸ਼ਿਸ਼ ਪ੍ਰਾਪਤ ਹੈ, ਇਸ ਲਈ ਹੜ੍ਹਾਂ ਦੀ ਮੌਜੂਦਾ ਸਥਿਤੀ ਵੀ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਛੇਤੀ ਹੀ ਆਮ ਵਾਂਗ ਹੋ ਜਾਵੇਗੀ, ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਯਤਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸੰਤਾਂ- ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਦਾ ਹੀ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਦੇ ਚੱਲਦਿਆਂ ਮੌਜੂਦਾ ਸੰਕਟ ਛੇਤੀ ਹੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬੀਆਂ ਨੇ ਕੁਦਰਤੀ ਆਫ਼ਤ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਆਪਸ ਵਿੱਚ ਸਾਂਝ ਪਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਦੁਨੀਆਂ ਭਰ ਵਿੱਚ ਔਖੇ ਹਾਲਾਤਾਂ ਵਿੱਚ ਦੂਜਿਆਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਮੌਜੂਦਾ ਔਖੇ ਸਮੇਂ ਨੂੰ ਵੀ ਥੋੜ੍ਹੇ ਸਮੇਂ ਵਿੱਚ ਹੀ ਪਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪੰਜਾਬ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਕਿਉਂਕਿ ਸੂਬੇ ਦਾ ਅਜਿਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਭਗਵੰਤ ਮਾਨ ਅਕਾਲ ਪੁਰਖ ਦੀ ਮੇਹਰ ਨਾਲ ਇਹ ਸਾਰੀਆਂ ਮੁਸ਼ਕਲਾਂ ਵੀ ਦੂਰ ਹੋ ਜਾਣਗੀਆਂ।

 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸਮਝਦਾਰੀ ਨਾਲ ਅਤੇ ਲੋਕ ਪੱਖੀ ਫੈਸਲੇ ਲੈਣ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਫੈਸਲੇ ਲੈ ਰਹੀ ਹੈ ਅਤੇ ਸੂਬੇ ਨੂੰ ਵਿਕਾਸ ਦੀ ਉੱਚ ਲੀਹ ‘ਤੇ ਲਿਆ ਰਹੀ ਹੈ। ਭਗਵੰਤ ਮਾਨ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਮਿੱਟੀ ਵਿੱਚ ਡੂੰਘੀਆਂ ਜੜ੍ਹਾਂ ਵਾਲੇ ਰੁੱਖ ਕਦੇ ਵੀ ਕਿਸੇ ਵੀ ਹਾਲਤ ਵਿੱਚ ਨਹੀਂ ਡਿੱਗਦੇ।

 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਹਰ ਕੀਮਤ ‘ਤੇ ਬਹਾਲ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਦੇ ਨਤੀਜੇ ਆਉਣੇ ਸ਼ੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਹੋਰ ਹੁਲਾਰਾ ਦੇਣਗੀਆਂ।

 

ਇਸ ਦੌਰਾਨ ਮੁੱਖ ਮੰਤਰੀ ਤੇ ਹੋਰਨਾਂ ਨੇ ਵੀ ਲੰਗਰ ਛਕਿਆ। ਉਨ੍ਹਾਂ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਸੰਗਤਾਂ ਨਾਲ ਗੱਲਬਾਤ ਵੀ ਕੀਤੀ। ਦਰਬਾਰ ਕਮੇਟੀ ਵੱਲੋਂ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਨੇ ਵੀ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ਸ਼ਾਲ ਭੇਟ ਕੀਤਾ।

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਡੇਰੇ ਦੇ ਮੁਖੀ ਅਤੇ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਰਾਜਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!