ਪੰਜਾਬ

‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਜਲੰਧਰ ਤੋਂ ਸ਼ਾਨਦਾਰ ਆਗਾਜ਼ :ਮੁੱਖ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕੀਤਾ ਖੇਡਾਂ ਦਾ ਉਦਘਾਟਨ, ਹਰੇਕ ਸਾਲ  ‘ਖੇਡਾਂ ਵਤਨ ਪੰਜਾਬ ਦੀਆਂ-2022’   ਕਰਵਾਉਣ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ, “ਮੈਨੂੰ ਅੱਜ ਹੱਸਦਾ, ਖੇਡਦਾ ਤੇ ਨੱਚਦਾ ਪੰਜਾਬ ਦੇਖ ਕੇ ਖੁਸ਼ੀ ਹੋਇਆ ਹੈ।”

ਜਲੰਧਰ, 29 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕਰਨ ਨਾਲ ਵੱਡੇ ਖੇਡ ਮਹਾਂ ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਆਗਾਜ਼ ਸ਼ਾਨਦਾਰ ਤੇ ਜੋਸ਼ੀਲੇ ਢੰਗ ਨਾਲ ਹੋਇਆ।

ਮੁੱਖ ਮੰਤਰੀ ਨੇ ਖੇਡਾਂ ਦਾ ਝੰਡਾ ਲਹਿਰਾਉਣ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣ ਵਾਲੀਆਂ ਟੁਕੜੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ।

ਲਗਭਗ ਦੋ ਮਹੀਨੇ ਚੱਲਣ ਵਾਲੇ ਇਸ ਸ਼ਾਨਦਾਰ ਖੇਡ ਮੇਲੇ ਦੇ ਉਦਘਾਟਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਡ ਕੁੰਭ ਵਿੱਚ ਵੱਖ-ਵੱਖ ਉਮਰ ਵਰਗਾਂ ਦੇ 4 ਲੱਖ ਤੋਂ ਵੱਧ ਖਿਡਾਰੀ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ 28 ਖੇਡਾਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਜੇਤੂਆਂ ਨੂੰ 6 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ ਅਤੇ ਇਹ ਖੇਡ ਮੇਲੇ ਹੁਣ ਹਰੇਕ ਸਾਲ ਹੋਇਆ ਕਰੇਗਾ।

ਮੁੱਖ ਮੰਤਰੀ ਨੇ ਕਿਹਾ, “ਮੈਨੂੰ ਅੱਜ ਹੱਸਦਾ, ਖੇਡਦਾ ਤੇ ਨੱਚਦਾ ਪੰਜਾਬ ਦੇਖ ਕੇ ਖੁਸ਼ੀ ਹੋਇਆ ਹੈ।”

ਇਸ ਮੌਕੇ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਿਜਾਣ ਲਈ ਸੂਬਾ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਇਸ ਪਾਸੇ ਵੱਲ ਇੱਕ ਸਹੀ ਕਦਮ ਹੈ ਕਿਉਂਕਿ ਇਹ ਖੇਡਾਂ ਖਿਡਾਰੀਆਂ ਨੂੰ ਉਨ੍ਹਾਂ ਦੇ ਲੁਕਵੀਂ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰੇਗਾ ਜੋ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਫਾਇਦੇਮੰਦ ਹੋਵੇਗਾ।

ਇਨ੍ਹਾਂ ਖੇਡਾਂ ਦੀ ਰੂਪ ਰੇਖਾ ਉਲੀਕਣ ਅਤੇ ਇਸ ਨੂੰ ਅਮਲੀਜਾਮਾ ਪਹਿਨਾਉਣ ਲਈ ਖੇਡ ਮੰਤਰੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰਮੀਤ ਸਿੰਘ ਮੀਤ ਹੇਅਰ ਇਹ ਸਾਰੇ ਪ੍ਰਬੰਧ ਕਰਨ ਲਈ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਇਹ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਇਹ ਖੇਡਾਂ ਪੰਜਾਬ ਦੇ ਕੋਨੇ-ਕੋਨੇ ਵਿੱਚ ਕਰਵਾਈਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਇਨ੍ਹਾਂ ਖੇਡਾਂ ਨੂੰ ਨਿਰੰਤਰ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਆਪਣੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੱਧ ਤੋਂ ਵੱਧ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਵੱਧ ਤੋਂ ਵੱਧ ਸਿੱਖਿਅਤ ਖਿਡਾਰੀ ਪੈਦਾ ਕਰਨ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਪੰਜਾਬੀ ਖਿਡਾਰੀਆਂ ਨੂੰ ਸ਼ਾਮਲ ਕਰਨ ਲਈ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਖਿਡਾਰੀਆਂ ਨੂੰ ਭਾਰਤ ਲਈ ਓਲੰਪਿਕ ਮੈਡਲ ਜਿੱਤਣ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਹ ਖੇਡਾਂ ਕਰਵਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਖੇਡ ਜਗਤ ਵਿਚ ਨਵੀਂ ਸਵੇਰ ਲੈ ਕੇ ਆਵੇਗਾ। ਉਨ੍ਹਾਂ ਨੇ ਪੰਜਾਬ ਦੇ ਮਹਾਨ ਖਿਡਾਰੀਆਂ ਬਲਬੀਰ ਸਿੰਘ ਸੀਨੀਅਰ, ਪਰਦੁੱਮਣ ਸਿੰਘ, ਓਲੰਪੀਅਨ ਸੁਰਜੀਤ ਸਿੰਘ ਨੂੰ ਚੇਤੇ ਕਰਦਿਆਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਪੰਜਾਬ ਦਾ ਨਾਮ ਦੁਨੀਆਂ ਭਰ ਵਿਚ ਰੌਸ਼ਨ ਕੀਤਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਖੇਡ ਮੇਲਾ ਉਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਮੈਡਲ ਜਿੱਤਣ ਦੇ ਸੁਪਨੇ ਸਾਕਾਰ ਕਰਨ ਦੀ ਦਿਸ਼ਾ ਵਿਚ ਉਸਾਰੂ ਮੰਚ ਸਾਬਤ ਹੋਵੇਗਾ।

ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਉੱਘੀਆਂ ਪੰਜਾਬੀ ਗਾਇਕਾਂ ਨੂਰਾਂ ਭੈਣਾਂ, ਪ੍ਰਸਿੱਧ ਗਾਇਕ ਅੰਮ੍ਰਿਤ ਮਾਨ ਅਤੇ ਰਣਜੀਤ ਬਾਵਾ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਬੱਚਿਆਂ ਨੇ ਸਕੇਟਿੰਗ ਅਤੇ ਜਿਮਨਾਸਟਿਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।

ਇਸ ਤੋਂ ਪਹਿਲਾਂ, ਓਲੰਪੀਅਨ ਬਲਜੀਤ ਢਿੱਲੋਂ ਤੇ ਮਨਜੀਤ ਕੌਰ ਖੇਡਾਂ ਦਾ ਬੈਟਨ ਲੈ ਕੇ ਖੇਡ ਮੈਦਾਨ ਵਿਚ ਦਾਖਲ ਹੋਏ, ਇਸ ਤੋਂ ਬਾਅਦ ਵਾਰੋ-ਵਾਰੀ ਸੁਮਨ ਸ਼ਰਮਾ, ਰਜਿੰਦਰ ਰਹੇਲੂ, ਵਿਕਾਸ ਠਾਕੁਰ, ਸੁਖਪਾਲ ਪਾਲੀ, ਦਮਨੀਤ ਸਿੰਘ, ਹਰਪ੍ਰੀਤ ਹੈਪੀ, ਗੁਰਪ੍ਰੀਤ ਸਿੰਘ, ਸਵਰਨ ਸਿੰਘ ਵਿਰਕ, ਸਿਮਰਨਜੀਤ ਚਕਰ ਮਸ਼ਾਲ ਲੈ ਦੌੜੇ ਅਤੇ ਅਖੀਰ ਵਿਚ ਓਲੰਪੀਅਨ ਗੁਰਜੀਤ ਕੌਰ ਨੇ ਖੇਡਾਂ ਦੀ ਮਸ਼ਾਲ ਜਗਾਈ।

ਇਸ ਮੌਕੇ ਨਵਨੀਤ ਕੌਰ ਨੇ ਸਮੁੱਚੇ ਖਿਡਾਰੀਆਂ ਵੱਲੋਂ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ। ਇਸ ਮੌਕੇ 23 ਜਿਲ੍ਹਿਆਂ ਦੇ ਮਾਰਚ ਪਾਸਟ ਦੀ ਅਗਵਾਈ ਕੰਵਰ ਅਜੇ ਸਿੰਘ ਰਾਣਾ ਨੇ ਕੀਤੀ।

ਇਸ ਮੌਕੇ ‘ਤੇ ਰਵਾਇਤੀ ਨਾਚ ‘ਗਿੱਧਾ’ ਅਤੇ ‘ਭੰਗੜਾ’ ਦੇ ਨਾਲ-ਨਾਲ ਖੇਡਾਂ ਨੂੰ ਦਰਸਾਉਂਦੀ ਪ੍ਰਭਾਵਸ਼ਾਲੀ ਵੀਡੀਓ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਉਨ੍ਹਾਂ ਨੂੰ ਪੱਬ ਚੱਕਣ ਲਈ ਮਜਬੂਰ ਕਰ ਦਿੱਤਾ। ਇਸੇ ਤਰ੍ਹਾਂ ਸਟੇਡੀਅਮ ਵਿੱਚ ਹੋਏ ਉਦਘਾਟਨੀ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕਰਦਿਆਂ ਤਾੜੀਆਂ ਦੀ ਗੜਗੜਾਹਟ ਨਾਲ ਹੌਂਸਲਾ ਵਧਾਇਆ। ਇਸ ਮੌਕੇ ਹੋਈ ਆਤਿਸ਼ਬਾਜ਼ੀ ਦਾ ਵੀ ਹਾਜ਼ਰ ਲੋਕਾਂ ਨੇ ਆਨੰਦ ਮਾਣਿਆ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!