ਪੰਜਾਬ

ਮੁੱਖ ਮੰਤਰੀ ਨੇ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ ਦੁਹਰਾਈ

ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਠਿੰਡਾ ਵਿੱਚ ਪਾਇਲਟ ਪ੍ਰੋਜੈਕਟ ਜਲਦੀ ਸ਼ੁਰੂ ਕੀਤਾ ਜਾਵੇਗਾ


ਜ਼ਿਲ੍ਹੇ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ

ਬਠਿੰਡਾ, 7 ਅਕਤੂਬਰ-


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਅੱਜ ਇੱਥੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਦਿੱਤਾ ਜਾ ਸਕੇ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲਵੇ ਦੇ ਧੁਰੇ ਵਜੋਂ ਜਾਣੇ ਜਾਂਦੇ ਇਸ ਜ਼ਿਲ੍ਹੇ ਨੂੰ ਆਉਣ ਵਾਲੇ ਮਹੀਨਿਆਂ ਵਿੱਚ ਮੁਕੰਮਲ ਰੂਪ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਜ਼ਿਲ੍ਹੇ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਇਹ ਲੋਕਾਂ ਲਈ ਵੱਡੀ ਰਾਹਤ ਹੋਵੇਗੀ ਕਿਉਂਕਿ ਇਸ ਨਾਲ ਕੀਮਤੀ ਮਨੁੱਖੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ।  ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ  ਸੜਕ ਹਾਦਸੇ ਵਾਪਰਦੇ ਹਨ ਜਿਸ ਨਾਲ ਲੋਕਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਲਗਭਗ 1000 ਏਕੜ ਜ਼ਮੀਨ ਜਿੱਥੇ ਖਾਲੀ ਥਾਂ ਉੱਤੇ ਸੁਆਹ ਡੰਪ ਕੀਤੀ ਗਈ ਸੀ, ਨੂੰ ਇਲਾਕੇ ਦੇ ਲੋਕਾਂ ਦੇ ਹਿੱਤ ਵਿੱਚ ਵਰਤਣ ਦੀ ਲੋੜ ਹੈ।  ਭਗਵੰਤ ਮਾਨ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਉਦਯੋਗ ਵਿਭਾਗਾਂ ਨੂੰ ਕਿਹਾ ਕਿ ਉਹ ਸਾਂਝੇ ਤੌਰ ‘ਤੇ ਵਿਆਪਕ ਜਨਤਕ ਹਿੱਤਾਂ ਵਿੱਚ ਇਸ ਜ਼ਮੀਨ ਦੀ ਸੁਚੱਜੀ ਵਰਤੋਂ ਕਰਨ ਲਈ ਇੱਕ ਵਿਸਥਾਰਤ ਪ੍ਰਸਤਾਵ ਤਿਆਰ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਜ਼ਮੀਨ ਸੂਬੇ ਦੀ ਸੰਪਤੀ ਹੈ ਅਤੇ ਇਸ ਦੀ ਵਰਤੋਂ ਅਜਿਹੇ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ ਕਿ ਇਹ ਸੂਬੇ ਅਤੇ ਖਾਸ ਤੌਰ ‘ਤੇ ਬਠਿੰਡਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਵੱਲੋਂ ਤਿਆਰ ਕੀਤੇ ਜਾਣ ਵਾਲੀ ਰੂਪ ਰੇਖਾ ਵਿੱਚ ਇਸ ਜ਼ਮੀਨ ਦੀ ਸੁਚੱਜੀ ਵਰਤੋਂ ਦੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।  ਭਗਵੰਤ ਮਾਨ ਨੇ ਕਿਹਾ ਕਿ ਬਠਿੰਡਾ, ਸੂਬੇ ਦਾ ਇੱਕ ਪ੍ਰਮੁੱਖ ਸ਼ਹਿਰ ਹੈ ਅਤੇ ਇਹ ਜ਼ਮੀਨ ਇੱਕ ਪਾਸੇ ਸ਼ਹਿਰ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਦੂਜੇ ਪਾਸੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਬਹੁਤ ਕਾਰਗਰ ਸਾਬਤ ਹੋ ਸਕਦੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!