ਕੈਪਟਨ ਦੀ ਸ਼ਹਿ ‘ਤੇ ਕਾਂਗਰਸੀ ਮੰਤਰੀ ਅਤੇ ਆਗੂ ਕਰ ਰਹੇ ਹਨ ਲੋਕਤੰਤਰ ਦੀ ਹੱਤਿਆ-ਭਗਵੰਤ ਮਾਨ
ਪੰਜਾਬ ਦੇ ਲੋਕਾਂ ਨਾਲ ਕੀਤੇ ਝੂਠੇ ਵਾਅਦੇ ਪੂਰੇ ਨਾ ਹੋਣ ਕਾਰਨ ਕਾਂਗਰਸੀਆਂ ਨੂੰ ਸਤਾ ਰਿਹਾ ਹੈ ਹਾਰ ਦਾ ਡਰ
-ਸੂਬੇ ਦੇ ਲੋਕ ਕਾਂਗਰਸੀਆਂ ਦੀ ਗੁੰਡਾਗਰਦੀ ਦਾ ਦੇਣਗੇ ਮੂੰਹ ਤੋੜ ਜਵਾਬ
-ਆਮ ਆਦਮੀ ਪਾਰਟੀ ਸਾਰੇ ਵਰਕਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ
ਚੰਡੀਗਡ੍ਹ, 2 ਫ਼ਰਵਰੀ
ਸੂਬੇ ਭਰ ਵਿਚ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਦੁਆਰਾ ਲੋਕਤਾਂਤਰਿਕ ਕਦਰਾਂ ਕੀਮਤਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਸਥਾਨਕ ਚੋਣਾਂ ਦੀ ਨਾਮਜਦਗੀ ਪ੍ਰਕਿਰਿਆ ਦੇ ਦੌਰਾਨ ਹਿੰਸਾ ਦੀਆਂ ਕਾਰਵਾਈਆਂ ਕਰਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਰਚੇ ਭਰਨ ਤੋਂ ਰੋਕਣ ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਦੌਰਾਨ ਲੋਕਤੰਤਰਿਕ ਕਦਰਾਂ ਕੀਮਤਾਂ ਦੀ ਗੱਲ ਕਰਨ ਅਤੇ ਧੱਕੇਸ਼ਾਹੀ ਖ਼ਿਲਾਫ਼ ਰੌਲਾ ਪਾਉਣ ਵਾਲੇ ਕਾਂਗਰਸੀ ਹੁਣ ਖੁਦ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚਲਦੇ ਹੋਏ ਚੋਣਾਂ ਨੂੰ ਲੁੱਟਣ ‘ਤੇ ਉਤਾਰੂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸ਼ਹਿਰੀ ਚੋਣਾਂ ਦੇ ਨਾਮਜ਼ਦਗੀਆਂ ਦੀ ਪ੍ਰਕਿਰਿਆ ਦੇ ਦੌਰਾਨ ਪੰਜਾਬ ਵਿੱਚ ਥਾਂ-ਥਾਂ ‘ਤੇ ਹਿੰਸਾ ਦੀਆਂ ਘਟਨਾਵਾਂ ਹੋਈਆਂ ਹਨ ਅਤੇ ਕਾਂਗਰਸੀ ਵਰਕਰਾਂ ਨੇ ਆਮ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਰਚੇ ਭਰਨ ਤੋਂ ਵੀ ਰੋਕਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਫਿਰੋਜਪੁਰ ਅਤੇ ਗੁਰੂ ਹਰਸਹਾਏ ਵਿੱਚ ਪਹੁੰਚ ਕੇ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਆਵਾਜ਼ ਵੀ ਬੁਲੰਦ ਕੀਤੀ ਹੈ। ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗੁਰੂਹਰਸਹਾਏ ਵਿਚ ਕਾਂਗਰਸੀ ਮੰਤਰੀ ਰਾਣਾ ਸੋਢੀ ਦੇ ਗੁੰਡਿਆਂ ਵੱਲੋਂ ਕੀਤੇ ਜਾ ਰਹੇ ਧੱਕੇ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਦੋਂ ਕਿ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜਪੁਰ ਵਿੱਚ ‘ਆਪ’ ਵਰਕਰਾਂ ਦੇ ਧੱਕੇ ਦਾ ਮੁੱਦਾ ਚੁੱਕਿਆ।
ਮਾਨ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਦੇ ਆਗੂਆਂ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਝੂਠੇ ਵਾਅਦੇ ਕੀਤੇ ਸਨ ਅਤੇ ਹੁਣ ਉਨ੍ਹਾਂ ਨੂੰ ਪੂਰਾ ਨਾ ਕਰ ਪਾਉਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਹਾਰ ਦਾ ਡਰ ਸਤਾ ਰਿਹਾ ਹੈ। ਜਿਸ ਕਾਰਨ ਉਹ ਅਲੋਕਤੰਤਰਿਕ ਹੱਥਕੰਡੇ ਅਪਣਾ ਕੇ ਇਨ੍ਹਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਬਣਾਏ ਸੰਵਿਧਾਨ ਦੀਆਂ ਧੱਜੀਆਂ ਉਡਾ ਕੇ ਘਿਨੌਣਾ ਕਾਰਜ ਕੀਤਾ ਹੈ। ਜਿਸ ਕਾਰਨ ਸੂਬੇ ਦੇ ਲੋਕ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲੀਸ ਪਹਿਲਾਂ ਅਕਾਲੀਆਂ ਦੇ ਹੱਥ ਠੋਕੇ ਵਾਂਗ ਕੰਮ ਕਰਦੀ ਰਹੀ ਅਤੇ ਹੁਣ ਕਾਂਗਰਸ ਆਗੂਆਂ ਦੇ ਇਸ਼ਾਰਿਆਂ ਤੇ ਕਾਰਜ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ।
ਮਾਨ ਨੇ ਕਿਹਾ ਕਿ ਸੂਬੇ ਦੀ ਕਾਨੂੰਨ ਅਤੇ ਨਿਆਂ ਵਿਵਸਥਾ ਸੰਪੂਰਨ ਤੌਰ ‘ਤੇ ਤਬਾਹ ਹੋ ਚੁੱਕੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਅੱਜ ਵੀ ਆਪਣੇ ਫਾਰਮ ਹਾਊਸ ਵਿੱਚ ਬੈਠ ਕੇ ਲੋਕਤੰਤਰ ਦਾ ਕਤਲ ਹੁੰਦੇ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਦੀ ਗੁੰਡਾਗਰਦੀ ਦਾ ਪੰਜਾਬ ਦੇ ਲੋਕ ਚੋਣਾਂ ਵਿੱਚ ਮੂੰਹ ਤੋੜ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਵਰਕਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇਗੀ। ਇਸੇ ਮੰਤਵ ਨਾਲ ਕੱਲ੍ਹ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਹਿੰਸਾ ਵਾਲੀਆਂ ਥਾਵਾਂ ਦਾ ਦੌਰਾ ਕਰਨਗੇ।