ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ
ਦੋਆਬਾ ਖਿੱਤੇ ਤੋਂ ਹੋਰ ਰਾਜਾਂ ਵਾਸਤੇ ਕੁਨੈਕਟਿੰਗ ਉਡਾਣਾਂ ਸ਼ੁਰੂ ਹੋਣਗੀਆਂ
ਮੁੱਖ ਮੰਤਰੀ ਨੇ ਸਿਵਲ ਏਵੀਏਸ਼ਨ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ
ਆਦਮਪੁਰ, ਹਲਵਾਰਾ, ਬਠਿੰਡਾ ਤੇ ਪਠਾਨਕੋਟ ਹਵਾਈ ਅੱਡਿਆਂ ਦੇ ਚੱਲ ਰਹੇ ਕੰਮ ਦੀ ਕੀਤੀ ਸਮੀਖਿਆ
ਹਲਵਾਰਾ ਵਿੱਚ ਅਤਿ-ਆਧੁਨਿਕ ਘਰੇਲੂ ਹਵਾਈ ਟਰਮੀਨਲ ਦਾ ਨਿਰਮਾਣ ਛੇਤੀ ਹੋਵੇਗਾ ਮੁਕੰਮਲ
ਚੰਡੀਗੜ੍ਹ, 28 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਸਾਰੇ ਅੜਿੱਕੇ ਦੂਰ ਹੋ ਗਏ ਹਨ ਅਤੇ ਦੇਸ਼ ਦੇ ਹੋਰ ਸੂਬਿਆਂ ਲਈ ਦੋਆਬਾ ਖ਼ੇਤਰ ਦੇ ਇਸ ਗੜ੍ਹ ਤੋਂ ਜਲਦੀ ਉਡਾਣਾਂ ਸ਼ੁਰੂ ਹੋਣਗੀਆਂ।
ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਸਿਵਲ ਏਵੀਏਸ਼ਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀ ਭਰਾਵਾਂ ਨੂੰ ਆਪਣੀ ਧਰਤੀ ਤੇ ਆਪਣੇ ਘਰਾਂ ਨਾਲ ਜੁੜੇ ਰਹਿਣ ਵਿੱਚ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀਆਂ ਤੇ ਸਮਾਜ ਦੇ ਹੋਰ ਵਰਗਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਤਾਂ ਬੱਚਤ ਹੋਵੇਗੀ, ਸਗੋਂ ਇਸ ਨਾਲ ਇਸ ਖ਼ਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਹਵਾਈ ਅੱਡਾ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਬਹਾਲ ਕਰਨ ਦੇ ਸਫ਼ਰ ਵਿੱਚ ਇਕ ਮੀਲ ਦਾ ਪੱਥਰ ਸਾਬਤ ਹੋਵੇਗਾ।
ਇਕ ਹੋਰ ਏਜੰਡੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਲਵਾਰਾ ਵਿੱਚ ਸਿਵਲ ਏਅਰ ਟਰਮੀਨਲ ਦੇ ਚੱਲ ਰਹੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਅਤਿ-ਆਧੁਨਿਕ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਛੇਤੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਇਸ ਪ੍ਰਾਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੀ ਲੋੜ ਹੈ। ਆਦਮਪੁਰ, ਹਲਵਾਰਾ, ਬਠਿੰਡਾ ਤੇ ਪਠਾਨਕੋਟ ਹਵਾਈ ਅੱਡਿਆਂ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਵਾਈ ਅੱਡਿਆਂ ਦੀ ਸ਼ੁਰੂਆਤ ਨਾਲ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਭਰ ਲਈ ਸਿੱਧੀ ਏਅਰ ਕੁਨੈਕਟੀਵਿਟੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਅਤਕਾਰਾਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਸਹੂਲਤ ਦੇਣ ਲਈ ਆਦਮਪੁਰ, ਹਲਵਾਰਾ ਅਤੇ ਭਿਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਦੀ ਸ਼ੁਰੂਆਤ ਲਈ ਵਿਆਪਕ ਪੱਧਰ ਉਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਇਨ੍ਹਾਂ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਲਈ ਆਖਿਆ।